ਰੂਪਨਗਰ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਗੱਠਜੋੜ ਕਰ ਕੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਪਿੰਡ ਪੁਰਖਾਲੀ ਨੇੜੇ ਹਰੀਪੁਰ ਨਾਲੇ ’ਤੇ ਪੁਲ ਦਾ ਨੀਂਹ ਪੱਥਰ ਰੱਖਣ ਪੁੱਜੇ ਸ੍ਰੀ ਚੰਨੀ ਨੇ ਕਿਹਾ ਕਿ ਭਾਜਪਾ ਨੇ ਤਿੰਨ ਖੇਤੀ ਕਾਨੂੰਨ ਲਿਆ ਕੇ ਕਿਸਾਨਾਂ ਨੂੰ ਇੱਕ ਸਾਲ ਤੋਂ ਵੱਧ ਸਮਾਂ ਸੜਕਾਂ ’ਤੇ ਰਹਿਣ ਲਈ ਮਜਬੂਰ ਕਰ ਦਿੱਤਾ ਸੀ। ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਪੰਜਾਬ ਵਿੱਚ ਅਜਿਹੀ ਪਾਰਟੀ ਨਾਲ ਕੋਈ ਕਿਵੇਂ ਜਾ ਸਕਦਾ ਹੈ? ਉਨ੍ਹਾਂ ਕਿਹਾ ਕਿ ਘਾੜ ਇਲਾਕੇ ਦੇ ਲੋਕਾਂ ਦੀ ਹਰੀਪੁਰ ਨਾਲੇ ’ਤੇ ਪੁਲ ਬਣਾਉਣ ਦੀ ਮੰਗ ਲੰਬੇ ਸਮੇਂ ਤੋਂ ਅਧੂਰੀ ਸੀ ਅਤੇ ਬਰਸਾਤ ਦੇ ਦਿਨਾਂ ਵਿੱਚ ਲਗਭਗ 40 ਪਿੰਡਾਂ ਦੇ ਲੋਕਾਂ ਦਾ ਆਪਸੀ ਸੰਪਰਕ ਟੁੱਟ ਜਾਂਦਾ ਸੀ। ਉਨ੍ਹਾਂ ਕਿਹਾ ਕਿ ਇਹ ਪੁਲ ਬਣਨ ਨਾਲ ਚੰਡੀਗੜ੍ਹ ਦੀ ਦੂਰੀ 15 ਤੋਂ 20 ਕਿਲੋਮੀਟਰ ਘਟ ਜਾਵੇਗੀ।
ਮੁੱਖ ਮੰਤਰੀ ਸ੍ਰੀ ਚੰਨੀ ਨੇ ਦੱਸਿਆ ਕਿ 82 ਮੀਟਰ ਲੰਬਾ ਅਤੇ 18 ਮੀਟਰ ਚੌੜਾ ਇਹ ਪੁਲ 8.24 ਕਰੋੜ ਰੁਪਏ ਨਾਲ ਨੌਂ ਮਹੀਨਿਆਂ ’ਚ ਬਣ ਕੇ ਮੁਕੰਮਲ ਹੋ ਜਾਵੇਗਾ, ਜਿਸ ਸਬੰਧੀ ਟੈਂਡਰ ਅਲਾਟ ਕਰ ਦਿੱਤੇ ਗਏ ਹਨ ਅਤੇ ਪ੍ਰਾਜੈਕਟ ’ਤੇ ਕੰਮ ਸ਼ੁਰੂ ਹੋ ਚੁੱਕਾ ਹੈ। ਪੁਲ ਦਾ ਉਦਘਾਟਨ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਪਿੰਡ ਸਿੰਘ ਦੇ ਕਮਿਊਨਿਟੀ ਸੈਂਟਰ ਵਿੱਚ ਹਲਕਾ ਚਮਕੌਰ ਸਾਹਿਬ ਦੇ ਸਰਪੰਚਾਂ, ਪੰਚਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਤੇ ਪੰਚਾਇਤ ਸਮਿਤੀ ਮੈਂਬਰਾਂ ਨਾਲ ਮੀਟਿੰਗ ਕਰ ਕੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਅੱਜ ਪੁਲ ਦੇ ਉਦਘਾਟਨ ਮੌਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਤੇ ਵਿਧਾਨ ਸਭਾ ਰੂਪਨਗਰ ਦੇ ਹਲਕਾ ਇੰਚਾਰਜ ਬਰਿੰਦਰ ਸਿੰਘ ਢਿੱਲੋਂ, ਨਗਰ ਸੁਧਾਰ ਟਰੱਸਟ ਰੂਪਨਗਰ ਦੇ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ, ਪੀਆਰਟੀਸੀ ਦੇ ਚੇਅਰਮੈਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਕਾਂਗਰਸੀ ਆਗੂ ਬਹਾਦਰਜੀਤ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਰੂਪਨਗਰ ਮੇਵਾ ਸਿੰਘ ਗਿੱਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਮ ਸਿੰਘ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਪਿੰਡ ਪੁਰਖਾਲੀ ਦੇ ਸਰਪੰਚ ਦਿਲਬਰ ਸਿੰਘ ਤੋਂ ਇਲਾਵਾ ਡੀਸੀ ਸੋਨਾਲੀ ਗਿਰੀ ਤੇ ਐੱਸਐੱਸਪੀ ਵਿਵੇਕ ਸ਼ੀਲ ਸੋਨੀ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly