ਕੈਪਟਨ ਨੇ ਮਜੀਠੀਆ ਨੂੰ ਬਚਾਉਣ ਲਈ ਪੂਰਾ ਟਿੱਲ ਲਾਇਆ: ਚੰਨੀ

Punjab Chief Minister Charanjit Channi

ਮੋਗਾ (ਸਮਾਜ ਵੀਕਲੀ):  ਧਰਮਕੋਟ ਦੀ ਅਨਾਜ ਮੰਡੀ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਰਾਜ ਪੱਧਰੀ ਪੰਜਾਬ ਨਿਰਮਾਣ ਸਕੀਮ ਸਮਾਗਮ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਸੇਧਿਆ। ਸਮਾਗਮ ’ਚ ਖ਼ਰਾਬ ਸਾਊਂਡ ਆਉਣ ’ਤੇ ਮੁੱਖ ਮੰਤਰੀ ਚਰਨਜੀਤ ਸਿਘ ਚੰਨੀ ਨੇ ਕਿਹਾ, ‘‘ਬਾਈ ਮੈਂ ਕੰਮ ਛੱਡ ਦਿੱਤਾ, ਨਹੀਂ ਤਾਂ ਆਪਣਾ ਸਾਊਂਡ ਲੈ ਕੇ ਆਉਣਾ ਸੀ।’’

ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਜਰੀਵਾਲ ਉੱਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਕੇਜਰੀਵਾਲ ਵੱਲੋਂ ਮਜੀਠੀਆ ਕੋਲੋਂ ਲਿਖਤੀ ਮੁਆਫੀ ਮੰਗੇ ਜਾਣ ਨਾਲ ਪੰਜਾਬ ਦੇ ਮਾਫੀਆ ਨਾਲ ਮੱਥਾ ਲਗਾਉਣ ਵਾਲੇ ਅਣਖੀ ਨੌਜਵਾਨਾਂ ਦੇ ਮਨਾਂ ਨੂੰ ਡੂੰਘੀ ਸੱਟ ਵੱਜੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨਾਂ ਨੂੰ ਨਿੱਜੀ ਹਿੱਤਾਂ ਲਈ ਵਰਤ ਕੇ ਉਨ੍ਹਾਂ ਦਾ ਵੱਡਾ ਘਾਣ ਕੀਤਾ ਅਤੇ ਮਜੀਠੀਆਂ ਤੋਂ ਮੁਆਫ਼ੀ ਮੰਗ ਕੇ ਪੰਜਾਬ ਤੇ ਪੰਜਾਬੀਅਤ ਨਾਲ ਧ੍ਰੋਹ ਕਮਾਇਆ। ਉਨ੍ਹਾਂ ਪੰਜਾਬੀਆਂ ਨੂੰ ‘ਆਪ’ ਦੀਆਂ ਝੂਠੀਆਂ ਗਰੰਟੀਆਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੰਦੇ ਹੋਏ ਵਿਕਾਸ ਪੱਖੀ ਸੋਚ ਰੱਖਣ ਵਾਲੀ ਕਾਂਗਰਸ ਪਾਰਟੀ ਨੂੰ ਆਗਾਮੀ ਚੋਣਾਂ ਵਿੱਚ ਮੁੜ ਲਿਆਉਣ ਲਈ ਆਖਿਆ। ਸੂਬੇ ’ਚ ਨਸ਼ਿਆਂ ਅਤੇ ਨਸ਼ਾ ਤਸਕਰਾਂ ਖਿਲਾਫ ਜੰਗ ਆਖਰੀ ਦਮ ਤੱਕ ਜਾਰੀ ਰੱਖਣ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਸਕੈਂਡਲ ਜੱਗ ਜ਼ਾਹਿਰ ਹੋਣ ਉੱਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਜੀਠੀਆ ਨੂੰ ਬਚਾਉਣ ਲਈ ਪੂਰਾ ਟਿੱਲ ਲਾਇਆ ਗਿਆ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਹਰ ਹਾਲਤ ਵਿੱਚ ਸਜ਼ਾਵਾਂ ਦਿਵਾਉਣ ਲਈ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ।

ਇਸ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸ਼ਾਇਰਾਨਾ ਅੰਦਾਜ਼ ਵਿੱਚ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਭਲੇ ਲਈ ਉਹ ਚੰਨੀ ਸਰਕਾਰ ਨੂੰ ਇੱਕ ਮੌਕਾ ਜ਼ਰੂਰ ਦੇਣ। ਇਸ ਮੌਕੇ ਫ਼ਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ, ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਡਾ. ਹਰਜੋਤ ਕਮਲ, ਦਰਸ਼ਨ ਸਿੰਘ ਬਰਾੜ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕਮਲਜੀਤ ਸਿੰਘ ਬਰਾੜ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਹੇਸ਼ਇਦਰ ਸਿੰਘ ਨਿਹਾਲ ਸਿੰਘ ਵਾਲਾ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ ਤੇ ਹੋਰ ਆਗੂ ਵੀ ਮੌਜੂਦ ਸਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੈਪਟਨ ਅਮਰਿੰਦਰ ਤੇ ਢੀਂਡਸਾ ਵੱਲੋਂ ਸ਼ਾਹ ਅਤੇ ਨੱਢਾ ਨਾਲ ਮੁਲਾਕਾਤ
Next articleਨਸ਼ਾ ਤਸਕਰੀ ਮਾਮਲਾ: ਮਜੀਠੀਆ ਨੇ ਉੱਚ ਅਦਾਲਤ ਦਾ ਬੂਹਾ ਖੜਕਾਇਆ