ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਤਾਜ਼ਾ ਫ਼ੈਸਲੇ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਘੇਰਾਬੰਦੀ ਕੀਤੀ ਹੈ। ਸਾਬਕਾ ਪ੍ਰਧਾਨ ਨੇ ਮੁੱਖ ਮੰਤਰੀ ਚੰਨੀ ਨੂੰ ਖ਼ਬਰਦਾਰ ਵੀ ਕੀਤਾ ਹੈ ਅਤੇ ਉਨ੍ਹਾਂ ਨੇ ਚੰਨੀ ’ਤੇ ਸਵਾਲ ਵੀ ਉਠਾਏ ਹਨ। ਦੱਸਣਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ, ਬੰਗਾਲ ਅਤੇ ਅਸਾਮ ਰਾਜ ਵਿਚ ਬੀਐੱਸਐਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰ ਦਿੱਤਾ ਹੈ। ਕੇਂਦਰ ਨੇ ਇਸ ਫ਼ੈਸਲੇ ਪਿੱਛੇ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਰੋਕਣ ਦਾ ਹਵਾਲਾ ਦਿੱਤਾ ਹੈ।
ਚੇਤੇ ਰਹੇ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 5 ਅਕਤੂਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ ਸੀ, ਜਿਸ ਵਿਚ ਸਰਹੱਦ ਪਾਰੋਂ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਸਰਹੱਦਾਂ ਨੂੰ ਸੀਲ ਕੀਤੇ ਜਾਣ ਦੀ ਮੰਗ ਕੀਤੀ ਸੀ। ਹੁਣ ਜੋ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੱਜਰਾ ਫ਼ੈਸਲਾ ਕੀਤਾ ਹੈ, ਉਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕਰ ਕੇ ਮੰਗ ਕਰਨ ਦਾ ਫ਼ੈਸਲਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਸਿਆਸੀ ਤੌਰ ’ਤੇ ਪੁੱਠਾ ਪੈ ਸਕਦਾ ਹੈ।
ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਕਿ ‘‘ਕਿਸੇ ਤਰ੍ਹਾਂ ਦੀ ਮੰਗ ਕਰਦੇ ਹੋਏ ਸਾਵਧਾਨੀ ਵਰਤਣੀ ਚਾਹੀਦੀ ਹੈ! ਕੀ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅਣਜਾਣੇ ਵਿਚ ਅੱਧਾ ਪੰਜਾਬ ਕੇਂਦਰ ਦੇ ਹਵਾਲੇ ਕਰ ਦਿੱਤਾ ਹੈ? ਇਸ ਤਰ੍ਹਾਂ ਪੰਜਾਬ ਦੇ ਕੁੱਲ 50 ਹਜ਼ਾਰ ਕਿਲੋਮੀਟਰ ਦੇ ਰਕਬੇ ’ਚੋਂ 25 ਹਜ਼ਾਰ ਕਿਲੋਮੀਟਰ ਰਕਬੇ ਨੂੰ ਬੀਐੱਸਐੱਫ ਦੇ ਅਧਿਕਾਰ ਖੇਤਰ ਹੇਠ ਲਿਆਂਦਾ ਗਿਆ ਹੈ। ਇਸ ਫ਼ੈਸਲੇ ਨਾਲ ਪੰਜਾਬ ਪੁਲੀਸ ਦੇ ਅਧਿਕਾਰ ਖੋਹੇ ਗਏ ਹਨ। ਕੀ ਅਸੀਂ ਅਜੇ ਵੀ ਸੂਬਿਆਂ ਲਈ ਹੋਰ ਖ਼ੁਦਮੁਖ਼ਤਿਆਰੀ ਦੀ ਮੰਗ ਕਰਾਂਗੇ ?’’ ਉਧਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਤਾਂ ਪਹਿਲਾਂ ਹੀ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਨਿਸ਼ਾਨੇ ’ਤੇ ਲਿਆ ਹੋਇਆ ਸੀ ਅਤੇ ਅੱਜ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਵੀ ਚੰਨੀ ਦੀ ਕੇਂਦਰੀ ਫ਼ੈਸਲੇ ਦੇ ਮੱਦੇਨਜ਼ਰ ਘੇਰਾਬੰਦੀ ਕੀਤੀ ਗਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly