ਕੈਪਟਨ ਭਾਜਪਾ ਨਾਲ ਰਲ ਕੇ ਚਲਾ ਰਹੇ ਸਨ ਸਰਕਾਰ: ਪ੍ਰਿਯੰਕਾ

ਕੋਟਕਪੂਰਾ (ਸਮਾਜ ਵੀਕਲੀ):  ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਕੋਟਕਪੂਰਾ ਜ਼ਿਲ੍ਹੇ ’ਚ ਪਾਰਟੀ ਦੇ ਤਿੰਨ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ਲਈ ਇੱਕ ਹੋਰ ਮੌਕਾ ਦੇਣ ਦੀ ਅਪੀਲ ਕਰਦਿਆਂ ਭਾਜਪਾ ਅਤੇ ‘ਆਪ’ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ ਅਤੇ ਸਰਕਾਰ ਚਲਾ ਰਹੇ ਕੈਪਟਨ ਅਮਰਿੰਦਰ ਸਿੰਘ ਅੰਦਰਖਾਤੇ ਭਾਜਪਾ ਨਾਲ ਮਿਲ ਗਏ ਸਨ। ਉਨ੍ਹਾਂ ਕਿਹਾ ਕਿ ਕੈਪਟਨ ਅਤੇ ਭਾਜਪਾ ਦਾ ਗੁਪਤ ਸਮਝੌਤਾ ਜੱਗ ਜ਼ਾਹਰ ਹੋ ਗਿਆ ਹੈ।

ਪ੍ਰਿਯੰਕਾ ਨੇ ਕਿਹਾ,‘‘ਕੈਪਟਨ ਅਮਰਿੰਦਰ ਸਿੰਘ ਦਿੱਲੀ ਤੋਂ ਭਾਜਪਾ ਨਾਲ ਮਿਲ ਕੇ ਪੰਜਾਬ ਸਰਕਾਰ ਚਲਾ ਰਹੇ ਸਨ ਜਿਸ ਕਰਕੇ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢਣਾ ਪਿਆ। ਥੋੜ੍ਹੇ ਸਮੇਂ ਲਈ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੇ ਪੰਜਾਬੀਆਂ ਦੀਆਂ ਆਸਾਂ ’ਤੇ ਹਰ ਪੱਖੋਂ ਪੂਰਾ ਉਤਰਨ ਦੀ ਕੋਸ਼ਿਸ਼ ਕੀਤੀ ਹੈ।’’ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸੱਚੀ-ਸੁੱਚੀ ਰਾਜਨੀਤੀ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਰੈਲੀ ਦੌਰਾਨ ਪ੍ਰਿਯੰਕਾ ਨੇ ਕਿਹਾ ਕਿ ਨਰਿੰਦਰ ਮੋਦੀ ਦਾ ਗੁਜਰਾਤ ਮਾਡਲ ਅਤੇ ਅਰਵਿੰਦ ਕੇਜਰੀਵਾਲ ਦਾ ਦਿੱਲੀ ਮਾਡਲ ਇੱਕੋ-ਜਿਹੇ ਹਨ ਅਤੇ ਇਹ ਦੋਵੇਂ ਮਾਡਲ ਦੇਸ਼ ਅਤੇ ਲੋਕ ਵਿਰੋਧੀ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਕਰੋਨਾ ਕਾਲ ਦੌਰਾਨ ਦਿੱਲੀ ਦਾ ਕੋਈ ਵੀ ਹਸਪਤਾਲ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰਿਆ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਆਰਐੱਸਐੱਸ ਦਾ ਬੰਦਾ ਹੈ ਅਤੇ ਉਹ ਭਾਜਪਾ ਦਾ ਇੱਕ ਵਿੰਗ ਬਣ ਕੇ ਕੰਮ ਕਰ ਰਿਹਾ ਹੈ।

ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸਰਕਾਰ ਪੰਜਾਬ ਤੋਂ ਹੀ ਚੱਲੇਗੀ ਅਤੇ ਉਹ ਪੰਜਾਬੀਆਂ ਦੀ ਬਿਹਤਰੀ ਲਈ ਕੰਮ ਕਰੇਗੀ। ਚੰਨੀ ਦੀ ਤਾਰੀਫ਼ ਕਰਦਿਆਂ ਉਨ੍ਹਾਂ ਕਿਹਾ ਕਿ ਆਪਣੇ ਛੋਟੇ ਜਿਹੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਦੀ ਭਲਾਈ ਲਈ ਕਈ ਪ੍ਰਸ਼ੰਸਾਯੋਗ ਕੰਮ ਕੀਤੇ ਹਨ। ਕਾਂਗਰਸੀ ਆਗੂ ਨੇ ਆਪਣੇ ਸੰਬੋਧਨ ਦੌਰਾਨ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਇੱਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਅਤੇ ਹਰ ਔਰਤ ਨੂੰ 1100 ਰੁਪਏ ਸਨਮਾਨ ਭੱਤਾ ਦੇਣ ਦਾ ਵਾਅਦਾ ਕੀਤਾ। ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਉਹ ਪੰਜਾਬੀਆਂ ਦੀ ਨੂੰਹ ਹੈ ਅਤੇ ਪੰਜਾਬੀਆਂ ਦੇ ਮਾਣ-ਸਨਮਾਨ, ਕਿਰਦਾਰ ਅਤੇ ਸੁਭਾਅ ਤੋਂ ਉਹ ਬਹੁਤ ਚੰਗੀ ਤਰ੍ਹਾਂ ਵਾਕਫ਼ ਹੈ। ਪ੍ਰਿਯੰਕਾ ਗਾਂਧੀ ਨੇ ਦੋਸ਼ ਲਾਇਆ ਕਿ ਭਾਜਪਾ ਨੇ ਖੇਤੀ ਕਾਨੂੰਨਾਂ ਦੇ ਮਾਮਲੇ ਵਿੱਚ ਦੇਸ਼ ਦੇ ਕਿਸਾਨਾਂ ਨਾਲ ਬੇਗਾਨਿਆਂ ਵਾਲਾ ਸਲੂਕ ਕੀਤਾ ਪ੍ਰੰਤੂ ਪੰਜਾਬ ਦੇ ਕਿਸਾਨਾਂ ਦੀ ਯੋਗ ਅਗਵਾਈ ਕਾਰਨ ਮੋਦੀ ਸਰਕਾਰ ਨੂੰ ਝੁਕਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਯੂਪੀ ਵਿੱਚ ਯੋਗੀ ਸਰਕਾਰ ਦੀ ਧੱਕੇਸ਼ਾਹੀ ਦੇ ਬਾਵਜੂਦ ਲਖੀਮਪੁਰ ਖੀਰੀ ਹਿੰਸਾ ਦੇ ਪੀੜਤ ਕਿਸਾਨ ਇਨਸਾਫ਼ ਦੀ ਲੜਾਈ ਲੜ ਰਹੇ ਹਨ।

ਕੋਟਕਪੂਰਾ ਵਿਧਾਨ ਸਭਾ ਹਲਕੇ ਦੇ ਉਮੀਦਵਾਰ ਅਜੈ ਪਾਲ ਸਿੰਘ ਸੰਧੂ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਆਉਣ ’ਤੇ ਸਾਰੇ ਚੋਣ ਵਾਅਦਿਆਂ ਨੂੰ ਅਮਲੀ ਰੂਪ ਵਿੱਚ ਪੂਰਾ ਕੀਤਾ ਜਾਵੇਗਾ। ਮੁਕਤਸਰ ਤੋਂ ਕਾਂਗਰਸੀ ਉਮੀਦਵਾਰ ਕਰਨ ਬਰਾੜ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਪ੍ਰਿਯੰਕਾ ਗਾਂਧੀ ਦੇ ਪੰਜਾਬ ਵਿੱਚ ਚੋਣ ਪ੍ਰਚਾਰ ਨਾਲ ਕਾਂਗਰਸ ਨੂੰ ਵੱਡਾ ਹੁਲਾਰਾ ਮਿਲਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਨੇ ਕਿਹਾ ਕਿ ਕਾਂਗਰਸ ਹੀ ਸੂਬੇ ਨੂੰ ਸਥਿਰ ਅਤੇ ਸਾਫ-ਸੁਥਰੀ ਸਰਕਾਰ ਦੇ ਸਕਦੀ ਹੈ। ਸਾਬਕਾ ਮੰਤਰੀ ਉਪਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਗਾਂਧੀ ਪਰਿਵਾਰ ਦੇਸ਼ ਦੀ ਖੁਸ਼ਹਾਲੀ ਲਈ ਬਲਿਦਾਨ ਦੇਣ ਵਾਲਾ ਪਰਿਵਾਰ ਹੈ ਅਤੇ ਦੇਸ਼ ਦੇ ਲੋਕ ਗਾਂਧੀ ਪਰਿਵਾਰ ’ਤੇ ਭਰੋਸਾ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸ਼ਾਨਦਾਰ ਜਿੱਤ ਹਾਸਲ ਕਰੇਗੀ।ਇਸ ਮੌਕੇ ਪ੍ਰਚਾਰ ਸਕੱਤਰ ਤਜਿੰਦਰ ਸਿੰਘ ਬਿੱਟੂ, ਨਵਦੀਪ ਸਿੰਘ ਬੱਬੂ ਬਰਾੜ, ਦਰਸ਼ਨ ਸਿੰਘ ਸਹੋਤਾ, ਓਂਕਾਰ ਗੋਇਲ ਆਦਿ ਵੀ ਹਾਜ਼ਰ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਮਿਤ ਸ਼ਾਹ ਦੀ ਪਟਿਆਲਾ ਰੈਲੀ ਬੇਅਸਰ: ਅਜੀਤਪਾਲ
Next articleਪ੍ਰਧਾਨ ਮੰਤਰੀ ਵੱਲੋਂ ਡੇਰਾ ਬਿਆਸ ਦੇ ਮੁਖੀ ਨਾਲ ਮੁਲਾਕਾਤ