ਚੰਡੀਗੜ੍ਹ – ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸ਼ਨੀਵਾਰ ਨੂੰ ਸਾਬਕਾ ਜਸਟਿਸ ਨਿਰਮਲ ਯਾਦਵ ਨੂੰ 2008 ਦੇ ਡੋਰਸਟੈਪ ਕੈਸ਼ ਸਕੈਂਡਲ ਮਾਮਲੇ ‘ਚ ਬਰੀ ਕਰ ਦਿੱਤਾ ਹੈ। ਵਿਸ਼ੇਸ਼ ਸੀਬੀਆਈ ਜੱਜ ਅਲਕਾ ਮਲਿਕ ਦੀ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਇਸਤਗਾਸਾ ਪੱਖ ਦੋਸ਼ ਸਾਬਤ ਕਰਨ ਲਈ ਲੋੜੀਂਦੇ ਸਬੂਤ ਪੇਸ਼ ਕਰਨ ਵਿੱਚ ਅਸਫਲ ਰਿਹਾ।
ਦਰਅਸਲ ਸਾਬਕਾ ਜਸਟਿਸ ਨਿਰਮਲ ਯਾਦਵ ‘ਤੇ 2008 ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਜੱਜ ਹੁੰਦਿਆਂ 15 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਸੀ। ਇਸ ਮਾਮਲੇ ਵਿੱਚ ਕੁੱਲ ਪੰਜ ਮੁਲਜ਼ਮ ਸਨ, ਜਿਨ੍ਹਾਂ ਵਿੱਚੋਂ ਇੱਕ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਬੀਤੇ ਵੀਰਵਾਰ ਨੂੰ ਅੰਤਿਮ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਅੱਜ ਆਪਣਾ ਫੈਸਲਾ ਸੁਣਾਉਣ ਦੀ ਤਰੀਕ ਤੈਅ ਕੀਤੀ ਸੀ।
ਇਹ ਮਾਮਲਾ 17 ਸਾਲ ਪਹਿਲਾਂ ਉਦੋਂ ਸਾਹਮਣੇ ਆਇਆ ਸੀ ਜਦੋਂ ਕਰੰਸੀ ਨੋਟਾਂ ਨਾਲ ਭਰਿਆ ਇੱਕ ਪੈਕੇਟ ਗਲਤੀ ਨਾਲ ਜਸਟਿਸ ਨਿਰਮਲਜੀਤ ਕੌਰ ਦੇ ਘਰ ਪਹੁੰਚ ਗਿਆ ਸੀ, ਜੋ ਉਸ ਸਮੇਂ ਹਾਈ ਕੋਰਟ ਦੀ ਜੱਜ ਸੀ। ਉਸ ਨੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ, ਜਿਸ ਨੇ ਕਥਿਤ ਰਿਸ਼ਵਤਖੋਰੀ ਦਾ ਪਰਦਾਫਾਸ਼ ਕੀਤਾ। ਇਸ ਮਾਮਲੇ ਵਿੱਚ ਜਸਟਿਸ ਨਿਰਮਲ ਯਾਦਵ ਅਤੇ ਹਰਿਆਣਾ ਦੇ ਤਤਕਾਲੀ ਐਡੀਸ਼ਨਲ ਐਡਵੋਕੇਟ ਜਨਰਲ ਸੰਜੀਵ ਬਾਂਸਲ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ, ਜਿਨ੍ਹਾਂ ਦੀ ਕੁਝ ਸਾਲ ਪਹਿਲਾਂ ਮੌਤ ਹੋ ਗਈ ਸੀ।
ਇਸ ਕੇਸ ਵਿੱਚ 89 ਗਵਾਹਾਂ ਦੇ ਬਿਆਨ ਦਰਜ ਕੀਤੇ ਗਏ ਅਤੇ 12 ਗਵਾਹਾਂ ਨੂੰ ਦੁਬਾਰਾ ਬੁਲਾਇਆ ਗਿਆ। ਲੰਮੀ ਸੁਣਵਾਈ ਤੋਂ ਬਾਅਦ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਅੱਜ ਫੈਸਲਾ ਸੁਣਾਇਆ। ਅਦਾਲਤ ਨੇ ਕਿਹਾ ਕਿ ਸੀਬੀਆਈ ਠੋਸ ਡਿਜੀਟਲ ਜਾਂ ਦਸਤਾਵੇਜ਼ੀ ਸਬੂਤ ਪੇਸ਼ ਕਰਨ ਵਿੱਚ ਅਸਫਲ ਰਹੀ। ਇਸ ਤੋਂ ਇਲਾਵਾ, ਮੁੱਖ ਗਵਾਹਾਂ ਨੇ ਅਦਾਲਤ ਵਿਚ ਆਪਣੇ ਪੁਰਾਣੇ ਬਿਆਨਾਂ ਨੂੰ ਵਾਪਸ ਲੈ ਲਿਆ, ਜਿਸ ਨਾਲ ਇਸਤਗਾਸਾ ਪੱਖ ਦਾ ਕੇਸ ਕਮਜ਼ੋਰ ਹੋ ਗਿਆ। ਬਚਾਅ ਪੱਖ ਦੇ ਵਕੀਲ ਵਿਸ਼ਾਲ ਗਰਗ ਨੇ ਦੱਸਿਆ ਕਿ ਅਦਾਲਤ ਨੇ ਸਾਬਕਾ ਜੱਜ ਨਿਰਮਲ ਯਾਦਵ ਅਤੇ ਹੋਰ ਚਾਰ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly