ਫ਼ਿਰੋਜ਼ਪੁਰ (ਸਮਾਜ ਵੀਕਲੀ) : ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਪਿੰਡ ਸ਼ੇਰ ਖਾਂ ਵਿੱਚ ਅੱਜ ਕਾਂਗਰਸੀ ਵਰਕਰਾਂ ਦਾ ਇਕੱਠ ਕੀਤਾ ਗਿਆ, ਜਿਸ ਵਿੱਚ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਕਾਂਗਰਸੀ ਆਗੂਆਂ ਨੇ ਭਾਜਪਾ ਵੱਲੋਂ ਸੰਵਿਧਾਨਕ ਸੰਸਥਾਵਾਂ ਦੀ ਗ਼ਲਤ ਵਰਤੋਂ ਕਰਕੇ ਵਿਰੋਧੀ ਧਿਰਾਂ ਖਾਸਕਰ ਕਾਂਗਰਸੀ ਆਗੂਆਂ ਨੂੰ ਨਿਸ਼ਾਨਾ ਬਣਾਏ ਜਾਣ ਦੇ ਵਿਰੋਧ ਵਿਚ ਪਾਰਟੀ ਵਰਕਰਾਂ ਨੂੰ ਸੰਘਰਸ਼ ਲਈ ਲਾਮਬੰਦ ਹੋਣ ਦਾ ਸੱਦਾ ਦਿੱਤਾ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਦੇਸ਼ ਅੰਦਰ ਰਾਹੁਲ ਗਾਂਧੀ ਦੀ ਵਧਦੀ ਹਰਮਨਪਿਆਰਤਾ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਟੀਮ ਘਬਰਾ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ’ਤੇ ਸਵਾਲ ਖੜ੍ਹੇ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਧਿਰ ਦੀ ਆਵਾਜ਼ ਨੂੰ ਸੰਵਿਧਾਨਕ ਸੰਸਥਾਵਾਂ ਦੀ ਗ਼ਲਤ ਵਰਤੋਂ ਕਰਕੇ ਦਬਾਉਣ ਦਾ ਯਤਨ ਕੀਤਾ ਜਾਂਦਾ ਹੈ, ਪਰ ਕੁਰਬਾਨੀਆਂ ਦੇ ਕੇ ਇਤਿਹਾਸ ਸਿਰਜਣ ਵਾਲੀ ਪਾਰਟੀ ਨੂੰ ਕਦੇ ਭਾਜਪਾ ਸਰਕਾਰ ਦਬਾ ਨਹੀਂ ਸਕੇਗੀ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly