‘ਤੁਸੀਂ ਆਪਣੇ ਵਿੱਚੋਂ ਚੰਗੇ, ਸਾਫ਼-ਸੁਥਰੇ ਉਮੀਦਵਾਰ ਚੁਣੋ’

ਮਾਨਸਰ (ਸਮਾਜ ਵੀਕਲੀ): ਭਾਰਤੀ ਕਿਸਾਨ ਯੂਨੀਅਨ (ਚੜੂਨੀ) ਹਰਿਆਣਾ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਦਾ ਅੱਜ ਇੱਥੇ ਟੌਲ ਪਲਾਜ਼ਾ ਮਾਨਸਰ ਪਹੁੰਚਣ ’ਤੇ ਇਲਾਕੇ ਦੇ ਕਿਸਾਨਾਂ, ਮਜ਼ਦੂਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ਼ਹੀਦ ਨਵਰੀਤ ਸਿੰਘ ਦੇ ਦਾਦਾ ਹਰਦੀਪ ਸਿੰਘ ਡਿਬਡਿੱਬਾ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਚੜੂਨੀ ਨੇ ਕਿਹਾ ਕਿ ਦੇਸ਼ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਦੇਸ਼ ਦੀ ਜਨਤਾ ਦਾ ਸ਼ੋਸ਼ਣ ਕਰ ਰਿਹਾ ਹੈ ਤੇ ਜਲਦੀ ਹੀ ਉਸ ਦੇ ਹੰਕਾਰ ਦਾ ਘੜਾ ਫੁੱਟੇਗਾ।

ਉਨ੍ਹਾਂ ਕਿਹਾ ਕਿ ਜੋ ਹਾਲ ਭਾਜਪਾ ਦਾ ਪੱਛਮੀ ਬੰਗਾਲ ਵਿੱਚ ਹੋਇਆ ਹੈ ਉਹੀ ਆਉਣ ਵਾਲੇ ਸਮੇਂ ਵਿੱਚ ਹੋਰਨਾਂ ਸੂਬਿਆਂ ’ਚ ਹੋਵੇਗਾ। ਕਿਸਾਨ ਦੇਸ਼ ਨੂੰ ਭੁੱਖਮਰੀ ਤੋਂ ਬਚਾਉਣ ਲਈ ਲੜ ਰਹੇ ਹਨ। ਉਨ੍ਹਾਂ ਕਿਹਾ, ‘‘ਤੁਸੀਂ ਆਪਣੇ ਵਿੱਚੋਂ ਚੰਗੇ, ਸਾਫ਼-ਸੁਥਰੇ ਉਮੀਦਵਾਰ ਚੁਣੋ ਜੋ ਤੁਹਾਡੇ ਲਈ ਲੜ ਰਹੇ ਹਨ ਤਾਂ ਜੋ ਪੰਜਾਬ ਨੂੰ ਇੱਕ ਮਾਡਲ ਵਜੋਂ ਪੇਸ਼ ਕੀਤਾ ਜਾ ਸਕੇ।’’ ਇਸ ਤੋਂ ਇਲਾਵਾ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮੋਦੀ ਸਰਕਾਰ ਤਿੰਨੋਂ ਕਾਲੇ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਤੇ ਸਾਰੀਆਂ ਫ਼ਸਲਾਂ ’ਤੇ ਐੱਮਐੱਸਪੀ ਦੀ ਗਾਰੰਟੀ ਵਾਲਾ ਕਾਨੂੰਨ ਲਾਗੂ ਨਹੀਂ ਕਰਦੀ ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਇਲਾਕੇ ਦੇ ਲੋਕਾਂ ਨੂੰ ਦਿੱਲੀ ਪੁੱਜਣ ਦਾ ਹੋਕਾ ਦਿੱਤਾ। ਉੱਧਰ, ਹਰਦੀਪ ਸਿੰਘ ਡਿਬਡਿੱਬਾ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਕੁਰਬਾਨੀ ਅਜਾਈਂ ਨਹੀਂ ਜਾਵੇਗੀ ਤੇ ਕਿਸਾਨਾਂ ਦੀ ਜਿੱਤ ਯਕੀਨੀ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੇਰਾ ਪੰਜਾਬ ’ਚ ਚੋਣਾਂ ਲੜਨ ਦਾ ਕੋਈ ਇਰਾਦਾ ਨਹੀਂ: ਚੜੂਨੀ
Next article1971 ਜੰਗ ਦੀ ਜੇਤੂ ਮਸ਼ਾਲ ਤਾਮਿਲਨਾਡੂ ਪੁੱਜੀ