ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਦੇ ਸਹਾਇਕ ਡਾਇਰੈਕਟਰ ਰਵੀਪਾਲ ਦਾਰਾ ਦੀ ਅਗਵਾਈ ਹੇਠ ਯੁਵਕ ਸੇਵਾਵਾਂ ਕਲੱਬ ਵਿਜੇ ਨਗਰ ਦੇ ਸਹਿਯੋਗ ਨਾਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਈ ਗਈ। ਜਿਸ ਵਿੱਚ ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਐਨ.ਐਸ.ਐਸ. ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਵਿਜੇ ਕੁਮਾਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ ਅਤੇ ਇਸ ਮੌਕੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਜੀਵਨ ਵਿੱਚ ਕਦੇ ਵੀ ਨਸ਼ਿਆਂ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਸ਼੍ਰੀ ਰਵੀਪਾਲ ਦਾਰਾ ਜੀ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਸਾਡੇ ਜੀਵਨ ਨੂੰ ਬਰਬਾਦ ਕਰ ਦਿੰਦੇ ਹਨ ਜੋ ਕਿ ਅਨਮੋਲ ਹੈ ਅਤੇ ਕਈ ਜਨਮਾਂ ਬਾਅਦ ਪ੍ਰਾਪਤ ਹੁੰਦਾ ਹੈ। ਸਾਡੇ ਧਾਰਮਿਕ ਗ੍ਰੰਥ ਵੀ ਇਸ ਗੱਲ ਦੀ ਗਵਾਹੀ ਦਿੰਦੇ ਹਨ। ਇਸ ਲਈ ਨਸ਼ੇ ਦੇ ਆਦੀ ਹੋ ਕੇ ਇਸ ਨੂੰ ਬਰਬਾਦ ਨਹੀਂ ਕਰਨਾ ਚਾਹੀਦਾ। ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਪ੍ਰੋ. ਵਿਜੇ ਕੁਮਾਰ ਨੇ ਅੱਜ ਦੀ ਜ਼ਿੰਦਗੀ ਵਿੱਚ ਇਸ ਦੇ ਮਾੜੇ ਪ੍ਰਭਾਵਾਂ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਨਸ਼ਾ ਕਰਨ ਵਾਲਾ ਵਿਅਕਤੀ ਹੀ ਸਮਾਜ ਦੀ ਨਫ਼ਰਤ ਦਾ ਪਾਤਰ ਨਹੀਂ ਬਣਦਾ ਸਗੋਂ ਉਸ ਦੇ ਪਰਿਵਾਰਕ ਮੈਂਬਰ ਵੀ ਨਸ਼ਿਆਂ ਦੀ ਅੱਗ ਵਿੱਚ ਸੜ ਕੇ ਮਰਨ ਤੋਂ ਪਹਿਲਾਂ ਹੀ ਮਰ ਜਾਂਦੇ ਹਨ। ਨਸ਼ਾ ਸਾਡੇ ਤਨ, ਮਨ ਅਤੇ ਧਨ ਨੂੰ ਬਰਬਾਦ ਕਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਅਜਿਹੇ ਨਸ਼ੇ ਪ੍ਰਚੱਲਤ ਹਨ ਜੋ ਇਲਾਇਚੀ ਆਦਿ ਖੁਸ਼ਬੂਦਾਰ ਪਦਾਰਥਾਂ ਨਾਲ ਸਬੰਧਤ ਹਨ, ਜਿਸ ਨਾਲ ਨਸ਼ਾ ਲੈਣ ਵਾਲੇ ਵਿਅਕਤੀ ਦੇ ਮੂੰਹ ਵਿੱਚੋਂ ਕਿਸੇ ਕਿਸਮ ਦੀ ਬਦਬੂ ਨਹੀਂ ਆਉਂਦੀ। ਅਜਿਹੇ ਨਸ਼ੇੜੀ ਨੂੰ ਖੁਦ ਈਮਾਨਦਾਰ ਹੋਣਾ ਪਵੇਗਾ ਕਿਉਂਕਿ ਅਜਿਹਾ ਵਿਅਕਤੀ ਸਮਾਜ ਨੂੰ ਹੀ ਨਹੀਂ ਸਗੋਂ ਆਪਣੇ ਆਪ ਨੂੰ ਵੀ ਠੱਗਦਾ ਹੈ।
ਇਸ ਮੌਕੇ ਯੂਥ ਕਲੱਬ ਦੇ ਪ੍ਰਧਾਨ ਸ੍ਰੀ ਅਜਮੇਰ ਸਿੰਘ, ਸ੍ਰੀ ਦਲਵਿੰਦਰ ਦਿਆਲ ਪੁਰੀ, ਡਾ: ਨੀਰਜਾ ਸ਼ਰਮਾ ਨੇ ਵੀ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ਤਾਂ ਜੋ ਸਮਾਜ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਸ੍ਰੀ ਰਵੀਪਾਲ ਦਾਰਾ ਜੀ ਨੇ ਇਸ ਸਮਾਗਮ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਜੀ ਆਇਆਂ ਆਖਿਆ। ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਦੇ ਸ੍ਰੀ ਰਵੀ ਸ਼ਰਮਾ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly