ਨਵੀਂ ਦਿੱਲੀ (ਸਮਾਜ ਵੀਕਲੀ) : ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਕੇਂਦਰ ਸਰਕਾਰ ਕਹਿ ਰਹੀ ਹੈ ਕਿ ਉਸ ਨੇ ਆਕਸੀਜਨ ਦੀ ਘਾਟ ਕਾਰਨ ਹੋਈਆਂ ਮੌਤਾਂ ਦੇ ਅੰਕੜੇ ਰਾਜਾਂ ਤੋਂ ਮੰਗੇ ਹਨ ਪਰ ਅਸਲੀਅਤ ਇਸ ਤੋਂ ਵੱਖਰੀ ਹੈ। ਕੇਂਦਰ ਸਰਕਾਰ ਨੇ ਅਜੇ ਤੱਕ ਇਸ ਸਬੰਧ ਵਿੱਚ ਦਿੱਲੀ ਨੂੰ ਕੋਈ ਪੱਤਰ ਨਹੀਂ ਭੇਜਿਆ ਹੈ। ਪਰ ਹੁਣ ਦਿੱਲੀ ਸਰਕਾਰ ਆਪਣੇ ਆਪ ਹੀ ਆਪਣੀ ਰਿਪੋਰਟ ਤਿਆਰ ਕਰ ਕੇ ਕੇਂਦਰ ਸਰਕਾਰ ਨੂੰ ਭੇਜੇਗੀ।
ਉਪ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਕਰੋਨਾ ਦੀ ਦੂਜੀ ਲਹਿਰ ਦੌਰਾਨ ਆਕਸੀਜਨ ਸੰਕਟ ਦਾ ਸਾਹਮਣਾ ਕਰ ਰਿਹਾ ਸੀ। ਲੋਕ ਆਕਸੀਜਨ ਦੀ ਘਾਟ ਕਾਰਨ ਹਸਪਤਾਲਾਂ ਵਿੱਚ ਮਰ ਰਹੇ ਸਨ। ਸੁਪਰੀਮ ਕੋਰਟ ਨੇ ਇਸ ’ਤੇ ਕੇਂਦਰ ਸਰਕਾਰ ਨੂੰ ਗੰਭੀਰਤਾ ਨਾਲ ਸਵਾਲ ਕੀਤੇ ਪਰ ਕੇਂਦਰ ਸਰਕਾਰ ਅਜੇ ਵੀ ਅਸੰਵੇਦਨਹੀਣ ਬਣੀ ਹੋਈ ਹੈ। ਉਪ ਮੁੱਖ ਮੰਤਰੀ ਨੇ ਅਖ਼ਬਾਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕੁਝ ਖ਼ਬਰਾਂ ਅਨੁਸਾਰ ਕੇਂਦਰ ਸਰਕਾਰ ਨੇ ਰਾਜਾਂ ਤੋਂ ਆਕਸੀਜਨ ਦੀ ਘਾਟ ਕਾਰਨ ਹੋਈਆਂ ਮੌਤਾਂ ਦੇ ਅੰਕੜੇ ਮੰਗੇ ਹਨ। ਇਸ ਲਈ ਹੁਣ ਤੱਕ 13 ਰਾਜਾਂ ਨੇ ਜਵਾਬ ਦਿੱਤਾ ਹੈ ਤੇ 12 ਰਾਜਾਂ ਨੇ ਕਿਹਾ ਹੈ ਕਿ ਉਨ੍ਹਾਂ ਵਿੱਚ ਆਕਸੀਜਨ ਦੀ ਘਾਟ ਕਾਰਨ ਕੋਈ ਮੌਤ ਨਹੀਂ ਹੋਈ ਹੈ।
ਉਪ ਮੁੱਖ ਮੰਤਰੀ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਕੇਂਦਰ ਸਰਕਾਰ ਨੇ ਰਾਜ ਸਰਕਾਰਾਂ ਤੋਂ ਇਸ ਸਬੰਧ ਵਿੱਚ 13 ਅਗਸਤ ਤੱਕ ਵੇਰਵੇ ਮੰਗੇ ਹਨ। ਪਰ ਦਿੱਲੀ ਸਰਕਾਰ ਨੂੰ ਹੁਣ ਤੱਕ ਇਸ ਸਬੰਧੀ ਕੋਈ ਜਾਣਕਾਰੀ ਜਾਂ ਪੱਤਰ ਨਹੀਂ ਮਿਲਿਆ ਹੈ। ਇੱਕ ਪਾਸੇ ਕੇਂਦਰ ਸਰਕਾਰ ਪੂਰੇ ਦੇਸ਼ ਵਿੱਚ ਇਹ ਝੂਠ ਫੈਲਾਅ ਰਹੀ ਹੈ ਕਿ ਰਾਜ ਜਾਣਕਾਰੀ ਨਹੀਂ ਦੇ ਰਹੇ, ਦੂਜੇ ਪਾਸੇ ਉਹ ਰਾਜਾਂ ਤੋਂ ਕੁੱਝ ਮੰਗ ਨਹੀਂ ਰਹੇ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਦਿੱਲੀ ਵਿੱਚ ਆਕਸੀਜਨ ਦੀ ਘਾਟ ਕਾਰਨ ਹੋਈਆਂ ਮੌਤਾਂ ਦੇ ਆਡਿਟ ਲਈ ਬਹੁਤ ਸਮਾਂ ਪਹਿਲਾਂ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਸੀ ਪਰ ਕੇਂਦਰ ਸਰਕਾਰ ਦੇ ਕਹਿਣ ’ਤੇ ਉਪ ਰਾਜਪਾਲ ਨੇ ਇਸ ਨੂੰ ਰੱਦ ਕਰ ਦਿੱਤਾ ਸੀ। ਇਹ ਦਰਸਾਉਂਦਾ ਹੈ ਕਿ ਕੇਂਦਰ ਸਰਕਾਰ ਨਾ ਤਾਂ ਰਾਜਾਂ ਤੋਂ ਕੁਝ ਮੰਗ ਰਹੀ ਹੈ ਅਤੇ ਨਾ ਹੀ ਰਾਜਾਂ ਨੂੰ ਕੰਮ ਕਰਨ ਦੀ ਆਗਿਆ ਦੇ ਰਹੀ ਹੈ।
ਉਪ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਦੂਜੀ ਲਹਿਰ ਦੌਰਾਨ ਲੋਕ ਦੇਸ਼ ਭਰ ਵਿੱਚ ਸ਼ੁਰੂ ਹੋਏ ਸੰਕਟ ਦੇ ਦਰਦ ਨੂੰ ਨਹੀਂ ਭੁੱਲੇ ਹਨ ਅਤੇ ਜੇ ਤੀਜੀ ਲਹਿਰ ਆਉਂਦੀ ਹੈ ਤਾਂ ਆਕਸੀਜਨ ਦਾ ਸੰਕਟ ਦੁਬਾਰਾ ਪੈਦਾ ਹੋ ਸਕਦਾ ਹੈ ਪਰ ਦਿੱਲੀ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਦਿੱਲੀ ਸਰਕਾਰ ਆਕਸੀਜਨ ਦੀ ਘਾਟ ਕਾਰਨ ਹੋਈਆਂ ਮੌਤਾਂ ਬਾਰੇ ਪੂਰੀ ਜਾਣਕਾਰੀ ਲਿਖਤੀ ਰੂਪ ਵਿੱਚ ਭੇਜੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly