ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ

ਰਾਤ ਸਮੇਂ ਠੀਕਰੀ ਪਹਿਰਾ ਲਾਉਣ ਦੇ ਹੁਕਮ, ਚੋਆਂ, ਬੰਨਾਂ ਅਤੇ ਦਰਿਆ ਦੇ ਕੰਢੇ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਪਾਬੰਦੀ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤਹਿਤ ਉਨ੍ਹਾਂ ਪਿੰਡਾਂ ਦੇ ਪ੍ਰਬੰਧਕਾਂ ਨੂੰ ਪਿੰਡਾਂ ਵਿੱਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਰਾਤ ਸਮੇਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪਿੰਡਾਂ ਵਿਚ ਰਾਤ ਸਮੇਂ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤਾ ਗਿਆ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ  ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਨ੍ਹ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਵਿਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ।  ਇਸੇ ਤਰ੍ਹਾਂ ਜ਼ਿਲੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚੁਰਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਿਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਇਸੇ ਤਰ੍ਹਾਂ ਆਰਮਡ ਫੋਰਸਿਸ/ਪੰਜਾਬ ਪੁਲਿਸ/ਬੀ.ਐਸ.ਐਫ ਅਤੇ ਮਿਲਟਰੀ ਰੰਗ ਦੀ ਵਰਦੀ ਦੀ ਵਰਤੋਂ ਅਣ-ਅਧਿਕਾਰਤ (ਬਾਲਗ ਵਿਅਕਤੀ) ਵੱਲੋਂ ਨਹੀਂ ਕੀਤੀ ਜਾਵੇਗੀ ਅਤੇ ਇਨ੍ਹਾਂ ਵਰਦੀਆਂ ਨੂੰ ਅਣ-ਅਧਿਕਾਰਤ ਵਿਅਕਤੀਆਂ ਨੂੰ ਵੇਚਣ ਅਤੇ ਖਰੀਦ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਆਰਮਡ ਫੋਰਸਿਸ/ਪੰਜਾਬ ਪੁਲਿਸ/ਬੀ.ਐਸ.ਐਫ/ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀ. ਹੋਵੇਗਾ।
ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਉਪਰੋਕਤ ਸਾਰੇ ਹੁਕਮ 8 ਜਨਵਰੀ 2025 ਤੱਕ ਲਾਗੂ ਰਹਿਣਗੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੱਖੇਵਾਲ ਵਿਖੇ 35 ਵਾਂ ਸਲਾਨਾ ਛਿੰਝ ਮੇਲਾ ਢਾਂਗੂ ਵਾਲੇ ਮਹਾਰਾਜ ਜੀ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ
Next articleਜ਼ਿਲਾ ਟੀਕਾਕਰਨ ਅਫ਼ਸਰ ਡਾ ਸੀਮਾ ਗਰਗ ਵਲੋਂ ਸੁਪੋਰਟਿਵ ਸੁਪਰਵਿਜਨ,10 ਸਾਲ ਅਤੇ 16 ਸਾਲ ਦੇ ਬੱਚਿਆਂ ਨੂੰ ਟੀ ਡੀ ਦਾ ਟੀਕਾ ਲਗਵਾਉਣਾ ਜਰੂਰੀ – ਡਾ ਸੀਮਾ ਗਰਗ