ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਚੰਡੀਗੜ੍ਹ (ਸਮਾਜ ਵੀਕਲੀ):  ਚਮਕੌਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਭਵਨ ਪਹੁੰਚ ਕੇ 16ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਦੇ ਨਾਲ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਨੇ ਵੀ ਸਹੁੰ ਚੁੱਕੀ ਹੈ ਜੋ ਕਿ ਉਪ ਮੁੱਖ ਮੰਤਰੀ ਲਗਾਇਆ ਜਾਵੇਗਾ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਣੇ ਹੋਰ ਵਿਧਾਇਕ ਵੀ ਹਾਜ਼ਰ ਸਨ।

ਪੰਜਾਬ ਦੇ ਸਿਆਸੀ ਇਤਿਹਾਸ ’ਚ ਪਹਿਲੀ ਦਫ਼ਾ ਕੋਈ ਦਲਿਤ ਆਗੂ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠੇ ਹਨ। ਇਸ ਤੋਂ ਪਹਿਲਾਂ ਰਾਮਗੜ੍ਹੀਆ ਭਾਈਚਾਰੇ ਵਿੱਚੋਂ ਗਿਆਨੀ ਜ਼ੈਲ ਸਿੰਘ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ। ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਕੈਪਟਨ ਸਰਕਾਰ ਵਿੱਚ ਤਕਨੀਕੀ ਸਿੱਖਿਆ ਮੰਤਰੀ ਸਨ। ਉਹ ਚਮਕੌਰ ਸਾਹਿਬ ਤੋਂ ਲਗਾਤਾਰ ਤੀਜੀ ਵਾਰ ਵਿਧਾਇਕ ਬਣੇ ਹਨ। ਸਹੁੰ ਚੁੱਕ ਖ਼ਤਮ ਹੋਣ ਤੋਂ ਕੁਝ ਹੀ ਮਿੰਟਾਂ ਬਾਅਦ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੀ ਰਾਜ ਭਵਨ ਪਹੁੰਚ ਗਏ ਜਿਨ੍ਹਾਂ ਚੰਨੀ ਸਣੇ ਸਹੁੰ ਚੁੱਕਣ ਵਾਲੇ ਤਿੰਨੋਂ ਆਗੂਆਂ ਨੂੰ ਵਧਾਈ ਦਿੱਤੀ।

ਸਹੁੰ ਚੁੱਕਣ ਤੋਂ ਬਾਅਦ ਆਪਣੀ ਪਹਿਲੀ ਪ੍ਰੈੱਸ ਕਾਨਫ਼ਰੰਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਤਿੰਨੋਂ ਕੇਂਦਰੀ ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਸ੍ਰੀ ਚੰਨੀ ਨੇ ਇਹ ਵੀ ਕਿਹਾ ਕਿ ਰੇਤ ਮਾਫੀਆ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਸਾਰੇ ਮੁੱਦਿਆਂ ਦਾ ਹੱਲ ਹੋਵੇਗਾ। ਉਨ੍ਹਾਂ ਕਾਂਗਰਸ ਦੀ ਲੀਡਰਸ਼ਿਪ ਵੱਲੋਂ ਤੈਅ 18 ਸੂਤਰੀ ਪ੍ਰੋਗਰਾਮ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਹ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਆਉਣ ਵਾਲੇ ਦਿਨਾਂ ਵਿਚ ਸਾਰੇ ਮਸਲਿਆਂ ਦਾ ਹੱਲ ਹੋਵੇਗਾ।

ਉਨ੍ਹਾਂ ਛੋਟੇ ਘਰਾਂ (ਸ਼ਹਿਰੀ ਇਲਾਕਿਆਂ ਵਿਚ 150 ਜਾਂ 200 ਗਜ) ਲਈ ਮੁਫ਼ਤ ਪਾਣੀ ਦੀ ਸਪਲਾਈ, ਬਿਜਲੀ ਦਰਾਂ ਘਟਾਉਣ ਅਤੇ ਆਮ ਆਦਮੀ ਲਈ ਇਕ ਪਾਰਦਰਸ਼ੀ ਸਰਕਾਰ ਦੇਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਇਹ ਵਾਅਦੇ ਪੂਰੇ ਕਰਨ ਲਈ ਫ਼ੈਸਲਾ ਮੰਤਰੀ ਮੰਡਲ ਦੀ ਮੀਟਿੰਗ ਵਿਚ ਲਿਆ ਜਾਵੇਗਾ। ਉਨ੍ਹਾਂ ਸੂਬੇ ਵਿਚ ਮਾਫੀਆਂ ਤੋਂ ਸਖ਼ਤੀ ਨਾਲ ਨਿਪਟਣ ਦੀ ਗੱਲ ਵੀ ਕਹੀ। ਉਨ੍ਹਾਂ ਉਹ ਦਿਨ ਵੀ ਚੇਤੇ ਕੀਤੇ ਜਦੋਂ ਉਹ ਰਿਕਸ਼ਾ ਚਲਾਇਆ ਕਰਦੇ ਸਨ ਅਤੇ ਉਨ੍ਹਾਂ ਦੇ ਪਿਤਾ ਇਕ ਟੈਂਟ ਹਾਊਸ ਚਲਾਇਆ ਕਰਦੇ ਸਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleSikh leader underlines need to intensify farmers agitation
Next articleਚੰਨੀ ਨੇ ਮੁੱਖ ਮੰਤਰੀ ਵਜੋਂ ਚਾਰਜ ਸੰਭਾਲਿਆ