30 ਅਪ੍ਰੈਲ ਤੋਂ 14 ਮਈ 2026 ਤੱਕ ਨਾਗਰਿਕ ਖੁਦ ਵੀ ਕਰ ਸਕਣਗੇ ਸੈਲਫ ਇਨੁਮੀਰੇਸ਼ਨ
ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਜਨਗਣਨਾ 2027 ਦੀਆਂ ਤਿਆਰੀਆਂ ਦੇ ਤਹਿਤ ਅੱਜ ਦੋ ਦਿਨਾਂ ਟ੍ਰੇਨਿੰਗ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ। ਇਸ ਵਰਕਸ਼ਾਪ ਦੌਰਾਨ ਜਨਗਣਨਾ ਨਾਲ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਕਿਰਿਆ, ਡਿਜੀਟਲ ਪ੍ਰਣਾਲੀ ਅਤੇ ਫੀਲਡ ਪੱਧਰ ‘ਤੇ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਟ੍ਰੇਨਿੰਗ ਦੌਰਾਨ ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਦੀ ਹਾਜ਼ਰੀ ਵਿੱਚ ਜਨਗਣਨਾ ਵਿਭਾਗ ਦੇ ਸਹਾਇਕ ਡਾਇਰੈਕਟਰ ਸੁਪਰਿਆ ਵੱਲੋਂ ਭਾਗ ਲੈਣ ਵਾਲਿਆਂ ਨੂੰ ਜਨਗਣਨਾ ਦੀ ਪੂਰੀ ਪ੍ਰਕਿਰਿਆ ਬਾਰੇ ਤਕਨੀਕੀ ਟ੍ਰੇਨਿੰਗ ਪ੍ਰਦਾਨ ਕੀਤੀ ਗਈ। ਸਹਾਇਕ ਡਾਇਰੈਕਟਰ ਸੁਪਰਿਆ ਨੇ ਇਸ ਮੌਕੇ ਦੱਸਿਆ ਕਿ ਆਉਣ ਵਾਲੀ ਜਨਗਣਨਾ ਪਹਿਲੀ ਵਾਰ ਪੂਰੀ ਤਰ੍ਹਾਂ ਡਿਜੀਟਲ ਮੋਡ ਵਿੱਚ ਕਰਵਾਈ ਜਾ ਰਹੀ ਹੈ। ਇਸ ਵਾਰ ਸਰਕਾਰ ਵੱਲੋਂ ‘ਸੈਲਫ ਇਨੁਮੀਰੇਸ਼ਨ’ ਦੀ ਸਹੂਲਤ ਵੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਕੋਈ ਵੀ ਨਾਗਰਿਕ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਖੁਦ ਆਨਲਾਈਨ ਤਰੀਕੇ ਨਾਲ ਆਪਣੇ ਘਰ ਦੀ ਗਿਣਤੀ ਦਰਜ ਕਰ ਸਕੇਗਾ। ਇਸ ਤੋਂ ਬਾਅਦ ਜਨਗਣਨਾ ਦਾ ਪਹਿਲਾ ਫੇਜ਼ 15 ਮਈ 2026 ਤੋਂ 13 ਜੂਨ 2026 ਤੱਕ ‘ਹਾਊਸ ਲਿਸਟਿੰਗ’ ਦੇ ਰੂਪ ਵਿੱਚ ਕਰਵਾਇਆ ਜਾਵੇਗਾ। ਇਸ ਦੌਰਾਨ ਇਨੁਮੀਰੇਟਰ ਘਰ-ਘਰ ਜਾ ਕੇ ਮਕਾਨਾਂ ਦੀ ਜਾਣਕਾਰੀ ਇਕੱਠੀ ਕਰਨਗੇ ਅਤੇ ਨਾਗਰਿਕਾਂ ਨੂੰ ਕੁੱਲ 33 ਸਵਾਲ ਪੁੱਛੇ ਜਾਣਗੇ। ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਨਗਣਨਾ ਦੇਸ਼ ਦੀ ਮਹੱਤਵਪੂਰਨ ਪ੍ਰਕਿਰਿਆ ਹੈ ਅਤੇ ਇਸ ਰਾਹੀਂ ਸਰਕਾਰ ਨੂੰ ਲੋਕਾਂ ਦੀ ਸਮਾਜਿਕ ਤੇ ਆਰਥਿਕ ਸਥਿਤੀ ਬਾਰੇ ਸਹੀ ਜਾਣਕਾਰੀ ਮਿਲਦੀ ਹੈ। ਇਸ ਲਈ ਹਰ ਨਾਗਰਿਕ ਨੂੰ ਚਾਹੀਦਾ ਹੈ ਕਿ ਉਹ ਸਰਕਾਰ ਵੱਲੋਂ ਕਰਵਾਈ ਜਾ ਰਹੀ ਇਸ ਪ੍ਰਕਿਰਿਆ ਵਿੱਚ ਪੂਰਾ ਸਹਿਯੋਗ ਦੇਵੇ।
https://play.google.com/store/apps/details?id=in.yourhost.samajweekly



