ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਆਜ਼ਾਦੀ ਦਿਵਸ ਮੌਕੇ ਸਥਾਨਕ ਆਈ.ਟੀ.ਆਈ. ਗਰਾਊਂਡ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਮੁੱਚੇ ਪ੍ਰੋਗਰਾਮ ਸੰਬੰਧੀ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ 15 ਅਗਸਤ ਨੂੰ ਆਈਟੀਆਈ ਗਰਾਉਂਡ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ ਨੇ ਕਿਹਾ ਕਿ ਸਭ ਤੋਂ ਪਹਿਲਾਂ ਮੁੱਖ ਮਹਿਮਾਨ ਜੀ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ। ਪਰੇਡ ਦੇ ਨਿਰੀਖਣ ਤੋਂ ਬਾਅਦ ਜ਼ਿਲ੍ਹਾ ਨਿਵਾਸੀਆਂ ਦੇ ਨਾਮ ਸੰਦੇਸ਼ ਦਿੱਤਾ ਜਾਵੇਗਾ ਅਤੇ ਵੱਖ ਵੱਖ ਟੁਕੜੀਆਂ ਵੱਲੋਂ ਸਲਾਮੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਸਕੂਲ ਦੇ ਬੱਚਿਆਂ ਵੱਲੋਂ ਆਜ਼ਾਦੀ ਦਿਵਸ ਨਾਲ ਸੰਬੰਧਿਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਵੱਖ ਵੱਖ ਵਿਭਾਗਾਂ ਵੱਲੋਂ ਆਪਣੇ ਆਪਣੇ ਵਿਭਾਗ ਨਾਲ ਸੰਬੰਧਿਤ ਸੰਦੇਸ਼ ਦਿੰਦੀਆਂ ਝਾਕੀਆਂ ਵੀ ਕੱਢੀਆ ਜਾਣਗੀਆਂ। ਮੁੱਖ ਮਹਿਮਾਨ ਜੀ ਵੱਲੋਂ ਮੁੱਖ ਸ਼ਖਸੀਅਤਾਂ ਦਾ ਸਨਮਾਨ ਕਰਨ ਦੇ ਨਾਲ ਨਾਲ ਵੱਖ ਵੱਖ ਖੇਤਰਾਂ ਵਿੱਚ ਉਪਲਬਧੀਆਂ ਹਾਸਲ ਕਰਨ ਵਾਲਿਆਂ ਨੂੰ ਵੀ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਅਖੀਰ ਦੇ ਵਿੱਚ ਸਕੂਲ ਦੇ ਬੱਚਿਆਂ ਦੇ ਵੱਲੋਂ ਗਿੱਧਾ ਅਤੇ ਭੰਗੜਾ ਦੀ ਪੇਸ਼ਕਾਰੀ ਹੋਵੇਗੀ ਅਤੇ ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਦੇ ਨਾਲ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ, ਬੈਰੀਕੇਡਿੰਗ, ਪਾਰਕਿੰਗ, ਸਟੇਜ ਦੀ ਸਜਾਵਟ, ਪਰੇਡ, ਬੈਠਣ ਦੇ ਪ੍ਰਬੰਧਾਂ, ਸਾਫ਼-ਸਫਾਈ, ਪੁਰਸਕਾਰਾਂ ਤੇ ਪ੍ਰਸੰਸਾ ਪੱਤਰਾਂ ਦੀ ਵੰਡ, ਪੀਣ ਵਾਲੇ ਪਾਣੀ, ਮੁੱਢਲੀ ਸਹਾਇਤਾ, ਸੁਰੱਖਿਆ ਤੇ ਟ੍ਰੈਫਿਕ ਪ੍ਰਬੰਧਾਂ ਸਮੇਤ ਵੱਖ-ਵੱਖ ਕੰਮਾਂ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly