ਧਰਮਕੋਟ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਬਚਾਉਣ ਦੇ ਪੂਰੇ ਯਤਨ ਕੀਤੇ ਸਨ। ਉਨ੍ਹਾਂ ਕਿਹਾ ਕਿ ਸੂਬੇ ’ਚ ਨਸ਼ਿਆਂ ਅਤੇ ਨਸ਼ਾ ਤਸਕਰਾਂ ਖਿਲਾਫ਼ ਜੰਗ ਆਖਰੀ ਦਮ ਤੱਕ ਜਾਰੀ ਰੱਖੀ ਜਾਵੇਗੀ। ਇਥੋਂ ਦੀ ਅਨਾਜ ਮੰਡੀ ’ਚ ਰਾਜ ਪੱਧਰੀ ਸਮਾਗਮ ਦੌਰਾਨ ਚੰਨੀ ਦੇ ਨਿਸ਼ਾਨੇ ’ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਮੁਖੀ ਸੁਖਬੀਰ ਸਿੰਘ ਬਾਦਲ ਵੀ ਰਹੇ।
ਚੰਨੀ ਨੇ ਕਿਹਾ ਕਿ ਨਸ਼ਿਆਂ ਦਾ ਸਕੈਂਡਲ ਜੱਗ ਜ਼ਾਹਿਰ ਹੋਣ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਮਜੀਠੀਆ ਨੂੰ ਬਚਾਉਣ ਲਈ ਸਕੈਂਡਲ ਉਪਰ ਪਰਦਾ ਪਾਉਣ ਦਾ ਪੂਰਾ ਟਿੱਲ ਲਾਇਆ ਸੀ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਕਾਰਨ ਨਿਰਾਸ਼ ਹੋ ਚੁੱਕੀ ਜਵਾਨੀ ਨੂੰ ਨਸ਼ਿਆਂ ਦੇ ਧੰਦੇ ਦਾ ਸ਼ਿਕਾਰ ਬਣਾ ਕੇ ਉਨ੍ਹਾਂ ਨੂੰ ਗੈਂਗਸਟਰ ਬਣਨ ਲਈ ਮਜਬੂਰ ਕੀਤਾ ਗਿਆਤਾਂ ਜੋ ਆਪਣੇ ਸੌੜੇ ਸਿਆਸੀ ਮਨੋਰਥਾਂ ਦੀ ਪੂਰਤੀ ਕੀਤੀ ਜਾ ਸਕੇ। ਬਾਦਲਾਂ ਉੱਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ,‘‘ਅਕਾਲੀ-ਭਾਜਪਾ ਗੱਠਜੋੜ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਅਤੇ ਪੰਜਾਬੀਆਂ ਨਾਲ ਜਿਹੜੇ ਧ੍ਰੋਹ ਕਮਾਏ ਗਏ ਹਨ, ਉਨ੍ਹਾਂ ਦਾ ਹਿਸਾਬ ਲਿਆ ਜਾਵੇਗਾ। ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਣਾ, ਬੇਅਦਬੀ ਦੀਆਂ ਘਟਨਾਵਾਂ ਸਮੇਤ ਸੂਬੇ ਨੂੰ ਆਰਥਿਕ ਪੱਖੋਂ ਕੰਗਾਲ ਕਰਨ ਵਰਗੇ ਮੁੱਦਿਆਂ ਦਾ ਸੂਬੇ ਦੇ ਲੋਕ ਅਕਾਲੀਆਂ ਕੋਲੋਂ ਜਵਾਬ ਮੰਗਦੇ ਹਨ ਜਿਸ ਦੀ ਸ਼ੁਰੂਆਤ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਨ ਨਾਲ ਹੋ ਗਈ ਹੈ।’’
ਚੰਨੀ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਉੱਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਸ ਦੇ ਮਜੀਠੀਆ ਤੋਂ ਲਿਖਤੀ ਮੁਆਫ਼ੀ ਮੰਗਣ ਮਗਰੋਂ ਪੰਜਾਬ ਦੇ ਮਾਫੀਏ ਨਾਲ ਮੱਥਾ ਲਗਾਉਣ ਵਾਲੇ ਅਣਖੀ ਨੌਜਵਾਨਾਂ ਦੇ ਮਨਾਂ ਨੂੰ ਡੂੰਘੀ ਠੇਸ ਪੁੱਜੀ ਸੀ। ਉਨ੍ਹਾਂ ਕਿਹਾ,‘‘ਜੇਕਰ ਕੇਜਰੀਵਾਲ ਅਕਾਲੀਆਂ ਮੂਹਰੇ ਗੋਡੇ ਨਾ ਟੇਕਦਾ ਤਾਂ ਅਕਾਲੀ ਆਗੂ ਹੁਣ ਤੱਕ ਸਲਾਖ਼ਾਂ ਪਿੱਛੇ ਹੋਣਾ ਸੀ।’’ ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਮਜੀਠੀਆ ਤੋਂ ਮੁਆਫ਼ੀ ਮੰਗ ਕੇ ਪੰਜਾਬ ਅਤੇ ਪੰਜਾਬੀਅਤ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਪੰਜਾਬੀਆਂ ਨੂੰ ‘ਆਪ’ ਦੀਆਂ ਝੂਠੀਆਂ ਗਾਰੰਟੀਆਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੰਦੇ ਵਿਕਾਸ ਪੱਖੀ ਸੋਚ ਰੱਖਣ ਵਾਲੀ ਕਾਂਗਰਸ ਪਾਰਟੀ ਨੂੰ ਆਗਾਮੀ ਚੋਣਾਂ ਵਿੱਚ ਜਿਤਾਉਣ ਲਈ ਆਖਿਆ। ਚੰਨੀ ਨੇ ਕਿਹਾ ਕਿ ਦੇਸ਼ ਵਿੱਚ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕਰਾਉਣ ਲਈ ਸ਼੍ਰੋਮਣੀ ਅਕਾਲੀ ਦਲ ਆਗੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਰਲੇ ਹੋਏ ਸਨ। ਬੀਬੀ ਹਰਸਿਮਰਤ ਕੌਰ ਬਾਦਲ ਨੂੰ ਕੇਂਦਰੀ ਵਜ਼ਾਰਤ ਛੱਡਣ ਲਈ ਲੋਕਾਂ ਖਾਸ ਕਰਕੇ ਪੰਜਾਬੀ ਕਿਸਾਨਾਂ ਦੇ ਰੋਹ ਨੇ ਮਜਬੂਰ ਕੀਤਾ।
ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸ਼ਾਇਰਾਨਾ ਅੰਦਾਜ਼ ਵਿੱਚ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਭਲੇ ਲਈ ਉਹ ਚੰਨੀ ਸਰਕਾਰ ਨੂੰ ਇੱਕ ਮੌਕਾ ਹੋਰ ਜ਼ਰੂਰ ਦੇਣ। ਫ਼ਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ, ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ, ਡਾ. ਹਰਜੋਤ ਕਮਲ, ਦਰਸ਼ਨ ਸਿੰਘ ਬਰਾੜ, ਜ਼ਿਲ੍ਹਾ ਕਾਂਗਰਸ ਪ੍ਰਧਾਨ ਕਮਲਜੀਤ ਸਿੰਘ ਬਰਾੜ ਅਤੇ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਡਾ. ਮਾਲਤੀ ਥਾਪਰ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡੀਆਈਜੀ ਸੁਰਜੀਤ ਸਿੰਘ, ਡਿਪਟੀ ਕਮਿਸ਼ਨਰ ਹਰੀਸ਼ ਨਈਅਰ, ਜ਼ਿਲ੍ਹਾ ਪੁਲੀਸ ਮੁਖੀ ਸੁਰਿੰਦਰਪਾਲ ਸਿੰਘ ਮੰਡ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਇੰਦਰਜੀਤ ਸਿੰਘ ਬੀੜ ਚੜਿੱਕ, ਨਗਰ ਸੁਧਾਰ ਟਰੱਸਟ ਮੋਗਾ ਦੇ ਚੇਅਰਮੈਨ ਵਿਨੋਦ ਬਾਂਸਲ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly