ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਵਿਧਾਨ ਸਭਾ ਹਲਕਾ ਚੱਬੇਵਾਲ ਦੇ ਵਿਧਾਇਕ ਡਾ.ਇਸ਼ਾਂਕ ਨੇ ਪਿੰਡ ਚਾਣਸੂ ਬ੍ਰਾਹਮਣਾ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਵਾਸੀਆਂ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਵਿਧਾਇਕ ਡਾ: ਇਸ਼ਾਂਕ ਨੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਮਾਜ ਨੂੰ ਪਿਆਰ, ਬਰਾਬਰੀ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ ਹਨ ਅਤੇ ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲ ਕੇ ਸਮਾਜ ਵਿਚ ਸਦਭਾਵਨਾ ਅਤੇ ਏਕਤਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਇਸ ਉਪਰੰਤ ਵਿਧਾਇਕ ਨੇ ਪਿੰਡ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਓਪਨ ਜਿੰਮ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ ਜਿੰਮ ਪਿੰਡ ਦੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਸਿਹਤਮੰਦ ਸਰੀਰ ਦੇ ਜ਼ਰੀਏ ਹੀ ਸਰਕਾਰ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਹ ਓਪਨ ਜਿਮ ਇਸ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ। ਪਿੰਡ ਵਾਸੀਆਂ ਨੇ ਵਿਧਾਇਕ ਡਾ: ਇਸ਼ਾਂਕ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਦੀ ਵਿਕਾਸ ਪੱਖੀ ਸੋਚ ਲਈ ਧੰਨਵਾਦ ਕੀਤਾ। ਸਥਾਨਕ ਸਰਪੰਚ ਇੰਦਰਜੀਤ ਕੌਰ ਨੇ ਕਿਹਾ, “ਪਿੰਡ ਵਿੱਚ ਅਜਿਹੀ ਸਹੂਲਤ ਹੋਣ ਨਾਲ ਨੌਜਵਾਨ ਖੇਡਾਂ ਅਤੇ ਤੰਦਰੁਸਤੀ ਪ੍ਰਤੀ ਜਾਗਰੂਕ ਹੋਣਗੇ। ਸਾਨੂੰ ਮਾਣ ਹੈ ਕਿ ਸਾਡੇ ਪਿੰਡ ਨੂੰ ਇਹ ਤੋਹਫ਼ਾ ਮਿਲਿਆ ਹੈ।” ਇਸ ਦੌਰਾਨ ਵਿਧਾਇਕ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਲਾਕੇ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ਗਗਨਦੀਪ ਸਰਪੰਚ, ਮੀਨਾ ਪੰਚ, ਅਸ਼ੋਕ ਕੁਮਾਰ ਪੰਚ, ਅਜੇ ਕੁਮਾਰ ਪੰਚ, ਮਨਜੀਤ ਕੌਰ, ਸ਼ਿਵ ਕੁਮਾਰ, ਸੁਰਿੰਦਰ ਕੌਰ, ਸਤਵੰਤ ਰਾਏ, ਲੰਬੜਦਾਰ ਸਤਪਾਲ, ਸਤਵੰਤ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj