ਸਿੱਖਿਆ ਵਸਤਾਂ ’ਤੇ ਜੀਐੱਸਟੀ ਵਧਾਉਣ ਦੀ ਤਜਵੀਜ਼ ਦਾ ਚੀਮਾ ਵੱਲੋਂ ਵਿਰੋਧ

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੀਡੀਓ ਕਾਨਫਰੰਸਿੰਗ ਰਾਹੀਂ ਜੀਐੱਸਟੀ ਕੌਂਸਲ ਦੀ 48ਵੀਂ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਸਿੱਖਿਆ ਨਾਲ ਸਬੰਧਤ ਵਸਤਾਂ ’ਤੇ ਜੀਐੱਸਟੀ ਵਿੱਚ ਵਾਧਾ ਕਰਨ ਦਾ ਵਿਰੋਧ ਕੀਤਾ। ਉਨ੍ਹਾਂ ਪੈਨਸਿਲ ਸ਼ਾਰਪਨਰਾਂ ’ਤੇ ਜੀਐੱਸਟੀ 12 ਫ਼ੀਸਦੀ ਤੋਂ ਵਧਾ ਕੇ 18 ਫੀਸਦੀ ਦੀ ਸਲੈਬ ’ਤੇ ਲਿਆਉਣ ਦੀ ਤਜਵੀਜ਼ ਦਾ ਵਿਰੋਧ ਕੀਤਾ। ਚੀਮਾ ਦੇ ਇਸ ਨੁਕਤੇ ਦਾ ਹੋਰ ਨੁਮਾਇੰਦਿਆਂ ਨੇ ਵੀ ਸਮਰਥਨ ਕੀਤਾ, ਜਿਸ ਤੋਂ ਬਾਅਦ ਇਸ ਸਬੰਧੀ ਫੈਸਲਾ ਟਾਲ ਦਿੱਤਾ ਗਿਆ। ਇਹ ਮੀਟਿੰਗ ਕੇਂਦਰੀ ਵਿੱਤ ਮੰਤਰੀ ਤੇ ਜੀਐੱਸਟੀ ਕੌਂਸਲ ਦੀ ਚੇਅਰਪਰਸਨ ਨਿਰਮਲਾ ਸੀਤਾਰਾਮਨ ਦੀ ਅਗਵਾਈ ਹੇਠ ਹੋ ਰਹੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਨੇ ਪੈਟਰੋਲ ਨਾਲ ਮਿਲਾਵਟ ਕਰਨ ਲਈ ਰਿਫਾਇਨਰੀਆਂ ਨੂੰ ਸਪਲਾਈ ਕੀਤੇ ਜਾਣ ਵਾਲੇ ਇਥਾਇਲ ਅਲਕੋਹਲ ਲਈ ਜੀਐੱਸਟੀ ਦੀਆਂ ਦਰਾਂ ਵਿੱਚ ਤਬਦੀਲੀ ਬਾਰੇ ਕੀਤੀ ਗਈ ਸਿਫ਼ਾਰਸ਼ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਰਾਜ ਦੀ ਅੰਦਰੂਨੀ ਸਪਲਾਈ ’ਤੇ ਈ-ਵੇਅ ਬਿੱਲ ਜਾਰੀ ਕਰਨ ਦੀ ਸੀਮਾ ਨਿਰਧਾਰਤ ਕਰਨ ਦੀ ਸ਼ਕਤੀ ਖ਼ਤਮ ਹੋ ਜਾਵੇਗੀ। ਜੀਐੱਸਟੀ ਕੌਂਸਲ ਨੇ ਇਸ ਸਬੰਧ ਵਿੱਚ ਸਥਿਤੀ ਜਿਉਂ ਦੀ ਤਿਉਂ ਰੱਖਣ ਲਈ ਸਹਿਮਤੀ ਦਿੱਤੀ। ਸ੍ਰੀ ਚੀਮਾ ਨੇ ਮੀਟਿੰਗ ਦੌਰਾਨ ਫਿਟਮੈਂਟ ਕਮੇਟੀ ਦੀਆਂ ਵੱਖ-ਵੱੱਖ ਸਿਫ਼ਾਰਸ਼ਾਂ ’ਤੇ ਸਹਿਮਤੀ ਪ੍ਰਗਟਾਈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁਕਤਸਰ: ਫਿਰੌਤੀ ਲਈ ਅਗਵਾ ਨੌਜਵਾਨ ਦਾ ਕਤਲ
Next articleਪੰਜਾਬ ਨੂੰ ਗੈਂਗਸਟਰਾਂ ਤੋਂ ਬਚਾਉਣ ਲਈ ਲੋਕ ਪਾਰਟੀਬਾਜ਼ੀ ਤੋਂ ਉੱਪਰ ਉੱਠਣ: ਸੁਖਬੀਰ