ਚੰਡੀਗੜ੍ਹ (ਸਮਾਜ ਵੀਕਲੀ): ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬ ਵਿਰੋਧੀ ਫ਼ੈਸਲੇ ਲਾਗੂ ਕਰਕੇ ਸੂਬੇ ਦੇ ਲੋਕਾਂ ਨੂੰ ਭੜਕਾਉਣ ਦਾ ਯਤਨ ਕਰ ਰਹੀ ਹੈ। ਇਸ ਦੀ ਤਾਜ਼ਾ ਮਿਸਾਲ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਦੇ ਕਾਰੋਬਾਰੀ ਅਦਾਰੇ ‘ਚੰਡੀਗੜ੍ਹ ਇੰਡਸਟਰੀਅਲ ਤੇ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ’ (ਸਿਟਕੋ) ਦੇ ਮੈਨੇਜਿੰਗ ਡਾਇਰੈਕਟਰ ਦਾ ਅਹੁਦਾ ਵੀ ਪੰਜਾਬ ਕੋਲੋਂ ਖੋਹ ਲਿਆ ਜਾਣਾ ਹੈ। ਸ੍ਰੀ ਮਾਨ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਰੋਧੀ ਫ਼ੈਸਲੇ ਲੈਣੇ ਬੰਦ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਪਰਦੇ ਹੇਠ ਕੇਂਦਰ ਸਰਕਾਰ ਨੇ ਲਗਾਤਾਰ ਪੰਜਾਬ ਵਿਰੋਧੀ ਫ਼ੈਸਲੇ ਲਾਗੂ ਕੀਤੇ ਹਨ, ਜਿਸ ਕਾਰਨ ਪੰਜਾਬੀਆਂ ਵਿੱਚ ਮੋਦੀ ਸਰਕਾਰ ਖ਼ਿਲਾਫ਼ ਰੋਸ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਨਰਗਠਨ ਐਕਟ ਤਹਿਤ ਚੰਡੀਗੜ੍ਹ ਵਿੱਚ ਹਰ ਤਰ੍ਹਾਂ ਦੀਆਂ ਸੇਵਾਵਾਂ ਤੇ ਪ੍ਰਬੰਧਨ ਵਿੱਚ ਪੰਜਾਬ ਦਾ 60 ਫ਼ੀਸਦ ਹਿੱਸਾ ਰਾਖਵਾਂ ਕੀਤਾ ਗਿਆ ਸੀ, ਜਿਸ ਤਹਿਤ ਚੰਡੀਗੜ੍ਹ ਦੇ ਅਫ਼ਸਰਾਂ, ਪੁਲੀਸ ਪ੍ਰਸ਼ਾਸਨ, ਸਕੂਲਾਂ, ਹਸਪਤਾਲਾਂ ਤੇ ਹੋਰ ਸੇਵਾਵਾਂ ਵਿੱਚ ਪੰਜਾਬ ਤੋਂ ਆਈਏਐੱਸ, ਆਈਪੀਐੱਸ, ਪੁਲੀਸ ਮੁਲਾਜ਼ਮ, ਅਧਿਆਪਕ, ਡਾਕਟਰ ਤੇ ਹੋਰ ਮੁਲਾਜ਼ਮ ਡੈਪੂਟੇਸ਼ਨ ’ਤੇ ਲਏ ਜਾਂਦੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਪੰਜਾਬ ਵਿੱਚੋਂ ਲਏ ਜਾਂਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦਾ ਡੈਪੂਟੇਸ਼ਨ ਜ਼ਬਰਦਸਤੀ ਖ਼ਤਮ ਕਰ ਰਹੀ ਹੈ। ਇਸੇ ਤਹਿਤ ਸਿਟਕੋ ਦੇ ਐੱਮਡੀ ਦੇ ਅਹੁਦੇ ’ਤੇ ਨਿਯੁਕਤ ਪੰਜਾਬ ਕੇਡਰ ਦੀ ਅਧਿਕਾਰੀ ਨੂੰ ਹਟਾ ਕੇ ਕੇਂਦਰੀ ਕੇਡਰ ਦੀ ਅਧਿਕਾਰੀ ਨੂੰ ਨਿਯੁਕਤ ਕੀਤਾ ਗਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly