ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਅੱਜ ਨਵੇਂ ਸਾਲ ਦੀ ਆਮਦ’ਤੇ ਸਰਬੱਤ ਦੇ ਭਲੇ ਲਈ ਸੀ.ਐਚ.ਸੀ ਹਾਰਟਾ ਬਡਲਾ ਵਿਖੇ ਸਮੂਹ ਸਟਾਫ ਦੇ ਸਹਿਯੋਗ ਨਾਲ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਵੱਲੋ ਕੀਰਤਨ ਕੀਤਾ ਗਿਆ। ਇਸ ਮੌਕੇ ਮਾਣਯੋਗ ਮੈਂਬਰ ਪਾਰਲੀਮੈਂਟ ਡਾਕਟਰ ਰਾਜ ਕੁਮਾਰ ਚੱਬੇਵਾਲ ਵਿਸ਼ੇਸ਼ ਤੌਰ ਹਾਜ਼ਰ ਹੋਏ। ਇਸ ਮੌਕੇ ਜ਼ਿਲਾ ਟੀਕਾਕਰਨ ਅਫਸਰ ਡਾ.ਸੀਮਾ ਗਰਗ,ਜ਼ਿਲਾ ਸਿਹਤ ਅਫਸਰ ਡਾ ਜਤਿੰਦਰ ਭਾਟੀਆ,ਡਿਪਟੀ ਮਾਸ ਮੀਡੀਆ ਅਫਸਰ ਤ੍ਰਿਪਤਾ ਦੇਵੀ,ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ ਹਾਜ਼ਰ ਰਹੇ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ, ਕੀਰਤਨ ਅਤੇ ਅਰਦਾਸ ਉਪਰੰਤ ਡਾਕਟਰ ਰਾਜ ਕੁਮਾਰ ਚੱਬੇਵਾਲ ਜੀ ਨੇ ਸਮੂਹ ਸਟਾਫ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਦੇ ਹੋਏ ਨਵੀਂ ਸੋਚ ਨਾਲ ਸ਼ੁਰੂਆਤ ਕਰਨ ਲਈ ਕਿਹਾ।ਉਨਾਂ ਸੰਗਤ ਤੇ ਰੂਪ ਵਿੱਚ ਹਾਜ਼ਰ ਸਮੂਹ ਸਟਾਫ ਨੂੰ ਮੁਬਾਰਕਬਾਦ ਦਿੰਦੇ ਹੋਏ ਨਵੇ ਸਾਲ ਵਿੱਚ ਆਪਣਾ ਕੰਮ ਪੂਰੀ ਤਨਦੇਹੀ, ਇਮਾਨਦਾਰੀ ਅਤੇ ਬਿਨਾਂ ਭੇਦ ਭਾਵ ਤੋਂ ਕਰਨ ਲਈ ਕਿਹਾ ਤਾਂ ਜੋ ਲੋਕਾਂ ਨੂੰ ਬੇਹਤਰ ਤੇ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ। ਉਨਾਂ ਕਿਹਾ ਕਿ ਸਿਹਤ ਵਿਭਾਗ ਪੰਜਾਬ ਦੀਆਂ ਲੋਕ ਭਲਾਈ ਅਤੇ ਸਿਹਤ ਸੰਭਾਲ ਯੋਜਨਾਵਾਂ ਦਾ ਵਧ ਤੋਂ ਵੱਧ ਪ੍ਰਚਾਰ-ਪ੍ਰਸਾਰ ਆਮ ਲੋਕਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਲੋਕ ਇਨਾਂ ਦਾ ਆਸਾਨੀ ਨਾਲ ਲਾਭ ਉਠਾ ਸਕਣ। ਉਨਾਂ ਕਿਹਾ ਕਿ ਮੇਰੀ ਇਹ ਕੋਸ਼ਿਸ਼ ਰਹਿੰਦੀ ਹੈ ਸੀ.ਐਚ.ਸੀ ਨੂੰ ਹੋਰ ਬੇਹਤਰ ਸਿਹਤ ਸਹੂਲਤਾਂ ਉਪਲੱਭਧ ਕਰਵਾਈਆਂ ਜਾਣ ਤਾਂ ਜੋ ਪਿੰਡ ਵਾਸੀਆਂ ਨੂੰ ਇੱਕ ਛੱਤ ਥੱਲੇ ਹੀ ਸਿਹਤ ਸੇਵਾਂਵਾਂ ਮਿਲ ਸਕਣ। ਉਹਨਾਂ ਕਿਹਾ ਕਿ ਜਲਦ ਹੀ ਇੱਥੇ ਬਲਾਕ ਹੈਲਥ ਯੂਨਿਟ ਬਣਨ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਮਿਲ ਸਕਣਗੀਆਂ। ਇਸ ਮੌਕੇ ਆਈ ਹੋਈ ਸੰਗਤ ਦਾ ਧੰਨਵਾਦ ਕਰਦੇ ਹੋਏ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸੀ.ਐਚ.ਸੀ ਹਾਰਟਾ ਬਡਲਾ ਡਾ.ਮਨਪ੍ਰੀਤ ਸਿੰਘ ਬੈਂਸ ਨੇ ਕਿਹਾ ਸਾਨੂੰ ਸਾਹਿਬ ਸ਼੍ਰੀ ਗੁਰੂ ਗ੍ਰੰਥ ਜੀ ਦਾ ਨਾਲ ਜੁੜ ਕੇ ਆਪਣਾ ਜੀਵਨ ਨੂੰ ਸਫਲ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਸੀ.ਐਚ.ਸੀ ਦੇ ਹਰ ਅਧਿਕਾਰੀ ਤੇ ਕਰਮਚਾਰੀ ਨੇ ਆਪਣੀ ਡਿਉਟੀ ਬਾਖੂਬੀ ਨਿਭਾਈ ਹੈ ਅਤੇ ਭਵਿੱਖ ਵਿੱਚ ਵੀ ਚੰਗੀਆਂ ਸੇਵਾਵਾਂ ਦੇਣ ਲਈ ਵਚਨਵੱਧ ਹੈ। ਇਸ ਮੌਕੇ ਸੀ.ਐਚ.ਸੀ ਦਾ ਸਮੂਹ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਤੋਂ ਇਲਾਵਾ ਪਿੰਡ ਦੇ ਸਰਪੰਚ ਸ਼੍ਰੀ ਰੋਸ਼ਨ ਲਾਲ ਅਤੇ ਮਨੋਹਰ ਮੋਤੀ ਹਾਜ਼ਰ ਰਹੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj