ਚੰਡੀਗੜ੍ਹ (ਸਮਾਜ ਵੀਕਲੀ): ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਪਣੀ ਪਾਰਟੀ ਦੀ ਹੋਈ ਨਮੋਸ਼ੀਜਨਕ ਹਾਰ ਮਗਰੋਂ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 174 ਦੀ ਧਾਰਾ (2) ਦੀ ਉਪ ਧਾਰਾ (ਬੀ) ਤਹਿਤ ਮਿਲੀਆਂ ਸ਼ਕਤੀਆਂ ਦੀ ਪਾਲਣਾ ਕਰਦਿਆਂ ਅੱਜ 15ਵੀਂ ਪੰਜਾਬ ਵਿਧਾਨ ਸਭਾ ਨੂੰ ਭੰਗ ਕਰ ਦਿੱਤਾ। ਇਸ ਤੋਂ ਪਹਿਲਾਂ ਕੈਬਨਿਟ ਨੇ ਆਪਣੇ ਕਾਰਜਕਾਲ ਦੀ ਆਖਰੀ ਮੀਟਿੰਗ ਕਰਕੇ 15ਵੀਂ ਪੰਜਾਬ ਵਿਧਾਨ ਸਭਾ ਨੂੰ ਭੰਗ ਕਰਨ ਦੀ ਸਿਫਾਰਸ਼ ਕੀਤੀ ਸੀ। ਇਸ ਨਾਲ ਹੁਣ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਨਵੀਂ ਪੰਜਾਬ ਵਿਧਾਨ ਸਭਾ ਦੇ ਗਠਨ ਦਾ ਰਾਹ ਪੱਧਰਾ ਹੋ ਗਿਆ ਹੈ।
ਰਾਜਪਾਲ ਨਾਲ ਮੁਲਾਕਾਤ ਮਗਰੋਂ ਚੰਨੀ ਨੇ ਮੀਡੀਆ ਨੂੰ ਕਿਹਾ ਕਿ ਉਨ੍ਹਾਂ ਆਪਣਾ ਅਸਤੀਫ਼ਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਚੰਨੀ ਨੇ ਭਦੌੜ ਅਤੇ ਚਮਕੌਰ ਸਾਹਿਬ ਤੋਂ ਚੋਣ ਲੜੀ ਸੀ ਅਤੇ ਉਹ ‘ਆਪ’ ਦੇ ਉਮੀਦਵਾਰਾਂ ਕੋਲੋਂ ਦੋਵੇਂ ਸੀਟਾਂ ਹਾਰ ਗਏ ਹਨ। ਕਾਂਗਰਸ ਪਾਰਟੀ ਨੂੰ ਚੋਣਾਂ ਵਿਚ ਸਿਰਫ਼ 18 ਸੀਟਾਂ ’ਤੇ ਜਿੱਤ ਮਿਲੀ ਹੈ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਅੱਜ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਵਰਚੁਅਲ ਕੈਬਨਿਟ ਮੀਟਿੰਗ ਵਿਚ 15ਵੀਂ ਵਿਧਾਨ ਸਭਾ ਭੰਗ ਕਰਨ ਦਾ ਫੈਸਲਾ ਲਿਆ ਗਿਆ। ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਸਰਬਪੱਖੀ ਵਿਕਾਸ ਅਤੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਆਪਣੇ ਸਾਰੇ ਕੈਬਨਿਟ ਸਾਥੀਆਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨਵੀਂ ਆਉਣ ਵਾਲੀ ਸਰਕਾਰ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਕਾਂਗਰਸ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਗਏ ਫੈਸਲਿਆਂ, ਬਿਜਲੀ ਦਰਾਂ ਵਿੱਚ ਕਟੌਤੀ, ਤੇਲ ’ਤੇ ਵੈਟ ਘਟਾਉਣ ਤੋਂ ਇਲਾਵਾ ਰੇਤਾ-ਬੱਜਰੀ ਦੇ ਰੇਟ ਘਟਾਉਣ ਆਦਿ, ਨੂੰ ਅਗਲੀ ਸਰਕਾਰ ਵੱਲੋਂ ਵੀ ਜਾਰੀ ਰੱਖਿਆ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly