ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਈ.ਟੀ.ਆਈ ਗਰਾਊਂਡ ਵਿਖੇ ਲਹਿਰਾਇਆ ਤਿਰੰਗਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਪੇਸ਼ ਕੀਤੇ ਗਏ ਸਭਿਆਚਾਰਕ ਪ੍ਰੋਗਰਾਮ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਖਟਕੜਕਲਾਂ ਵਿਖੇ ਸਿੱਖ ਇੰਪਾਇਅਰ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ

 

ਨਵਾਂਸ਼ਹਿਰ  (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) 
ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੁੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਨੇ ਆਈ.ਟੀ.ਆਈ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ। ਇਸ ਤੋਂ ਪਹਿਲਾਂ ਉਹ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਬਣੀਆਂ ਯਾਦਗਾਰਾਂ ਵਿਖੇ ਨਤਮਸਤਕ ਹੋਣ ਪੁੱਜੇ।
ਇਸ ਮੌਕੇ ‘ਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਮਿਊਜੀਅਮ ਵਿਖੇ ਸਿੱਖ ਇੰਪਾਇਅਰ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਅੰਤਰ-ਰਾਸ਼ਟਰੀ ਕਲਾਕਾਰਾਂ ਅਤੇ ਲੇਖਕਾਂ ਦੇ ਨਜ਼ਰੀਏ ਦੁਆਰਾ ਇਹ ਪ੍ਰਦਰਸ਼ਨੀ ਤਿਆਰ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹ ਪ੍ਰਦਰਸ਼ਨੀ ਜ਼ਰੂਰ ਦੇਖਣ ਅਤੇ ਆਪਣੇ ਇਤਿਹਾਸ ਤੇ ਸ਼ਹੀਦਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ।
ਆਈ.ਟੀ.ਆਈ ਗਰਾਊਂਡ ਵਿਖੇ ਕੌਮੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਇਸ ਮੌਕੇ ਪੰਜਾਬ ਪੁਲਿਸ, ਐਨ.ਸੀ.ਸੀ. ਅਤੇ ਵੱਖ-ਵੱਖ ਸਕੂਲੀ ਬੱਚਿਆਂ ਦੀਆਂ ਟੁੱਕੜੀਆਂ ਵੱਲੋਂ ਮਾਰਚ ਪਾਸਟ ਕੱਢਿਆ ਗਿਆ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਂਕੀਆਂ ਵੀ ਕੱਢੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ.ਐਸ.ਪੀ ਡਾ ਮਹਿਤਾਬ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬੀਆਂ ਦੇ ਲਾ-ਮਿਸਾਲ ਯੋਗਦਾਨ ਅਤੇ ਸਭ ਤੋਂ ਵੱਧ ਕੀਤੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਕਰਕੇ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਿਲ ਜੁਲ ਕੇ ਦੇਸ਼ ਦੀ ਉਨਤੀ ਵਿੱਚ ਸਾਥ ਦੇਣਾ ਚਾਹੀਦਾ ਹੈ ਅਤੇ ਸ਼ਹੀਦਾਂ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਵੀ ਹਮੇਸ਼ਾ ਯਾਦ ਰੱਖਣ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਸਰਕਾਰ ਵੱਲੋਂ ਹਾਸਲ ਕੀਤੀਆਂ ਗਈਆਂ ਉਪਲਬੱਧੀਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਹਰ ਖੇਤਰ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਬਿਜਲੀ, ਖੇਤੀਬਾੜੀ, ਸਿੱਖਿਆ, ਲਾਅ ਐਂਡ ਆਡਰ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਪੰਚਾਇਤੀ ਜ਼ਮੀਨਾਂ ’ਤੋਂ ਨਾਜਾਇਜ਼ ਕਬਜੇ ਛੁਡਾਉਣ, ਸਿਹਤ, ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗ ਦੇ ਖੇਤਰ ਵਿੱਚ ਨਾਮਣਾ ਖੱਟ ਰਿਹਾ ਹੈ।
ਸਮਾਗਮ ਦੌਰਾਨ ਉਨ੍ਹਾਂ ਨੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਟ੍ਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਵੀ ਭੇਟ ਕੀਤੀਆਂ। ਇਸ ਤੋਂ ਇਲਾਵਾ ਪਰੇਡ ਕਮਾਂਡਰ ਸਮੇਤ ਵੱਖ-ਵੱਖ ਖੇਤਰਾਂ ਦੇ ਵਿੱਚ ਉਪਲਬੱਧੀਆਂ ਹਾਸਲ ਕਰਨ ਅਤੇ ਵਿਭਾਗਾਂ ਦੇ ਵਿੱਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀ/ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ ਟੀ ਸ਼ੋਅ ਤੇ ਦੇਸ਼ ਭਗਤੀ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੀ ਗਿਆ।
ਇਸ ਮੌਕੇ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਯਾਦਗਾਰੀ ਚਿੰਨ੍ਹਾਂ ਦੇ ਕੇ ਸਨਮਾਨਿਤ ਕੀਤਾ ਗਿਆ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਜ਼ਿਲ੍ਹੇ ਅੰਦਰ 16 ਅਗਸਤ 2024 ਨੂੰ ਸਮੂਹ ਸਰਕਾਰੀ ਤੇ ਪ੍ਰਾਇਵੇਟ ਸਕੂਲ ਵਿੱਚ ਛੁੱਟੀ ਦਾ ਐਲਾਨ ਕੀਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਹੁਸ਼ਿਆਰਪੁਰ ਹੜ੍ਹ ਹਾਦਸਾ 4 ਦਿਨਾਂ ਬਾਅਦ ਰੈਸਕਿਊ ਓਪਰੇਸ਼ਨ ਖ਼ਤਮ, ਦੋ ਲਾਪਤਾ ਲਾਸ਼ਾਂ ਬਰਾਮਦ
Next articleਡਿਪਟੀ ਕਮਿਸ਼ਨਰ ਨੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਕਾਰਵਾਈ ਦੇ ਦਿੱਤੇ ਨਿਰਦੇਸ਼ , ਨਗਰ ਨਿਗਮ ਅਤੇ ਜਲ ਸਰੋਤ ਵਿਭਾਗ ਨੇ ਸਮੱਸਿਆਵਾਂ ਦੇ ਹੱਲ ਲਈ ਕੀਤੀ ਫੌਰੀ ਕਾਰਵਾਈ