ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੀਆਂ ਪ੍ਰਮੁੱਖ ਸਿਆਸੀ ਧਿਰਾਂ ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਚੰਡੀਗੜ੍ਹ ਸਮੇਤ ਸੂਬੇ ਦੇ ਹੋਰਨਾਂ ਬੁਨਿਆਦੀ ਮਸਲਿਆਂ ’ਤੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਸਾਂਝੀ ਲੜਾਈ ਲੜਨ ਦਾ ਐਲਾਨ ਕੀਤਾ ਹੈ। ਵਿਧਾਨ ਸਭਾ ਦੇ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਦੌਰਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦੇ ਫ਼ੈਸਲੇ ਖ਼ਿਲਾਫ਼ ਲਿਆਂਦੇ ਮਤੇ ’ਤੇ ਭਾਜਪਾ ਨੂੰ ਛੱਡ ਕੇ ਬਾਕੀ ਸਾਰੀਆਂ ਸਿਆਸੀ ਧਿਰਾਂ ਨੇ ਸਰਬਸੰਮਤੀ ਦਿਖਾਈ। ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਇਸ ਗੱਲ ਦੀ ਗਾਰੰਟੀ ਦਿੰਦੇ ਹਨ ਕਿ ਉਹ ਪੰਜਾਬ ਦੇ ਹੱਕਾਂ ਤੋਂ ਪਾਸਾ ਨਹੀਂ ਵੱਟਣਗੇ ਤੇ ਨਾ ਹੀ ਦੋਗਲੀ ਨੀਤੀ ਨਹੀਂ ਅਪਣਾਉਣਗੇ।
ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਦੇ ਜਮਹੂਰੀ ਢਾਂਚੇ ਨੂੰ ਬਚਾਉਣ ਲਈ ਸਾਂਝੀ ਲੜਾਈ ਦੀ ਲੋੜ ਹੈ। ਇਸ ਲਈ ਸਿਆਸੀ ਧਿਰਾਂ ਗਿਲੇ ਸ਼ਿਕਵੇ ਭੁਲਾ ਕੇ ਪੰਜਾਬ ਦੇ ਹਿੱਤਾਂ ਲਈ ਇੱਕ ਮੰਚ ’ਤੇ ਇਕੱਠੀਆਂ ਹੋਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ, ਦਿੱਲੀ, ਪੱਛਮੀ ਬੰਗਾਲ ਵਰਗੇ ਰਾਜਾਂ ਵਿਚ ਬਦਲਾਖੋਰੀ ਦੀ ਰਾਜਨੀਤੀ ਤਹਿਤ ਕੰਮ ਕਰਕੇ ਰਾਜ ਸਰਕਾਰਾਂ ਨੂੰ ਕਮਜ਼ੋਰ ਕਰ ਰਹੀ ਹੈ। ਮੁੱਖ ਮੰਤਰੀ ਨੇ ਕੇਂਦਰ ’ਤੇ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੰਘੀ ਢਾਂਚੇ ਨਾਲ ਛੇੜਛਾੜ ਕਰਕੇ ਸੂਬਿਆਂ ਦੀਆਂ ਸਕਤੀਆਂ ਖੋਹ ਕੇ ਦੇਸ਼ ਨੂੰ ਕਮਜ਼ੋਰ ਕਰਨ ਦੇ ਦੋਸ਼ ਵੀ ਲਾਏ। ਸੂਬੇ ਵਿੱਚ ਨਸ਼ਿਆਂ ਦੇ ਮੁੱਦੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਪੰਜਾਬ ਅਜੇ ਵੀ ਨਸ਼ਿਆਂ ਦੀ ਅਲਾਮਤ ਨਾਲ ਜੂਝ ਰਿਹਾ ਹੈ। ਉਨ੍ਹਾਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਪ੍ਰਤੀ ਵਚਨਬੱਧਤਾ ਵੀ ਦੁਹਰਾਈ।
ਕਾਂਗਰਸ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜੰਮੂ ਕਸ਼ਮੀਰ ਅਤੇ ਪੰਜਾਬ ਜਿਨ੍ਹਾਂ ਦੋ ਸੂਬਿਆਂ ਵਿੱਚ ਘੱਟ ਗਿਣਤੀ ਫਿਰਕਿਆਂ ਦਾ ਦਬਦਬਾ ਹੈ, ਉਨ੍ਹਾਂ ਸੂਬਿਆਂ ਨੂੰ ਮੋਦੀ ਸਰਕਾਰ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਪਹਿਲਾਂ ਬੀਬੀਐੱਮਬੀ ਵਿੱਚ ਪੰਜਾਬ ਦੀ ਨੁਮਾਇੰਦਗੀ ਦਾ ਭੋਗ ਪਾਇਆ ਤੇ ਹੁਣ ਚੰਡੀਗੜ੍ਹ ਵਿੱਚ ਕੇਂਦਰੀ ਨਿਯਮ ਲਾਗੂ ਕਰਕੇ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ’ਤੇ ਵੀ ਪੰਜਾਬ ਨਾਲ ਧੱਕਾ ਕਰਨ ਦੇ ਰੌਂਅ ਵਿੱਚ ਦਿਖਾਈ ਦੇ ਰਹੀ ਹੈ।
ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਸਮੁੱਚੀਆਂ ਪਾਰਟੀਆਂ ਦੇ ਨੁਮਾਇੰਦਿਆਂ ਦੀ ਅਗਵਾਈ ਹੇਠ ਇੱਕ ਵਫ਼ਦ ਤੁਰੰਤ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਕੇਂਦਰ ਨੂੰ ਪੰਜਾਬ ਵਿਰੋਧੀ ਫ਼ੈਸਲੇ ਲੈਣ ਤੋਂ ਰੋਕੇ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫ਼ੈਸਲਾ ਗੈਰ ਜਮਹੂਰੀ ਤੇ ਤਾਨਾਸ਼ਾਹੀ ਹੈ ਜਿਸ ਖ਼ਿਲਾਫ਼ ਸਾਰੀਆਂ ਧਿਰਾਂ ਨੂੰ ਖੜ੍ਹੇ ਹੋਣ ਦੀ ਜ਼ਰੂਰਤ ਹੈ। ਪਰਗਟ ਸਿੰਘ ਨੇ ਇਸ ਮਤੇ ਨੂੰ ਕਿਸੇ ਸਿੱਟੇ ਤੱਕ ਪਹੁੰਚਾਉਣ ਦੀ ਗੱਲ ਕਹੀ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੰਦੀਪ ਜਾਖੜ, ‘ਆਪ’ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਅਮਨ ਅਰੋੜਾ, ਪ੍ਰੋ. ਬਲਜਿੰਦਰ ਕੌਰ, ਜੈ ਕਿਸ਼ਨ ਰੋੜੀ ਅਤੇ ਜੀਵਨਜੋਤ ਕੌਰ, ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ ਤੇ ਬਸਪਾ ਦੇ ਵਿਧਾਇਕ ਨਛੱਤਰ ਪਾਲ ਨੇ ਵੀ ਵਿਚਾਰ ਰੱਖੇ।
ਇਸ ਤੋਂ ਪਹਿਲਾਂ ਸਦਨ ਨੇ ਅੱਜ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਨੂੰ ਸ਼ਰਧਾਂਜਲੀ ਦਿੱਤੀ। ਇਸੇ ਦੌਰਾਨ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਤੇ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਵਜੋਂ ਹਲਫ ਦਿਵਾਇਆ। ਮਜੀਠਾ ਹਲਕੇ ਤੋਂ ਅਕਾਲੀ ਵਿਧਾਇਕਾ ਗਨੀਵ ਕੌਰ ਅੱਜ ਵੀ ਹਲਫ ਲੈਣ ਨਹੀਂ ਪਹੁੰਚੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly