ਚੰਨੀ ਵੱਲੋਂ ਆਨੰਦਪੁਰ ਸਾਹਿਬ ਵਿੱਚ 20 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਸ੍ਰੀ ਆਨੰਦਪੁਰ ਸਾਹਿਬ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 346ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰਾਜੈਕਟਾਂ ਦਾ ਅੱਜ ਇਥੇ ਨੀਂਹ ਪੱਥਰ ਰੱਖਿਆ।

ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਨੂੰ ਨਤਮਸਤਕ ਹੋਣ ਉਪਰੰਤ ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਜੀ ਦੀ ਧਾਰਮਿਕ ਸਹਿਣਸ਼ੀਲਤਾ, ਧਰਮ ਨਿਰਪੱਖਤਾ ਅਤੇ ਧਾਰਮਿਕ ਆਜ਼ਾਦੀ ਦੀ ਮਹਾਨ ਵਿਰਾਸਤ ਹੈ ਜੋ ਬਰਾਬਰੀ ਵਾਲੇ ਸਮਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਨਾਲ ਰਹਿਣ ਲਈ ਮਨੁੱਖਤਾ ਦਾ ਮਾਰਗ ਦਰਸ਼ਨ ਕਰਦੀ ਰਹੇਗੀ। ਸ੍ਰੀ ਚੰਨੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ ਆਰ ਅੰਬੇਦਕਰ, ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਤੋਂ ਇਲਾਵਾ ਸੰਵਿਧਾਨ ਸਭਾ ਦੇ ਮੈਂਬਰਾਂ ਨੇ ਗੁਰੂ ਸਾਹਿਬ ਦੀ ਲਾਮਿਸਾਲ ਕੁਰਬਾਨੀ ਤੋਂ ਪ੍ਰੇਰਣਾ ਲੈ ਕੇ ਧਰਮ ਨਿਰਪੱਖਤਾ ਦੇ ਸਿਧਾਂਤਾਂ ’ਤੇ ਸੰਵਿਧਾਨ ਦੀ ਨੀਂਹ ਰੱਖੀ ਸੀ ਜਿਨ੍ਹਾਂ ਨੇ ਦੂਜੇ ਧਰਮਾਂ ਦੇ ਲੋਕਾਂ ਖਾਸ ਕਰਕੇ ਹਿੰਦੂਆਂ ਨੂੰ ਬਿਨਾਂ ਕਿਸੇ ਅਧੀਨਗੀ ਅਤੇ ਜਬਰ ਦੇ ਸਾਰੇ ਧਰਮਾਂ ਦਾ ਪਾਲਣ ਕਰਨ ਦੇ ਯੋਗ ਬਣਾਉਣ ਲਈ ਆਪਣਾ ਜੀਵਨ ਨਿਛਾਵਰ ਕਰ ਦਿੱਤਾ ਸੀ। ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਸੱਚੇ ਸ਼ਰਧਾਲੂ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਭਾਈ ਜੈਤਾ ਜੀ ਦੇ ਜਨਮ ਦਿਵਸ ’ਤੇ ਹਰ ਸਾਲ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ।

ਇਸ ਮੌਕੇ ਮੁੱਖ ਮੰਤਰੀ ਨੇ ਚਾਰ ਪ੍ਰਾਜੈਕਟਾਂ ਦਾ ਡਿਜੀਟਲ ਤੌਰ ’ਤੇ ਨੀਂਹ ਪੱਥਰ ਰੱਖਿਆ ਜਿਨ੍ਹਾਂ ਵਿੱਚ 1.5 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਤੇਗ ਬਹਾਦਰ ਅਜਾਇਬਘਰ ਦਾ ਆਧੁਨਿਕੀਕਰਨ ਅਤੇ ਅਪਗ੍ਰੇਡ ਕਰਨ, 10 ਕਰੋੜ ਰੁਪਏ ਦੀ ਲਾਗਤ ਨਾਲ 62 ਏਕੜ ਰਕਬੇ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ’ਤੇ ਨੇਚਰ ਪਾਰਕ ਵਿਕਸਤ ਕਰਨ (ਪਾਰਕ ਵਿੱਚ ਉਹ ਰੁੱਖ ਲਾਏ ਜਾਣਗੇ ਜਿਨ੍ਹਾਂ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਵਿੱਚ ਜ਼ਿਕਰ ਮਿਲਦਾ ਹੈ), 4.16 ਕਰੋੜ ਰੁਪਏ ਦੀ ਲਾਗਤ ਨਾਲ ਇਕ ਮੈਗਾਵਾਟ ਦੀ ਸਮਰੱਥਾ ਵਾਲਾ ਸੋਲਰ ਪ੍ਰਾਜੈਕਟ ਅਤੇ 2.63 ਕਰੋੜ ਰੁਪਏ ਦੀ ਲਾਗਤ ਨਾਲ ਭਾਈ ਜੈਤਾ ਜੀ ਯਾਦਗਾਰ ਦੇ ਦੂਜੇ ਪੜਾਅ ਦਾ ਪ੍ਰਾਜੈਕਟ ਸ਼ਾਮਲ ਹਨ।

ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਦੀ ਅਪੀਲ ਨੂੰ ਸਵੀਕਾਰ ਕਰਦਿਆਂ ਚੰਨੀ ਨੇ ਕਮਿਊਨਿਟੀ ਸੈਂਟਰ ਲਈ 5 ਕਰੋੜ ਰੁਪਏ ਅਤੇ ਨਗਰ ਕੌਂਸਲ ’ਚ ਫਾਇਰ ਬ੍ਰਿਗੇਡ ਸਟੇਸ਼ਨ ਸਥਾਪਤ ਕਰਨ ਦਾ ਐਲਾਨ ਕੀਤਾ। ਆਪਣੇ ਸੰਬੋਧਨ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਵੀ ਲੋਕਾਂ ਨੂੰ ਗੁਰੂ ਤੇਗ ਬਹਾਦਰ ਜੀ ਦੀ ਵਿਚਾਰਧਾਰਾ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਨੀ ਲਾਂਡਰਿੰਗ: ਜੈਕੁਲਿਨ ਫਰਨਾਂਡੇਜ਼ ਈਡੀ ਅੱਗੇ ਪੇਸ਼
Next articleਮੁੱਖ ਮੰਤਰੀ ਵੱਲੋਂ ਮੰਡੀ ਵਿੱਚ ਹਸਪਤਾਲ ਤੇ ਸਕੂਲ ਬਣਾਉਣ ਦਾ ਐਲਾਨ