ਸੂਬਾ ਜਨਰਲ ਸਕੱਤਰ ਰਸੂਲਪੁਰ,ਜ਼ਿਲ੍ਹਾ ਪ੍ਰਧਾਨ ਮਾਣੂੰਕੇ ਦੀ ਗ੍ਰਿਫ਼ਤਾਰੀ ਦੀ ਨਿੰਦਾ
ਯੂਨੀਅਨ ਨੇ ਬੁਲਾਈ ਸੂਬਾ ਕਮੇਟੀ ਦੀ ਮੀਟਿੰਗ
ਜਗਰਾਓਂ (ਸਮਾਜ ਵੀਕਲੀ) (ਹਰਜਿੰਦਰ ਸਿੰਘ ਚੰਦੀ)-ਜਗਰਾਉਂ ਨੇੜਲੇ ਪਿੰਡ ਪੋਨਾ ਵਿਖੇ ਮਗਨਰੇਗਾ ਕਾਨੂੰਨ ਖ਼ਤਮ ਕਰਕੇ ਨਵੇਂ ਬਣੇ ਕਨੂੰਨ ਦੀਆਂ ਵਿਸ਼ੇਸ਼ਤਾਵਾਂ ਦੱਸਣ ਪੁੱਜੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਆਮਦ ਮੌਕੇ ਜਾਖੜ ਨੂੰ ਪੇਂਡੂ ਮਜ਼ਦੂਰਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਮਗਨਰੇਗਾ ਕਾਨੂੰਨ ਖ਼ਤਮ ਕਰਨ ਦਾ ਵਿਰੋਧ ਕਰਨ ਵਾਲੇ ਪੇਂਡੂ ਮਜ਼ਦੂਰਾਂ ਦੀ ਅਗਵਾਈ ਕਰ ਰਹੇ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ, ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮਾਣੂੰਕੇ ਅਤੇ ਮਦਨ ਲਾਲ ਨੂੰ ਥਾਣਾ ਸਦਰ ਜਗਰਾਉਂ ਪੁਲਿਸ ਵਲੋਂ ਹਿਰਾਸਤ ਵਿੱਚ ਲੈਣ ਅਤੇ ਪੇਂਡੂ ਮਜ਼ਦੂਰਾਂ ਨਾਲ ਧੱਕਾਮੁੱਕੀ ਕਰਨ ਦੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਗ੍ਰਿਫ਼ਤਾਰ ਯੂਨੀਅਨ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਵਲੋਂ ਇਸ ਗ੍ਰਿਫ਼ਤਾਰੀ ਦਾ ਗੰਭੀਰ ਨੋਟਿਸ ਲੈਂਦੇ ਹੋਏ ਕੇਂਦਰ ਸਰਕਾਰ ਵਲੋਂ ਮਗਨਰੇਗਾ ਕਾਨੂੰਨ ਖ਼ਤਮ ਕਰਕੇ ਪਾਸ ਕੀਤੇ ਮਜ਼ਦੂਰ ਵਿਰੋਧੀ ਕਾਨੂੰਨ ਨੂੰ ਰੱਦ ਕਰਵਾਉਣ ਆਦਿ ਲਈ ਸੰਘਰਸ਼ ਦੀ ਰੂਪਰੇਖਾ ਉਲੀਕਣ ਲਈ 11 ਜਨਵਰੀ ਨੂੰ ਸੂਬਾ ਕਮੇਟੀ ਦੀ ਮੀਟਿੰਗ ਬੁਲਾਈ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਅਤੇ ਯੂਨੀਅਨ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਕਿਹਾ ਕਿਇੱਕ ਪਾਸੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਮਗਨਰੇਗਾ ਕਾਨੂੰਨ ਖ਼ਤਮ ਕਰਨ ਦਾ ਭਗਵੰਤ ਮਾਨ ਸਰਕਾਰ ਵਿਰੋਧ ਕਰਨ ਲਈ ਮੱਗਰਮੱਛ ਦੇ ਹੰਝੂ ਵਹਾਉਣ ਦਾ ਖੇਖਣ ਜ਼ਰੂਰ ਕਰ ਰਹੀ ਹੈ ਅਤੇ ਕੇਂਦਰ ਵਲੋਂ ਲਿਆਂਦੇ ਮਜ਼ਦੂਰ ਵਿਰੋਧੀ,ਲੋਕ ਵਿਰੋਧੀ ਬਿਜਲੀ ਸੋਧ ਬਿੱਲ,ਚਾਰ ਕਿਰਤ ਕੋਡ ਅਤੇ ਮਗਨਰੇਗਾ ਕਾਨੂੰਨ ਦੀ ਬਹਾਲੀ ਲਈ ਸੰਘਰਸ਼ ਕਰ ਰਹੇ ਪੇਂਡੂ ਮਜ਼ਦੂਰ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਦੂਜੇ ਪਾਸੇ ਬੀ ਟੀਮ ਵਜੋਂ ਆਪਣੀ ਸਾਂਝ ਦਾ ਧਰਮ ਵੀ ਨਿਭਾਅ ਰਹੀ ਹੈ। ਇਸ ਕੜੀ ਵਜੋਂ ਹੀ ਮਗਨਰੇਗਾ ਕਾਨੂੰਨ ਨੂੰ ਖ਼ਤਮ ਕਰਕੇ ਮਜ਼ਦੂਰ ਵਿਰੋਧੀ ਵਿਕਸਤ ਭਾਰਤ ਜੀ ਰਾਮ ਜੀ ਕਾਨੂੰਨ ਦੇ ਸੋਹਲੇ ਗਾਉਣ ਆਏ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਵਿਰੋਧ ਕਰਨ ਵਾਲੇ ਦਲਿਤ ਪੇਂਡੂ ਮਜ਼ਦੂਰਾਂ ਨਾਲ ਸੂਬਾ ਸਰਕਾਰ ਦੇ ਇਸ਼ਾਰੇ ਉੱਤੇ ਜਗਰਾਉਂ ਪੁਲਿਸ ਨੇ ਧੱਕਾਮੁੱਕੀ ਕੀਤੀ ਅਤੇ ਮਜ਼ਦੂਰਾਂ ਦੀ ਅਗਵਾਈ ਕਰ ਰਹੇ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ, ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮਾਣੂੰਕੇ ਅਤੇ ਮਦਨ ਲਾਲ ਨੂੰ ਹਿਰਾਸਤ ਵਿੱਚ ਲੈ ਕੇ ਥਾਣਾ ਸਦਰ ਜਗਰਾਉਂ ਦੀ ਚੌਂਕੀ ਗਾਲਿਬ ਵਿਖੇ ਬੰਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਕੰਮ ਨੇ ਸਾਬਿਤ ਕਰ ਦਿੱਤਾ ਹੈ ਕਿ ਭਗਵੰਤ ਮਾਨ ਸਰਕਾਰ ਭਾਜਪਾ ਦੀ ਬੀ ਟੀਮ ਹੈ।ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੇ ਫੀਲੇ ਪੰਜਾਬ ਭਾਜਪਾ ਆਗੂ ਲੋਕ ਵਿਰੋਧੀ ਤਿੰਨ ਖ਼ੇਤੀ ਕਾਨੂੰਨਾਂ ਅਨੁਸਾਰ ਹੀ ਮਗਨਰੇਗਾ ਕਾਨੂੰਨ ਖ਼ਤਮ ਕਰਕੇ ਮਜ਼ਦੂਰ ਵਿਰੋਧੀ ਵਿਕਸਤ ਭਾਰਤ ਗਾਰੰਟੀ ਫਾਰ ਰੁਜ਼ਗਾਰ ਆਜੀਵਿਕਾ ਫਾਰ ਗ੍ਰਾਮੀਣ ਮਿਸ਼ਨ ਦੇ ਸੋਹਲੇ ਗਾਵਣ ਲਈ ਤੁਰ ਪਏ ਹਨ। ਸਰਕਾਰਾਂ ਦੀਆਂ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਤੇ ਜਗੀਰਦਾਰਾਂ ਪੱਖੀ ਨਿੱਜੀਕਰਨ, ਉਦਾਰੀਕਰਨ ਦੀਆਂ ਨੀਤੀਆਂ ਕਾਰਨ ਪਹਿਲਾਂ ਹੀ ਬੇਰੁਜ਼ਗਾਰੀ,ਅਰਧ ਬੇਰੁਜ਼ਗਾਰੀ, ਮਹਿੰਗਾਈ ਦਾ ਸੰਤਾਪ ਹੰਢਾ ਰਹੇ ਮਜ਼ਦੂਰ ਗੁੱਸੇ ਨਾਲ ਭਰੇ ਪੀਤੇ ਸਨ ਅਤੇ ਕੇਂਦਰ ਨੇ ਮਗਨਰੇਗਾ ਕਾਨੂੰਨ ਖ਼ਤਮ ਕਰਨ ਪਾਸ ਕੀਤੇ ਮਜ਼ਦੂਰ ਵਿਰੋਧੀ ਕਾਨੂੰਨ ਨੇ ਬਲ਼ਦੀ ਉੱਪਰ ਤੇਲ ਪਾਉਣ ਦਾ ਕੰਮ ਕਰ ਦਿੱਤਾ ਹੈ।ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਮਜ਼ਦੂਰ ਵਿਰੋਧੀ ਕਾਨੂੰਨ ਵਾਪਿਸ ਲੈ ਕੇ ਮਗਨਰੇਗਾ ਕਾਨੂੰਨ ਬਹਾਲ ਨਾ ਕੀਤਾ ਤਾਂ ਕੇਂਦਰ ਸਰਕਾਰ ਤੇ ਪੰਜਾਬ ਭਾਜਪਾ ਆਗੂਆਂ ਨੂੰ ਮਜ਼ਦੂਰਾਂ ਦੇ ਤਿੱਖੇ ਰੋਹ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਕੇਂਦਰੀ ਭਾਜਪਾ ਸਰਕਾਰ ਨਾਲ ਲਾਈਆਂ ਯਾਰੀਆਂ ਬੰਦ ਕਰਨ ਦੀ ਸਲਾਹ ਵੀ ਦਿੱਤੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



