ਅੰਮ੍ਰਿਤਸਰ (ਸਮਾਜ ਵੀਕਲੀ): ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਕਾਂਗਰਸ ਵੱਲੋਂ ਐਲਾਨੇ ਗਏ ਮੁੱਖ ਮੰਤਰੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਇਸ ਵਾਰ ਮੁੱਖ ਮੰਤਰੀ ਨਹੀਂ ਬਣ ਸਕਣਗੇ ਕਿਉਂਕਿ ਉਹ ਚਮਕੌਰ ਸਾਹਿਬ ਅਤੇ ਭਦੌੜ ਦੋਵਾਂ ਵਿਧਾਨ ਸਭਾ ਹਲਕਿਆਂ ਤੋਂ ਚੋਣ ਹਾਰ ਰਹੇ ਹਨ । ਸ੍ਰੀ ਕੇਜਰੀਵਾਲ ਅੰਮ੍ਰਿਤਸਰ ਦੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਪ੍ਰਚਾਰ ਲਈ ਪੁੱਜੇ ਹਨ। ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਗਏ ਸਰਵੇਖਣ ਦੌਰਾਨ ਸਾਹਮਣੇ ਆਇਆ ਕਿ ਦੋਵਾਂ ਵਿਧਾਨ ਸਭਾ ਹਲਕਿਆਂ ਵਿਚ ਕਾਂਗਰਸ ਦਾ ਉਮੀਦਵਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਾਲੋਂ ਪਿੱਛੇ ਚੱਲ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਥਿਤੀ ਦਿਨੋਂ ਦਿਨ ਮਜ਼ਬੂਤ ਹੋ ਰਹੀ ਹੈ ਅਤੇ ਇਨ੍ਹਾਂ ਦੋਵਾਂ ਹਲਕਿਆਂ ਵਿੱਚ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਜਿੱਤ ਹੋਵੇਗੀ।
ਇਸ ਲਈ ਚੋਣ ਹਾਰ ਜਾਣ ਕਾਰਨ ਚਰਨਜੀਤ ਸਿੰਘ ਚੰਨੀ ਮੁੜ ਮੁੱਖ ਮੰਤਰੀ ਨਹੀਂ ਬਣ ਸਕਣਗੇ। ਉਨ੍ਹਾਂ ਕਿਹਾ ਕਿ ਈਡੀ ਵੱਲੋਂ ਉਸ ਦੇ ਰਿਸ਼ਤੇਦਾਰ ਕੋਲੋਂ ਕੀਤੀ ਪੁੱਛ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਮਾਮਲੇ ਵਿਚ ਚਰਨਜੀਤ ਸਿੰਘ ਚੰਨੀ ਦੀ ਵੀ ਸ਼ਮੂਲੀਅਤ ਹੈ ਪਰ ਇਸਦੇ ਬਾਵਜੂਦ ਹੁਣ ਤਕ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੇ ਸ੍ਰੀ ਚੰਨੀ ਨੂੰ ਦਿੱਤੀ ਗਈ ਕਲੀਨ ਚਿੱਟ ਤੇ ਸਵਾਲੀਆ ਚਿੰਨ੍ਹ ਲਾਉਂਦਿਆਂ ਕਿਹਾ ਕਿ ਉਸ ਵੱਲੋਂ ਆਪਣੇ ਹੀ ਭਰੋਸੇਯੋਗ ਅਧਿਕਾਰੀਆਂ ਕੋਲੋਂ ਜਾਂਚ ਕਰਵਾ ਕੇ ਕਲੀਨ ਚਿੱਟ ਪ੍ਰਾਪਤ ਕੀਤੀ ਗਈ ਹੈ। ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਨਵਜੋਤ ਸਿੰਘ ਸਿੱਧੂ ਵੱਲੋਂ ਵਿਰੋਧੀ ਉਮੀਦਵਾਰਾਂ ਤੇ ਹੋਰਨਾਂ ਖ਼ਿਲਾਫ਼ ਵਰਤੀ ਜਾ ਰਹੀ ਇਤਰਾਜ਼ਯੋਗ ਸ਼ਬਦਾਵਲੀ ਬਾਰੇ ਉਨ੍ਹਾਂ ਕਿਹਾ ਕਿ ਅਜਿਹੀ ਸ਼ਬਦਾਵਲੀ ਸਿੱਧੂ ਨੂੰ ਹੀ ਮੁਬਾਰਕ ਹੈ। ਨਵਜੋਤ ਸਿੰਘ ਸਿੱਧੂ ਦੇ ਪੰਜਾਬ ਮਾਡਲ ਬਾਰੇ ਟਿੱਪਣੀ ਕਰਦਿਆਂ ਸ੍ਰੀ ਭਗਵੰਤ ਮਾਨ ਨੇ ਆਖਿਆ ਕਿ ਇਹ ਮਾਡਲ ਸਿਰਫ਼ ਸ੍ਰੀ ਸਿੱਧੂ ਦਾ ਹੈ ਨਾ ਕਿ ਪੰਜਾਬ ਕਾਂਗਰਸ ਦਾ ਹੈ। ਇਸ ਦੌਰਾਨ ਸ੍ਰੀ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਸ਼ਹਿਰ ਵਿੱਚ ਵੱਖ ਵੱਖ ਹਲਕਿਆਂ ਵਿਚ ਰੋਡ ਮਾਰਚ ਕੀਤਾ ਗਿਆ ਹੈ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly