ਅੰਮ੍ਰਿਤਸਰ (ਸਮਾਜ ਵੀਕਲੀ) : ਸ਼੍ਰੋਮਣੀ ਅਕਾਲੀ ਦਲ ਦਾ 102ਵਾਂ ਸਥਾਪਨਾ ਦਿਵਸ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਮਨਾਇਆ ਗਿਆ। ਇਸ ਮੌਕੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੁਝ ਵਿਰੋਧੀ ਤਾਕਤਾਂ ਸਿੱਖ ਸੰਸਥਾਵਾਂ ਨੂੰ ਤੋੜਨ ਅਤੇ ਇਨ੍ਹਾਂ ਸੰਸਥਾਵਾਂ ਦੇ ਅਹਿਮ ਅਹੁਦਿਆਂ ’ਤੇ ਆਪਣੀ ਕਬਜ਼ਾ ਕਰਨਾ ਚਾਹੁੰਦੀਆਂ ਹਨ, ਜਿਨ੍ਹਾਂ ਖ਼ਿਲਾਫ਼ ਸਿੱਖ ਪੰਥ ਨੂੰ ਇਕਜੁੱਟ ਹੋਣਾ ਚਾਹੀਦਾ ਹੈ।
ਅੱਜ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸੁਖਬੀਰ ਨੇ ਕਿਹਾ ਕਿ ਕੇਂਦਰ ਸਰਕਾਰ ਸਿੱਖ ਸੰਸਥਾਵਾਂ ਦੇ ਮੁਖੀਆਂ ਵਜੋਂ ਆਪਣੀਆਂ ਰਬੜ ਦੀਆਂ ਮੋਹਰਾਂ ਨੂੰ ਨਿਯੁਕਤ ਕਰਨਾ ਚਾਹੁੰਦੀ ਹੈ, ਜੋ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਤਾਂ ਹੀ ਸੰਭਵ ਹੈ ਜੇਕਰ ਸਾਰੇ ਧਰਮਾਂ ਤੇ ਫਿਰਕਿਆਂ ਦਾ ਸਤਿਕਾਰ ਹੋਵੇ। ਸ਼੍ਰੋਮਣੀ ਅਕਾਲੀ ਦਲ ਇਸ ਉਦੇਸ਼ ਵਾਸਤੇ ਸਭ ਨੂੰ ਨਾਲ ਲੈ ਕੇ ਚੱਲਣ ਲਈ ਦ੍ਰਿੜ੍ਹ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੇ ਟਰਾਂਸਪੋਰਟਰਾਂ ਨੂੰ ‘ਮਾਫੀਆ’ ਕਹੇ ਜਾਣ ਦਾ ਸਖ਼ਤ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਟਰਾਂਸਪੋਰਟ ਮੰਤਰੀ ਨੂੰ ਕਾਨੂੰਨੀ ਨੋਟਿਸ ਭੇਜ ਰਹੇ ਹਨ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਪੰਜਾਬੀਆਂ ਦਾ ਕਿੱਤਾ ਹੈ ਅਤੇ ਪੰਜਾਬੀਆਂ ਨੇ ਦੇਸ਼-ਵਿਦੇਸ਼ ਵਿੱਚ ਟਰਾਂਸਪੋਰਟ ਦੇ ਖੇਤਰ ਵਿੱਚ ਮੱਲਾਂ ਮਾਰੀਆਂ ਹਨ।
ਉਨ੍ਹਾਂ ਨੂੰ ਮਾਫੀਆ ਕਹਿਣਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਆਜ਼ਾਦੀ ਵੇਲੇ ਤੋਂ ਟਰਾਂਸਪੋਰਟ ਦੇ ਕਿੱਤੇ ਵਿਚ ਹੈ ਅਤੇ ਕਦੇ ਵੀ ਕੋਈ ਗੈਰਕਾਨੂੰਨੀ ਕੰਮ ਨਹੀਂ ਕੀਤਾ। ਤਤਕਾਲੀ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਵੀ ਉਨ੍ਹਾਂ ਦੀਆਂ ਬੱਸਾਂ ਰੋਕਣ ਦਾ ਯਤਨ ਕੀਤਾ ਸੀ ਪਰ ਹਾਈ ਕੋਰਟ ਨੇ ਰਾਹਤ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਸਰਕਾਰ ਨੂੰ ਮੁੱਖ ਮੰਤਰੀ ਨਹੀਂ ਸਗੋਂ ਗੈਂਗਸਟਰ ਚਲਾ ਰਹੇ ਹਨ ਅਤੇ ਇਥੇ ਗੈਂਗਸਟਰਾਂ ਦਾ ਰਾਜ ਹੈ, ਜਿਸ ਕਾਰਨ ਲੋਕ ਡਰੇ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਚੰਡੀਗੜ੍ਹ ਵਿੱਚ ਪੰਜਾਬ ਦੇ ਅਫ਼ਸਰਾਂ ਦੀ ਤਾਇਨਾਤੀ ਕਰਨ ਵਿੱਚ ਵੀ ਫੇਲ੍ਹ ਹੋਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ ਤੇ ਹੋਰ ਹਾਜ਼ਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly