ਸ੍ਰੀਨਗਰ (ਸਮਾਜ ਵੀਕਲੀ): ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ ’ਤੇ ਕਸ਼ਮੀਰੀ ਨੌਜਵਾਨਾਂ ਖ਼ਿਲਾਫ਼ ਬਦਲਾਲਊ ਕਾਰਵਾਈ ਕਰਨ ਦਾ ਦੋਸ਼ ਲਾਉਂਦਿਆਂ ਅੱਜ ਕਿਹਾ ਕਿ ਇੱਕ ਟੀ-20 ਕੌਮਾਂਤਰੀ ਕ੍ਰਿਕਟ ਮੈਚ ’ਚ ਭਾਰਤ ’ਤੇ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਲਈ ਇੱਥੇ ਕੁਝ ਵਿਦਿਆਰਥੀਆਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣ ਵਰਗੇ ਕਦਮ ਉਨ੍ਹਾਂ ਨੌਜਵਾਨਾਂ ਨੂੰ ਹੋਰ ਦੂਰ ਕਰ ਦੇਣਗੇ। ਜ਼ਿਕਰਯੋਗ ਹੈ ਕਿ ਸਰਕਾਰੀ ਮੈਡੀਕਲ ਕਾਲਜ ਸੌਰਾ ਦੇ ਹੋਸਟਲ ’ਚ ਰਹਿਣ ਵਾਲੇ ਮੈਡੀਕਲ ਦੇ ਵਿਦਿਆਰਥੀਆਂ ਖ਼ਿਲਾਫ਼ ਯੂਏਪੀਏ ਤਹਿਤ ਦੋ ਕੇਸ ਦਰਜ ਕੀਤੇ ਗਏ ਹਨ।
ਇਸ ’ਤੇ ਪ੍ਰਤੀਕਿਰਿਆ ਦਿੰਦਿਆਂ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਕੇਂਦਰ ਨੂੰ ਇਸ ਦੀ ਥਾਂ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਸੀ ਕਿ ਪੜ੍ਹੇ ਲਿਖੇ ਨੌਜਵਾਨ ਪਾਕਿਸਤਾਨ ਨਾਲ ਆਪਣੀ ਪਛਾਣ ਕਿਉਂ ਜੋੜਦੇ ਹਨ? ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਨੇ ਟਵੀਟ ਕੀਤਾ, ‘ਕਸ਼ਮੀਰੀ ਨੌਜਵਾਨਾਂ ਖ਼ਿਲਾਫ਼ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ‘ਮਨ ਕੀ ਬਾਤ’ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲੇ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਖ਼ਿਲਾਫ਼ ਯੂਏਪੀਏ ਲਾਉਣ ਨਾਲ ਸ਼ੁਰੂ ਹੋਈ। ਇਹ ਪਤਾ ਲਾਉਣ ਦੀ ਕੋਸ਼ਿਸ਼ ਕਰਨ ਦੀ ਥਾਂ ਕਿ ਪੜ੍ਹੇ-ਲਿਖੇ ਨੌਜਵਾਨ ਪਾਕਿਸਤਾਨ ਨਾਲ ਆਪਣੀ ਪਛਾਣ ਕਿਉਂ ਚੁਣਦੇ ਹਨ, ਭਾਰਤ ਸਰਕਾਰ ਬਦਲਾਲਊ ਕਾਰਵਾਈ ਦਾ ਸਹਾਰਾ ਲੈ ਰਹੀ ਹੈ। ਅਜਿਹੇ ਕਦਮਾਂ ਨਾਲ ਉਨ੍ਹਾਂ (ਨੌਜਵਾਨਾਂ) ਨੂੰ ਹੋਰ ਦੂਰ ਕਰ ਦੇਣਗੇ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly