ਅੰਮ੍ਰਿਤਸਰ (ਸਮਾਜ ਵੀਕਲੀ): ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਯੂਪੀ, ਬਿਹਾਰ ਅਤੇ ਦਿੱਲੀ ਦੇ ਲੋਕਾਂ ਨੂੰ ਭਈਆ ਅਤੇ ਬਾਹਰੀ ਕਹਿਣ ’ਤੇ ਸਖਤ ਇਤਰਾਜ਼ ਪ੍ਰਗਟਾਉਂਦਿਆਂ ਦੋਸ਼ ਲਾਇਆ ਕਿ ਕਾਂਗਰਸ ਦੇਸ਼ ਨੂੰ ਵੰਡਣਾ ਚਾਹੁੰਦੀ ਹੈ। ਉਹ ਅੱਜ ਇੱਥੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਆਏ ਸਨ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਵੀ ਟੇਕਿਆ।
ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਰੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂ ਨਾਨਕ ਦੇਵ ਦੀ ਧਰਤੀ ਹੈ, ਜਿਨ੍ਹਾਂ ਸਰਬੱਤ ਦੇ ਭਲੇ ਦਾ ਸੁਨੇਹਾ ਦਿੱਤਾ ਅਤੇ ਸਮੁੱਚੀ ਮਨੁੱਖਤਾ ਨੂੰ ਇਕ ਪ੍ਰਮਾਤਮਾ ਦਾ ਅੰਸ਼ ਦੱਸਿਆ ਹੈ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੀਨੀਅਰ ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਦੀ ਹਾਜ਼ਰੀ ’ਚ ਆਖਿਆ ਕਿ ਯੂਪੀ, ਬਿਹਾਰ ਤੇ ਦਿੱਲੀ ਦੇ ਭਈਆਂ ਨੂੰ ਪੰਜਾਬ ਦੀ ਸੱਤਾ ’ਤੇ ਕਾਬਜ਼ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਇਹ ਸਮਾਜ ਨੂੰ ਵੰਡਣ ਵਾਲੀ ਗੱਲ ਹੈ। ਰਾਜਨਾਥ ਨੇ ਕਿਹਾ ਕਿ ਜਦੋਂ ਮੁੱਖ ਮੰਤਰੀ ਨੇ ਇਹ ਕਿਹਾ ਤਾਂ ਉਸ ਵੇਲੇ ਪ੍ਰਿਯੰਕਾ ਗਾਂਧੀ ਵੀ ਨਾਲ ਸਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਲੋਕਤੰਤਰ ਦੇ ਨਾਂ ’ਤੇ ਲੁੱਟਤੰਤਰ ਚਲਾ ਰਹੀ ਹੈ, ਜਿਸ ਤੋਂ ਲੋਕ ਹੁਣ ਬਦਲਾਅ ਚਾਹੁੰਦੇ ਹਨ। ਆਮ ਆਦਮੀ ਪਾਰਟੀ ਨੂੰ ਕਰੜੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ ‘ਆਪ’ ਇੱਥੇ ਨਸ਼ੇ ਖਤਮ ਕਰਨ ਦਾ ਦਾਅਵਾ ਕਰ ਰਹੀ ਹੈ ਪਰ ਦਿੱਲੀ ਵਿੱਚ ਸ਼ਰਾਬ ਦੇ ਠੇਕਿਆਂ ਦੀ ਗਿਣਤੀ ਵਧਾ ਰਹੀ ਹੈ। ਇਸ ਮੌਕੇ ਸਰਕਾਰੀ ਮੈਡੀਕਲ ਕਾਲਜ ਦੀ ਸੇਵਾਮੁਕਤ ਪ੍ਰਿੰਸੀਪਲ ਡਾ. ਸੁਜਾਤਾ ਸ਼ਰਮਾ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly