ਅੰਮ੍ਰਿਤਸਰ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਗੁਰਬਾਣੀ ਦੇ ਪ੍ਰਸਾਰਨ ਲਈ ਸ਼੍ਰੋਮਣੀ ਕਮੇਟੀ ਨੂੰ ਹਰ ਸੰਭਵ ਮਦਦ ਦਿੱਤੇ ਜਾਣ ਸਬੰਧੀ ਕੀਤੇ ਦਾਅਵੇ ’ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਪ੍ਰਤੀਕਰਮ ਦਿੱਤਾ ਤੇ ਇਸ ਨੂੰ ਗੁਰੂ ਘਰ ਦੇ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸਰਕਾਰ ਗੁਰੂ ਘਰ ਦੇ ਮਾਮਲਿਆਂ ਵਿਚ ਦਖ਼ਲ ਨਾ ਦੇਵੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਆਪਣੇ ਕੰਮ ਹੁੰਦੇ ਹਨ ਤੇ ਧਰਮ ਦੇ ਖੇਤਰ ਦਾ ਕੰਮ ਵੱਖਰਾ ਹੁੰਦਾ ਹੈ। ਉਨ੍ਹਾਂ ਮੁੱਖ ਮੰਤਰੀ ਦਾ ਧਿਆਨ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਣ ਵਾਲੇ ਰਸਤਿਆਂ ਦੇ ਸੁੰਦਰੀਕਰਨ ਅਤੇ ਉਨ੍ਹਾਂ ਨੂੰ ਖੁੱਲਾ ਕਰਨ ਵੱਲ ਦਿਵਾਇਆ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੀ ਵਿੱਤੀ ਸਥਿਤੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਐੱਸਸੀ ਸਕਾਲਰਸ਼ਿਪ ਦੀ ਦਿੱਤੀ ਜਾਣ ਵਾਲੀ ਕਰੋੜਾਂ ਰੁਪਏ ਦੀ ਰਕਮ ਰੁਕੀ ਹੋਈ ਹੈ, ਜਿਸ ਨੂੰ ਜਾਰੀ ਕੀਤਾ ਜਾਵੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly