ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ ‘ਚ ਨਿਰਧਾਰਤ ਨਮੀ ਵਾਲਾ ਝੋਨਾ ਲਿਆਉਣ ਦੀ ਕੀਤੀ ਅਪੀਲ
ਆੜ੍ਹਤੀਆਂ ਨੂੰ ਜ਼ਿਲ੍ਹੇ ‘ਚ ਝੋਨੇ ਦੀ ਖ਼ਰੀਦ ਵਿੱਚ ਸਹਿਯੋਗ ਦੇਣ ਲਈ ਕਿਹਾ
ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਅੱਜ ਚੱਬੇਵਾਲ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਮੰਡੀ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਬਾਰੀਕੀ ਨਾਲ ਨਿਰੀਖਣ ਕਰਨ ਅਤੇ ਯਕੀਨੀ ਬਣਾਉਣ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਬੰਧਾਂ ਨੂੰ ਲੈ ਕੇ ਕੋਈ ਕਮੀ ਨਾ ਰਹੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਬਾਕੀ ਮੰਡੀਆਂ ਵਿੱਚ ਵੀ ਜਲਦੀ ਹੀ ਝੋਨੇ ਦੀ ਖਰੀਦ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਮੰਡੀਆਂ ਵਿੱਚ ਸਾਰੀਆਂ ਸਹੂਲਤਾਂ ਦਾ ਪੂਰਾ ਧਿਆਨ ਰੱਖਿਆ ਗਿਆ ਹੈ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਅਤੇ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਸਮੇਂ ਸਿਰ ਅਤੇ ਨਿਸ਼ਚਿਤ ਕੀਮਤ ਦੀ ਖਰੀਦ ਨੂੰ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਤਰਜ਼ੀਹ ਹੈ ਅਤੇ ਇਸ ਲਈ ਆੜ੍ਹਤੀਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਨਿਰਧਾਰਿਤ ਨਮੀ ਵਾਲਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਪ੍ਰਸ਼ਾਸਨ ਵੱਲੋਂ ਖਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਕਿਸਾਨ ਹਿਤੈਸ਼ੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly