ਅੰਮ੍ਰਿਤਸਰ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਰੇਤ ਸਸਤੀ ਕਰਨ ਤੇ ਹੋਰ ਮਾਮਲਿਆਂ ਵਿਚ ਝੂਠ ਬੋਲਣ ਦਾ ਦੋਸ਼ ਲਾਇਆ ਹੈ।
ਉਨ੍ਹਾਂ ਕਿਹਾ ਕਿ ਚੰਨੀ ਵੱਲੋਂ ਲੱਖਾਂ ਰੁਪਏ ਦੇ ਇਸ਼ਤਿਹਾਰ ਦੇ ਕੇ ਅਤੇ ਬੋਰਡ ਲਾ ਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਈ ਹਜ਼ਾਰ ਕੱਚੇ ਮੁਲਾਜ਼ਮ ਪੱਕੇ ਕਰ ਦਿੱਤੇ ਗਏ ਹਨ ਪਰ ਹੁਣ ਤਕ ਕੋਈ ਵੀ ਮੁਲਾਜ਼ਮ ਪੱਕਾ ਨਹੀਂ ਹੋਇਆ। ਮੁੱਖ ਮੰਤਰੀ ਖੁਦ ਕਹਿ ਰਹੇ ਹਨ ਕਿ ਮੁਲਾਜ਼ਮ ਪੱਕੇ ਕਰਨ ਵਾਲਾ ਮਾਮਲਾ ਫਿਲਹਾਲ ਰਾਜਪਾਲ ਦੇ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਰੇਤਾ ਵੀ ਪੰਜ ਰੁਪਏ ਫੁਟ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਇਹ ਵੀ ਸਸਤੀ ਨਹੀਂ ਹੋਈ।
ਅਕਾਲੀ ਆਗੂ ਨੇ ਕਿਹਾ ਕਿ ਦਰਬਾਰ ਸਾਹਿਬ ਬੇਅਦਬੀ ਮਾਮਲੇ ਦੀ ਜਾਂਚ ਲਈ ਸਰਕਾਰ ਨੇ ਵਿਸ਼ੇਸ਼ ਜਾਂਚ ਕਮੇਟੀ ਬਣਾਈ ਸੀ, ਜਿਸ ਨੇ ਦੋ ਦਿਨਾਂ ਵਿਚ ਰਿਪੋਰਟ ਦੇਣੀ ਸੀ। ਹੁਣ 15 ਦਿਨ ਬੀਤ ਚੁੱਕੇ ਹਨ ਪਰ ਮੁਲਜ਼ਮ ਬਾਰੇ ਕੁਝ ਵੀ ਪਤਾ ਨਹੀਂ ਲੱਗਿਆ ਹੈ। ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਦੇ ਜੁਆਇੰਟ ਸਕੱਤਰ ਰਾਕੇਸ਼ ਕੁਮਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਿਹਾ ਅਤੇ ਉਨ੍ਹਾਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ।
ਇਸ ਦੌਰਾਨ ਸੁਖਬੀਰ ਨੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਬੰਦ ਕਮਰਾ ਮੀਟਿੰਗ ਵੀ ਕੀਤੀ ਪਰ ਮੀਟਿੰਗ ਦੇ ਵੇਰਵੇ ਪੱਤਰਕਾਰਾਂ ਨਾਲ ਸਾਂਝੇ ਨਹੀਂ ਕੀਤੇ ਗਏ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly