ਨਵੀਂ ਦਿੱਲੀ (ਸਮਾਜ ਵੀਕਲੀ): ਪੰਜਾਬ ਕਾਂਗਰਸ ਵਿਚਲੇ ਸੰਕਟ ਕਾਰਨ ਅੱਜ ਪਾਰਟੀ ਹਾਈ ਕਮਾਂਡ ਵੱਲੋਂ ਕਾਇਮ ਕੀਤੇ ਖੜਗੇ ਪੈਨਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਉਹ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਡਿਪਟੀ ਸੀਐੱਮ ਬਣਾਉਣ ਲਈ ਤਿਆਰ ਨਹੀਂ ਹਨ ਪਰ ਸਿੱਧੂ ਨੂੰ ਮੰਤਰੀ ਬਣਾਉਣ ’ਤੇ ਕੋਈ ਇਤਰਾਜ਼ ਨਹੀਂ ਹੈ। ਸੂਤਰਾਂ ਅਨੁਸਾਰ ਮੀਟਿੰਗ ਵਿੱਚ ਅਮਰਿੰਦਰ ਨੇ ਸਿੱਧੂ ਵੱਲੋਂ ਮੀਡੀਆ ਵਿੱਚ ਦਿੱਤੇ ਗਏ ਬਿਆਨਾਂ ’ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ।
ਹਾਲ ਦੀ ਘੜੀ ਸਿੱਧੂ ਕੋਈ ਪਾਸਾ ਸਿੱਧਾ ਪੈਂਦਾ ਨਜ਼ਰ ਨਹੀਂ ਆ ਰਿਹਾ। ਉਧਰ ਸਿੱਧੂ ਵੱਲੋਂ ਮੰਗਲਵਾਰ ਨੂੰ ਤਿੰਨ ਮੈਂਬਰੀ ਖੜਗੇ ਪੈਨਲ ਸਾਹਮਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਾਂਝੀ ਬੈਠਕ ’ਚ ਸ਼ਾਮਲ ਹੋਣ ਤੋਂ ਸਾਫ਼ ਇਨਕਾਰ ਕਰ ਦਿੱਤਾ। ੲਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਪੰਜਾਬ ਦੇ ਪਾਰਟੀ ਨਾਲ ਜੁੜੇ ਮਸਲਿਆਂ ਬਾਰੇ ਅੱਜ ਦਿੱਲੀ ਵਿਖੇ ਮੀਟਿੰਗ ਕੀਤੀ ਗਈ।
ਇਸੇ ਦੌਰਾਨ ਪਾਰਟੀ ਨੇਤਾ ਮਲਿਕਾਰੁਜਨ ਖੜਗੇ ਨੇ ਕਿਹਾ ਕਿ ਕਾਂਗਰਸ ਪੰਜਾਬ ਵਿਧਾਨ ਸਭਾ ਚੋਣਾਂ ਸ੍ਰੀਮਤੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਲੜੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਪੰਜਾਬ ਇਕਾਈ ਦੇ ਅੰਦਰੂਨੀ ਮਾਮਲੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕੁੱਝ ਸਪਸ਼ਟੀਕਰਨ ਲਈ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ ਆਉਂਦੇ ਸਮੇਂ ਦੌਰਾਨ ਸਭ ਕੁੱਝ ਠੀਕ ਹੋ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly