ਲੁਧਿਆਣਾ (ਸਮਾਜ ਵੀਕਲੀ) : ਦੇਸ਼ ਵਿੱਚ ਕਾਲੇ ਖੇਤੀ ਕਾਨੂੰਨ ਲਿਆਂਦੇ ਜਾਣ ਦਾ ਇੱਕ ਵਰ੍ਹਾ ਮੁਕੰਮਲ ਹੋਣ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਢੁਕਵਾਂ ਸਮਾਂ ਹੈ ਕਿ ਕੇਂਦਰ ਸਰਕਾਰ ਆਪਣੇ ਬੱਜਰ ਗੁਨਾਹ ਨੂੰ ਸਮਝੇ ਅਤੇ ਕਿਸਾਨਾਂ ਤੇ ਦੇਸ਼ ਹਿਤ ਵਿੱਚ ਖੇਤੀ ਕਾਨੂੰਨ ਵਾਪਸ ਲਵੇ। ਉਨ੍ਹਾਂ ਕੇਂਦਰ ਤੋਂ ਕਿਸਾਨਾਂ ਨਾਲ ਗੱਲਬਾਤ ਦਾ ਅਮਲ ਅੱਗੇ ਵਧਾਉਣ ਦੀ ਮੰਗ ਕੀਤੀ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਅੱਜ ਕਰਵਾਏ ਗੲੇ ਤੀਜੇ ਰਾਜ ਪੱਧਰੀ ਵਰਚੁਅਲ ਕਿਸਾਨ ਮੇਲੇ ਦੇ ਉਦਘਾਟਨ ਮੌਕੇ ਮੁੱਖ ਮੰਤਰੀ ਨੇ ‘ਜੇਕਰ ਕਿਸਾਨ ਨਹੀਂ ਤਾਂ ਭੋਜਨ ਨਹੀਂ’ ਦਾ ਬੈਜ ਲਾ ਕੇ ਆਪਣੇ ਕਿਸਾਨੀ ਮੋਹ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਸੰਵਿਧਾਨ ਵਿੱਚ 127 ਵਾਰ ਸੋਧ ਕੀਤੀ ਜਾ ਚੁੱਕੀ ਹੈ ਤਾਂ ਫਿਰ ਖੇਤੀ ਕਾਨੂੰਨਾਂ ਰੱਦ ਕਰਨ ਲਈ ਇੱਕ ਵਾਰ ਮੁੜ ਸੋਧ ਕਿਉਂ ਨਹੀਂ ਕੀਤੀ ਜਾ ਸਕਦੀ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈ ਕੇ ਮਸਲੇ ਦਾ ਹੱਲ ਕੀਤਾ ਜਾਵੇ|
ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੇ ਕੁੱਲ ਭੂਗੋਲਿਕ ਖੇਤਰ ਦਾ ਮਹਿਜ਼ 1.53 ਫ਼ੀਸਦੀ ਹਿੱਸਾ ਹੋਣ ਦੇ ਬਾਵਜੂਦ ਪੰਜਾਬ, ਮੁਲਕ ਦੇ ਕੁੱਲ ਕਣਕ ਦੀ 18 ਫ਼ੀਸਦੀ ਪੈਦਾਵਾਰ, ਕਣਕ ਦੀ 11 ਫ਼ੀਸਦੀ ਪੈਦਾਵਾਰ, ਕਪਾਹ ਦੀ 4.4 ਫ਼ੀਸਦੀ ਪੈਦਾਵਾਰ ਅਤੇ ਦੁੱਧ ਦੀ 10 ਫ਼ੀਸਦੀ ਪੈਦਾਵਾਰ ਕਰਦਾ ਹੈ। ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਕੇਂਦਰੀ ਭੰਡਾਰ ਵਿੱਚ ਕਣਕ ਦਾ 35-40 ਫ਼ੀਸਦੀ ਅਤੇ ਚਾਵਲ ਦਾ 25-30 ਫ਼ੀਸਦੀ ਯੋਗਦਾਨ ਪਾ ਰਿਹਾ ਹੈ।ਮੁੱਖ ਮੰਤਰੀ ਨੇ ਪਾਣੀ ਦੇ ਘਟਦੇ ਜਾ ਰਹੇ ਪੱਧਰ ਦੇ ਮੱਦੇਨਜ਼ਰ ਇਸ ਸਰੋਤ ਦੇ ਸਾਵਧਾਨੀ ਨਾਲ ਇਸਤੇਮਾਲ ਕਰਨ ਸਬੰਧੀ ਇਜ਼ਰਾਈਲ ਵੱਲੋਂ ਤੁਪਕਾ ਸਿੰਜਾਈ ਪ੍ਰਣਾਲੀ ਦੀ ਕਾਮਯਾਬੀ ਨਾਲ ਵਰਤੋਂ ਕਰਨ ਸਬੰਧੀ ਮਿਸਾਲ ਦਿੰਦਿਆਂ ਕਿਹਾ ਕਿ ਪੰਜਾਬ ਦੇ ਜ਼ਮੀਨੀ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਵਧੀਕ ਮੁੱਖ ਸਕੱਤਰ (ਵਿਕਾਸ) -ਕਮ-ਉਪ ਕੁਲਪਤੀ ਪੀ.ਏ.ਯੂ. ਅਨਿਰੁੱਧ ਤਿਵਾੜੀ ਨੇ ਕਿਹਾ ਕਿ ਪੰਜਾਬ ਵੱਲੋਂ ਭਾਰਤ ਸਰਕਾਰ ਤੋਂ ਪਰਾਲੀ ਪ੍ਰਬੰਧਨ ਹਿੱਤ ਕਿਸਾਨਾਂ ਲਈ 100 ਰੁਪਏ ਪ੍ਰਤੀ ਕੁਇੰਟਲ ਦੀ ਸਹਾਇਤਾ ਮੰਗੀ ਜਾ ਰਹੀ ਹੈ। ਪੀ.ਏ.ਯੂ. ਦੇ ਡਾਇਰੈਕਟਰ (ਐਕਸਟੈਂਸ਼ਨ ਐਜੂਕੇਸ਼ਨ) ਡਾ. ਜਸਕਰਨ ਸਿੰਘ ਮਾਹਲ ਨੇ ਦੱਸਿਆ ਕਿ ਦੇਸ਼ ਭਰ ਤੋਂ ਕਿਸਾਨ, ਮੇਲੇ ਵਿੱਚ ਹਿੱਸਾ ਲੈਣ ਲਈ ਵਰਚੁਅਲੀ ਜੁੜੇ ਹਨ। ਇਸੇ ਦੌਰਾਨ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਆਮਦਨੀ ਅਤੇ ਪੋਸ਼ਣ ਵੱਲ ਯੂਨੀਵਰਸਿਟੀ ਦਾ ਵਿਸ਼ੇਸ਼ ਧਿਆਨ ਹੈ। ਉਨ੍ਹਾਂ ਨੇ ਮੱਝਾਂ ਅਤੇ ਗਾਵਾਂ ਦੀ ਨਸਲ ਸੁਧਾਰ ਲਈ ਕੀਤੇ ਕੰਮਾਂ ਦਾ ਜ਼ਿਕਰ ਵੀ ਕੀਤਾ।
ਇਸ ਮੇਲੇ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਵੀ ਹਾਜ਼ਰ ਹੋਏ। ਨਿਰਦੇਸ਼ਕ ਖੋਜ ਡਾ. ਨਵਤੇਜ ਸਿੰਘ ਬੈਂਸ ਨੇ ਸਾਰਿਆਂ ਦਾ ਧੰਨਵਾਦ ਕੀਤਾ। ਡਾ. ਤੇਜਿੰਦਰ ਸਿੰਘ ਰਿਆੜ ਨੇ ਦੱਸਿਆ ਕਿ ਪਹਿਲੇ ਦਿਨ ਵਿਚਾਰ-ਚਰਚਾ ਦੇ ਦੋ ਸੈਸ਼ਨ ਹੋਏ। ਮੇਲੇ ਦੇ ਦੂਜੇ ਦਿਨ 18 ਸਤੰਬਰ ਨੂੰ ਵੀ ਵੱਖ ਵੱਖ ਵਿਸ਼ਿਆਂ ’ਤੇ ਤਿੰਨ ਵਿਚਾਰ-ਚਰਚਾ ਸੈਸ਼ਨ ਹੋਣਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly