ਸਾਈਬਰ ਸੇਫਟੀ ਵਿਸ਼ੇ ‘ਤੇ ਅਧਿਆਪਕਾਂ ਨੂੰ ਕੀਤਾ ਜਾਗਰੂਕ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਇਲਡ ਰਾਇਟਸ ਅਤੇ ਪੰਜਾਬ ਸਟੇਟ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਇਲਡ ਰਾਇਟਸ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਦਾ ਵਿਸ਼ਾ ਸਾਈਬਰ ਸੇਫਟੀ ਸੀ। ਜਿਲ੍ਹਾ ਪ੍ਰਸ਼ਾਸ਼ਨ ਅਤੇ ਜਿਲਾ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਕਰਵਾਈ ਗਈ ਇਸ ਵਰਕਸ਼ਾਪ ਵਿੱਚ ਸਟੇਟ ਕਮਿਸ਼ਨ ਦੇ ਚੇਅਰਮੈਨ  ਕੰਵਰਦੀਪ ਸਿੰਘ ਮੁੱਖ ਬੁਲਾਰੇ ਸਨ ਜਦਕਿ ਐਸਡੀਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਜਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਡਾ. ਗੁਰਿੰਦਰਜੀਤ ਕੌਰ, ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਕਮਲਦੀਪ ਕੌਰ, ਉੱਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਧੀਰਜ ਵਸ਼ਿਸ਼ਟ , ਡੀ.ਸੀ.ਪੀ. ਓ ਹੁਸ਼ਿਆਰਪੁਰ ਹਰਪ੍ਰੀਤ ਕੌਰ, ਸੀ. ਡੀ. ਪੀ. ਓ ਮੰਜੂ ਬਾਲਾ ਅਤੇ ਨੈਸ਼ਨਲ ਕਮਿਸ਼ਨ ਤੋਂ ਵਿਸ਼ੇਸ਼ ਪ੍ਰਤੀਨਿਧੀ ਦੇ ਨਾਤੇ ਚਾਰਵੀ ਸੇਠੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਕਾਰਜਸ਼ਾਲਾ ਵਿਚ ਸਭ ਤੋਂ ਪਹਿਲਾ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਡਾ. ਗੁਰਿੰਦਰਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਰਸਮੀ ਸੁਆਗਤ ਕੀਤਾ। ਉਹਨਾਂ ਤੋਂ ਬਾਦ ਸਟੇਟ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਆਪਣੇ ਵਿਚਾਰ ਰੱਖੇ। ਸਟੇਟ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ  ਨੈਸ਼ਨਲ ਕਮਿਸ਼ਨ ਫਾਰ ਚਾਈਲਡ ਰਾਈਟਸ ਨੇ ਸਕੂਲਾਂ ਵਿੱਚ ਬੱਚਿਆਂ ਦੀ ਸੁਰੱਖਿਆ ਅਤੇ ਸੁਰੱਖਿਆ ਬਾਰੇ ਇੱਕ ਮੈਨੂਅਲ ਪ੍ਰਕਾਸ਼ਿਤ ਕੀਤਾ ਹੈ, ਜਿਸ ਵਿੱਚ ਸਾਈਬਰ ਸੁਰੱਖਿਆ ਬਾਰੇ ਦਿਸ਼ਾ-ਨਿਰਦੇਸ਼ ਸ਼ਾਮਲ ਹਨ। ਮੈਨੂਅਲ ਸਕੂਲਾਂ ਨੂੰ ਸਾਈਬਰ ਸੁਰੱਖਿਆ ਨਿਯਮਾਂ ਨੂੰ “ਕੀ ਕਰਨਾ ਅਤੇ ਨਾ ਕਰਨਾ” ਦੇ ਰੂਪ ਵਿੱਚ ਬਣਾਉਣ ਦੀ ਲੋੜ ‘ਤੇ ਜ਼ੋਰ ਦਿੰਦਾ ਹੈ ਅਤੇ ਸਾਈਬਰ ਧੱਕੇਸ਼ਾਹੀ ਅਤੇ ਦੁਰਵਿਵਹਾਰ ਦੇ ਮਾਮਲਿਆਂ ਦੀ ਰਿਪੋਰਟ ਕਿਵੇਂ ਅਤੇ ਕਿੱਥੇ ਕਰਨੀ ਹੈ, ਇਸ ਬਾਰੇ ਇੱਕ ਕਦਮ-ਦਰ-ਕਦਮ ਗਾਈਡ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿੱਦਿਅਕ ਸੰਸਥਾ ਵਿਦਿਆਰਥੀਆਂ ਤੋਂ ਦਾਖਲੇ ਦੇ ਵਕਤ ਜ਼ਬਰਦਸਤੀ ਚੰਦੇ ਦੀ ਮੰਗ ਕਰਦੀ ਹੈ ਤਾਂ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਕੂਲ ਕਿਸੇ ਵਿਦਿਆਰਥੀ ਦੀ ਮੰਗ ’ਤੇ ਸਕੂਲ ਛੱਡਣ ਦੇ ਸਰਟੀਫਿਕੇਟ ਦੇ ਬਦਲੇ ਪੈਸੇ ਦੀ ਮੰਗ ਕਰਦਾ ਹੈ ਤਾਂ ਇਸ ਦੀ ਸੂਚਨਾ ਕਮਿਸ਼ਨ ਨੂੰ ਵੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਸਕੂਲਾਂ ਦੀ ਟਰਾਂਸਪੋਰਟੇਸ਼ਨ ਦੀ ਮੋਨੀਟਰਿੰਗ ਲਈ ਨੋਡਲ ਏਜੰਸੀ ਕਮਿਸ਼ਨ ਹੈ।
ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲਾਂ ਦੀ ਅਹਿਮ ਜ਼ਿੰਮੇਵਾਰੀ ਹੈ ਅਤੇ ਵਿਦਿਆਰਥੀਆਂ ਨੂੰ ਮਜ਼ਬੂਤ ਫਾਇਰਵਾਲ, ਪਾਸਵਰਡ ਪ੍ਰੋਟੋਕੋਲ ਅਤੇ ਜਾਗਰੂਕਤਾ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ। ਇਸ ਦੌਰਾਨ ਡੀ.ਸੀ.ਪੀ.ਓ ਹੁਸ਼ਿਆਰਪੁਰ ਹਰਪ੍ਰੀਤ ਕੌਰ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਕਮਲਦੀਪ ਕੌਰ, ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਡਾ ਗੁਰਿੰਦਰਜੀਤ ਕੌਰ, ਕ੍ਰਿਸ਼ਨ ਗੋਪਾਲ ਅਤੇ ਸਰਜੂ ਸੂਰੀ ਨੇ ਵੀ ਆਪਣੇ ਵਿਚਾਰ ਰੱਖੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਸਰਕਾਰ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਲਗਾਤਾਰ ਕਰ ਰਹੀ ਹੈ ਉਪਰਾਲੇ – ਸੰਦੀਪ ਸੈਣੀ
Next articleਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ – ਡਾਕਟਰ ਬਲਜੀਤ ਕੌਰ