ਰਾਜਿੰਦਰ ਦੀਪਸਿੰਘ ਵਾਲਾ, ਸੋਨੀਆ ਮਾਨ, ਜੱਸ ਬਾਜਵਾ ਤੇ ਬਲਦੇਵ ਸਿਰਸਾ ਸਣੇ ਦਰਜਨਾਂ ਆਗੂਆਂ ਖ਼ਿਲਾਫ਼ ਕੇਸ ਦਰਜ

ਚੰਡੀਗੜ੍ਹ (ਸਮਾਜ ਵੀਕਲੀ):ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਸ਼ਨਿੱਚਰਵਾਰ ਨੂੰ ‘ਖੇਤੀ ਬਚਾਓ-ਲੋਕਤੰਤਰ ਬਚਾਓ’ ਦਿਵਸ ਮੌਕੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਪੁਲੀਸ ਦੀਆਂ ਰੋਕਾਂ ਤੋੜ ਕੇ ਸ਼ਹਿਰ ਵਿੱਚ ਦਾਖਲ ਹੋਣ ਸਬੰਧੀ ਚੰਡੀਗੜ੍ਹ ਪੁਲੀਸ ਨੇ ਕਿਰਤੀ ਕਿਸਾਨ ਯੂਨੀਅਨ ਦੇ ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਪੰਜਾਬੀ ਗਾਇਕ ਜੱਸ ਬਾਜਵਾ, ਸੋਨੀਆ ਮਾਨ ਸਣੇ ਦਰਜਨਾਂ ਕਿਸਾਨ ਆਗੂਆਂ ਖਿਲਾਫ਼ ਵੱਖ-ਵੱਖ ਥਾਣਿਆਂ ਵਿੱਚ 5 ਕੇਸ ਦਰਜ ਕੀਤੇ ਹਨ।

ਪੁਲੀਸ ਮੁਤਾਬਕ ਕਿਸਾਨ ਜਥੇਬੰਦੀਆਂ ਦੇ ਆਗੂ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਪੁਲੀਸ ਦੇ ਬੈਰੀਕੇਡ ਤੋੜ ਕੇ ਸ਼ਹਿਰ ਵਿੱਚ ਦਾਖਲ ਹੋਏ। ਪੁਲੀਸ ਨਾਲ ਖਿੱਚ-ਧੂਹ ਕਰਦਿਆਂ ਸਰਕਾਰੀ ਡਿਊਟੀ ਵਿੱਚ ਰੁਕਾਵਟ ਪੈਦਾ ਕੀਤੀ। ਕਿਸਾਨ ਆਗੂਆਂ ਖ਼ਿਲਾਫ਼ ਸੈਕਟਰ-36 ਤੇ 17 ਦੇ ਥਾਣਿਆਂ ਵਿੱਚ ਦੋ-ਦੋ ਅਤੇ ਇਕ ਕੇਸ ਸੈਕਟਰ-3 ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਉਧਰ ਸੰਯੁਕਤ ਕਿਸਾਨ ਮੋਰਚਾ ਨੇ ਚੰਡੀਗੜ੍ਹ ਪੁਲੀਸ ਦੀ ਕਿਸਾਨ ਵਿਰੋਧੀ ਕਾਰਵਾਈ ਦੀ ਨਿਖੇਧੀ ਕੀਤੀ ਹੈ। ਆਗੂਆਂ ਨੇ ਕਿਹਾ ਕਿ ਕੇਸ ਵਾਪਸ ਨਾ ਲੈਣ ਦੀ ਸੂਰਤ ’ਚ ਮੋਰਚੇ ਵੱਲੋਂ ਕੇਸਾਂ ਦੀ ਪੈਰਵੀ ਕੀਤੀ ਜਾਵੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਸੈਕਟਰ-17 ਥਾਣੇ ਦੀ ਪੁਲੀਸ ਨੇ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਲਖਵੀਰ ਸਿੰਘ (ਲੱਖਾ ਸਿਧਾਣਾ) ਅਤੇ ਹੋਰਨਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 147, 148, 149, 186, 188, 332, 353 ਤਹਿਤ ਕੇਸ ਦਰਜ ਕੀਤਾ ਹੈ। ਇਸੇ ਥਾਣੇ ਦੀ ਪੁਲੀਸ ਨੇ ਪੰਜਾਬੀ ਗਾਇਕ ਜੱਸ ਬਾਜਵਾ ਅਤੇ ਸੋਨੀਆ ਮਾਨ ਅਤੇ ਹੋਰਨਾਂ ਵਿਰੁੱਧ ਵੱਖਰਾ ਕੇਸ ਦਰਜ ਕੀਤਾ। ਥਾਣਾ ਸੈਕਟਰ-36 ਦੀ ਪੁਲੀਸ ਨੇ ਕਾਕਾ ਸਿੰਘ, ਸਤਨਾਮ ਸਿੰਘ ਅਜਨਾਲਾ, ਮੇਜਰ ਸਿੰਘ ਰੰਧਾਵਾ, ਅਵਤਾਰ ਸਿੰਘ, ਕਮਲਜੀਤ ਸਿੰਘ, ਬਲਦੇਵ ਸਿੰਘ ਸਿਰਸਾ ਅਤੇ ਹੋਰਨਾਂ ਵਿਰੁੱਧ ਕੇਸ ਦਰਜ ਕੀਤਾ ਹੈ।

ਜਦਕਿ ਬਲਜੀਤ ਸਿੰਘ, ਪ੍ਰੇਮ ਸਿੰਘ, ਕਾਕਾ ਸਿੰਘ, ਸੁਰੇਸ਼ ਚੰਦਰ, ਬਲਵਿੰਦਰ ਸਿੰਘ, ਹਰਮੀਤ ਸਿੰਘ ਅਤੇ ਹੋਰਨਾਂ ਵਿਰੁੱਧ ਵੱਖਰਾ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਸੈਕਟਰ-3 ਥਾਣੇ ਦੀ ਪੁਲੀਸ ਨੇ ਸੰਯੁਕਤ ਕਿਸਾਨ ਮੋਰਚਾ ਆਗੂ ਬਲਦੇਵ ਸਿੰਘ ਸਿਰਸਾ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲੀਸ ਦਾ ਕਹਿਣਾ ਹੈ ਕਿ ਲੰਘੇ ਦਿਨ ਕਿਸਾਨ ਆਗੂ ਸੈਕਟਰ-51/52 ਵਾਲੀ ਸੜਕ (ਮਟੌਰ ਬੈਰੀਅਰ) ’ਤੇ ਪੁਲੀਸ ਦੇ ਬੈਰੀਕੇਡ ਤੋੜ ਕੇ ਸ਼ਹਿਰ ਵਿੱਚ ਦਾਖਲ ਹੋਏ। ਇਸ ਦੌਰਾਨ ਪੁਲੀਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਹ ਪੁਲੀਸ ਨਾਲ ਖਿੱਚ-ਧੂਹ ਕਰਦੇ ਹੋਏ ਅੱਗੇ ਵਧਦੇ ਗਏ। ਥਾਣਾ ਸੈਕਟਰ-3 ਵਿੱਚ ਦਰਜ ਕੇਸ ’ਚ ਪੁਲੀਸ ਦਾ ਕਹਿਣਾ ਹੈ ਕਿ ਸੈਕਟਰ-8/9 ਵਾਲੀ ਸੜਕ ’ਤੇ ਕੁਝ ਨੌਜਵਾਨ ਨੰਗੀਆਂ ਤਲਵਾਰਾਂ ਅਤੇ ਡੰਡੇ ਲੈ ਕੇ ਅੱਗੇ ਵਧਦੇ ਗਏ।

ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਹ ਨਾ ਰੁਕੇ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਰੁਲਦੂ ਸਿੰਘ ਮਾਨਸਾ ਨੇ 26 ਜੂਨ ਨੂੰ ਚੰਡੀਗੜ੍ਹ ਪੁਲੀਸ ਵੱਲੋਂ ਕਿਸਾਨ ਆਗੂਆਂ ਖ਼ਿਲਾਫ਼ ਦਰਜ ਕੀਤੇ ਗਏ ਕੇਸਾਂ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅੰਦੋਲਨ ਕਰਨਾ ਹਰੇਕ ਇਨਸਾਨ ਦਾ ਸੰਵਿਧਾਨਕ ਹੱਕ ਹੈ। ਉਸੇ ਅਧੀਨ ਕਿਸਾਨ ਜਥੇਬੰਦੀਆਂ ਦੇ ਆਗੂ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ 7 ਮਹੀਨੇ ਮੁਕੰਮਲ ਹੋਣ ’ਤੇ ‘ਖੇਤੀ ਬਚਾਓ-ਲੋਕਤੰਤਰ ਬਚਾਓ’ ਦਿਵਸ ਮਨਾਉਂਦੇ ਹੋਏ ਰਾਜ ਭਵਨ ਵੱਲ ਸ਼ਾਂਤਮਈ ਰੋਸ ਮਾਰਚ ਕਰ ਰਹੇ ਸਨ। ਇਸ ਦੌਰਾਨ ਕਿਸਾਨਾਂ ਨੇ ਕੋਈ ਧੱਕੇਸ਼ਾਹੀ ਨਹੀਂ ਕੀਤੀ ਬਲਕਿ ਰਾਜ ਭਵਨ ਤੋਂ ਕੁਝ ਦੂਰੀ ’ਤੇ ਹੀ ਰੁਕ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਰਾਹੀਂ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਮ ਰੋਸ ਪੱਤਰ ਭੇਜਿਆ ਹੈ। ਉਸ ਦੇ ਬਾਵਜੂਦ ਚੰਡੀਗੜ੍ਹ ਪੁਲੀਸ ਵੱਲੋਂ ਵੱਖ-ਵੱਖ ਥਾਣਿਆਂ ਵਿੱਚ 5 ਕੇਸ ਦਰਜ ਕਰਨਾ ਗ਼ਲਤ ਹੈ। ਉਨ੍ਹਾਂ ਕਿਹਾ ਕਿ ਉਕਤ ਕੇਸ ਵਾਪਸ ਲਏ ਜਾਣ ਨਹੀਂ ਤਾਂ ਸੰਯੁਕਤ ਕਿਸਾਨ ਮੋਰਚਾ ਇਨ੍ਹਾਂ ਕੇਸਾਂ ਦੀ ਪੈਰਵੀ ਕਰੇਗਾ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਟਵਿੱਟਰ ਦੇ ਭਾਰਤ ਵਿਚਲੇ ਅੰਤਰਿਮ ਸ਼ਿਕਾਇਤ ਨਿਵਾਰਨ ਅਫਸਰ ਨੇ ਅਹੁਦਾ ਛੱਡਿਆ
Next articleਬਿਜਲੀ ਸਮਝੌਤਿਆਂ ਨੇ ਹੱਥ ਬੰਨ੍ਹੇ ਪੰਜਾਬ ਸਰਕਾਰ ਦੇ