ਸਰਕਾਰੀ ਸਕੂਲਾਂ ’ਚ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਤੱਤਪਰ ਪੰਜਾਬ ਸਰਕਾਰ – ਬ੍ਰਹਮ ਸ਼ੰਕਰ ਜਿੰਪਾ

ਵਿਧਾਇਕ ਨੇ 4 ਸਕੂਲਾਂ ’ਚ 1.11 ਕਰੋੜ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕੰਮਾਂ ਦੇ ਕੀਤੇ ਉਦਘਾਟਨ

ਹੁਸ਼ਿਆਰਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਵਿਚ ਕ੍ਰਾਂਤੀਕਾਰੀ ਬਦਆਅ ਲਿਆ ਕੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਖੇਡਾਂ ਵਿਚ ਸਮੇਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਸ਼ਾਮਲ ਹੋ ਕੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ। ਉਹ ਅੱਜ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿਚ ਚਾਰ ਸਕੂਲਾਂ ਵਿਚ 1.11 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕੰਮਾਂ ਦੇ ਉਦਘਾਟਨ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਵਿਧਾਇਕ ਜਿੰਪਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਹਾਲ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਚੌਹਾਲ ਵਿਖੇ ਕਰੀਬ 77 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਜਿਸ ਵਿਚ ਦੋ ਕਲਾਸ ਰੂਮ, ਦੋ ਸ਼ੈਡ, ਇਕ ਸਕਿਉਰਟੀ ਗਾਰਡ ਰੂਮ, 1 ਮੈਡੀਕਲ ਰੂਮ, ਚਾਰਦੀਵਾਰੀ, ਇੰਟਰਲਾਕਿੰਗ ਟਾਈਲਾਂ ਦਾ ਕੰਮ ਸ਼ਾਮਲ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸਰਕਾਰੀ ਮਿਡਲ ਸਕੂਲ ਬਸੀ ਜਾਨਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਬਸੀ ਜਾਨਾ ਵਿਚ ਵੀ 34 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਕਲਾਸ ਰੂਮਾਂ ਦਾ ਉਦਘਾਟਨ ਕੀਤਾ। ਵਿਧਾਇਕ ਜਿੰਪਾ ਨੇ ਕਿਹਾ ਕਿ ਰਾਜ ਸਰਕਾਰ ਸਕੂਲਾਂ ਵਿਚ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਵੀ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਤਾਂ ਜੋ ਵਿਦਿਆਰਥੀ ਖੇਡਾਂ ਵਿਚ ਵੀ ਸਰਹਾਨਾਯੋਗ ਉਪਲਬੱਧੀਆਂ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਵਿਚ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਨਵੇਂ ਕਲਾਸ ਰੂਮਾਂ ਦਾ ਨਿਰਮਾਣ, ਸਕੂਲਾਂ ਦੀ ਚਾਰਦੀਵਾਰੀ, ਮੁਰੰਮਤ ਕੰਮਾਂ ਦੇ ਨਾਲ-ਨਾਲ ਇਕ ਸਾਇੰਸ ਲੈਬਾਰਟਰੀ ਵੀ ਸਥਾਪਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਬੱਚਿਆਂ ਨੂੰ ਹੁਨਰਮੰਦ ਬਣਾਉਣਾ ਹੈ, ਇਸ ਟੀਚੇ ਤਹਿਤ ਸਕੂਲਾਂ ਵਿਚ ਸਕਿੱਲ ਟਰੇਨਿੰਗ ਵੀ ਕਰਵਾਈ ਜਾ ਰਹੀ ਹੈ ਜਿਸ ਨਾਲ ਬੱਚੇ ਭਵਿੱਖ ਵਿਚ ਆਤਮਨਿਰਭਰ ਬਣ ਸਕਣਗੇ। ਵਿਧਾਇਕ ਜਿੰਪਾ ਨੇ ਦੱਸਿਆ ਕਿ ਰਾਜ ਸਰਕਾਰ ਦੀ ਵਿਲੱਖਣ ਪਹਿਲਕਦਮੀ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ ਜਿਸ ਨਾਲ ਉਹ ਨਵੇਂ ਅਧਿਆਪਨ ਤਰੀਕਿਆਂ ਵਿਚ ਨਿਪੁੰਨ ਹੋ ਸਕਣਗੇ ਅਤੇ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕੀਤੀ ਜਾ ਸਕੇਗੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਆਧੁਨਿਕ ਸੁਵਿਧਾਵਾਂ ਨਾਲ ਲੈਸ ਹੋ ਰਹੇ ਹਨ ਪੰਜਾਬ ਦੇ ਸਰਕਾਰੀ ਸਕੂਲ – ਡਿਪਟੀ ਸਪੀਕਰ
Next articleਪੰਜਾਬੀ ਸਾਹਿਤ ਸਭਾ ਦੇ ਸਮਾਗਮ ਵਿੱਚ ਚੱਲਿਆ ਰਚਨਾਵਾਂ ਦਾ ਦੌਰ