HOME ਸਿਵਲ ਹਸਪਤਾਲ ਮਹਿਲ ਕਲਾਂ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫ਼ਸਰ

ਸਿਵਲ ਹਸਪਤਾਲ ਮਹਿਲ ਕਲਾਂ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫ਼ਸਰ

1

*ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾ, ਸਮੂਹ ਸਟਾਫ਼ ਵੱਲੋਂ ਨਿੱਘਾ ਸਵਾਗਤ*

ਮਹਿਲ ਕਲਾਂ,  (ਸਮਾਜ ਵੀਕਲੀ)   ਗੁਰਭਿੰਦਰ ਗੁਰੀ :- ਇਲਾਕੇ ਦੀਆਂ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਬਣਾਉਣ ਵੱਲ ਇੱਕ ਅਹਿਮ ਕਦਮ ਤਹਿਤ ਅੱਜ ਸਿਵਲ ਹਸਪਤਾਲ ਮਹਿਲ ਕਲਾਂ ਵਿਖੇ ਸੀਐਚਸੀ ਮੀਆਂਵਿੰਡ, ਜ਼ਿਲ੍ਹਾ ਤਰਨ ਤਾਰਨ ਤੋਂ ਤਬਾਦਲੇ ਉਪਰੰਤ ਆਏ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਜੇ ਕੁਮਾਰ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੌਕੇ ਹਸਪਤਾਲ ਦੇ ਸਮੂਹ ਡਾਕਟਰਾਂ, ਪੈਰਾਮੈਡੀਕਲ ਸਟਾਫ਼ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਭਰਪੂਰ ਸਹਿਯੋਗ ਦਾ ਭਰੋਸਾ ਦਿੱਤਾ ਗਿਆ।ਇਸ ਮੌਕੇ ਡਾ. ਸੰਜੇ ਕੁਮਾਰ ਨੇ ਹਸਪਤਾਲ ਵਿੱਚ ਚੱਲ ਰਹੀਆਂ ਸਿਹਤ ਸੇਵਾਵਾਂ, ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਵੱਖ-ਵੱਖ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਨੂੰ ਗੁਣਵੱਤਾ ਭਰੀ, ਪਾਰਦਰਸ਼ੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ। ਉਨ੍ਹਾਂ ਇਹ ਵੀ ਕਿਹਾ ਕਿ ਹਸਪਤਾਲ ਵਿੱਚ ਆਉਣ ਵਾਲੇ ਹਰ ਮਰੀਜ਼ ਨੂੰ ਮਨੁੱਖਤਾ ਅਤੇ ਸਤਿਕਾਰ ਨਾਲ ਇਲਾਜ ਪ੍ਰਦਾਨ ਕੀਤਾ ਜਾਵੇਗਾ ਅਤੇ ਸਿਹਤ ਸੇਵਾਵਾਂ ਵਿੱਚ ਹੋਰ ਸੁਧਾਰ ਲਈ ਟੀਮ ਭਾਵਨਾ ਨਾਲ ਕੰਮ ਕੀਤਾ ਜਾਵੇਗਾ।ਸਵਾਗਤੀ ਸਮਾਗਮ ਦੌਰਾਨ ਮੈਡੀਕਲ ਅਫ਼ਸਰ ਡਾ. ਵਿਕਰਮਜੀਤ ਸਿੰਘ, ਚੀਫ਼ ਫਾਰਮੇਸੀ ਅਫ਼ਸਰ ਜਸਵਿੰਦਰ ਸਿੰਘ, ਸਿਹਤ ਸੁਪਰਵਾਈਜ਼ਰ ਜਸਬੀਰ ਸਿੰਘ ਅਤੇ ਬਲਵਿੰਦਰ ਕੌਰ, ਫਾਰਮੇਸੀ ਅਫ਼ਸਰ ਵੰਧਨਾ ਅਤੇ ਮਨਿੰਦਰ ਪਾਲ ਸ਼ਰਮਾ, ਮਲਟੀਪਰਪਜ਼ ਵਰਕਰ ਜਸਬੀਰ ਕੌਰ, ਸੀਐਚਓ ਸੁਖਦੀਪ ਕੌਰ, ਰੇਡੀਓਗ੍ਰਾਫਰ ਸਿੰਪਲ ਸਿੰਘ, ਸਟਾਫ਼ ਨਰਸ ਗੁਰਪ੍ਰੀਤ ਕੌਰ, ਕਲਰਕ ਮਨਦੀਪ ਕੌਰ, ਵਾਰਡ ਅਟੈਂਡੈਂਟ ਰੁਪਿੰਦਰ ਰਿੰਕੀ ਅਤੇ ਗੁਰਦਰਸ਼ਨ ਸਿੰਘ, ਬੀਐਸਏ ਦਵਿੰਦਰ ਪਾਲ ਸਮੇਤ ਹੋਰ ਸਟਾਫ਼ ਮੈਂਬਰਾਂ ਨੇ ਡਾ. ਸੰਜੇ ਕੁਮਾਰ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਜੀ ਆਇਆਂ ਆਖਿਆ ਅਤੇ ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਹਾਜ਼ਰ ਸਟਾਫ਼ ਮੈਂਬਰਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਡਾ. ਸੰਜੇ ਕੁਮਾਰ ਦੇ ਤਜਰਬੇ ਅਤੇ ਪ੍ਰਸ਼ਾਸਨਿਕ ਯੋਗਤਾ ਦਾ ਲਾਭ ਇਲਾਕੇ ਦੇ ਲੋਕਾਂ ਨੂੰ ਮਿਲੇਗਾ ਅਤੇ ਸਿਵਲ ਹਸਪਤਾਲ ਮਹਿਲ ਕਲਾਂ ਵਿੱਚ ਮਰੀਜ਼ਾਂ ਨੂੰ ਹੋਰ ਬਿਹਤਰ, ਸੁਚੱਜੀਆਂ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਟੀਕਾਕਰਨ, ਮਾਤਾ ਅਤੇ ਬੱਚਾ ਸਿਹਤ, ਗੈਰ-ਸੰਚਾਰੀ ਬਿਮਾਰੀਆਂ ਦੀ ਜਾਂਚ, ਐਮਰਜੈਂਸੀ ਸੇਵਾਵਾਂ ਅਤੇ ਲੋਕ ਭਲਾਈ ਦੀਆਂ ਹੋਰ ਸਰਕਾਰੀ ਸਿਹਤ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਮੂਹ ਟੀਮ ਪੂਰੀ ਲਗਨ ਨਾਲ ਕੰਮ ਕਰੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਿਵਲ ਹਸਪਤਾਲ ਮਹਿਲ ਕਲਾਂ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਡਾ. ਗੁਰਤਜਿੰਦਰ ਕੌਰ ਨੇ ਲਗਭਗ ਸਾਢੇ ਤਿੰਨ ਸਾਲ ਤੱਕ ਆਪਣੀਆਂ ਸੇਵਾਵਾਂ ਨਿਭਾਈਆਂ। ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਉਣ, ਲੋਕਾਂ ਵਿੱਚ ਸਿਹਤ ਜਾਗਰੂਕਤਾ ਪੈਦਾ ਕਰਨ ਅਤੇ ਵੱਖ-ਵੱਖ ਸਰਕਾਰੀ ਸਿਹਤ ਪ੍ਰੋਗਰਾਮਾਂ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਹੁਣ ਉਨ੍ਹਾਂ ਦੀ ਬਦਲੀ ਸਿਵਲ ਹਸਪਤਾਲ ਸਮਰਾਲਾ ਵਿਖੇ ਹੋ ਗਈ ਹੈ।ਜਾਣਕਾਰੀ ਅਨੁਸਾਰ ਐਸ.ਐਮ.ਓ ਡਾ. ਸੰਜੇ ਕੁਮਾਰ ਇਸ ਇਲਾਕੇ ਲਈ ਕੋਈ ਨਵਾਂ ਚਿਹਰਾ ਨਹੀਂ ਹਨ। ਉਹ ਸਾਲ 2010 ਤੋਂ ਮਾਰਚ 2026 ਤੱਕ ਸਿਵਲ ਹਸਪਤਾਲ ਮਹਿਲ ਕਲਾਂ ਅਤੇ ਪਿੰਡ ਛਾਪਾ ਵਿਖੇ ਬਤੌਰ ਮੈਡੀਕਲ ਅਫ਼ਸਰ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਆਪਣੇ ਪਹਿਲੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਮਰੀਜ਼ਾਂ ਨੂੰ ਸੁਚੱਜੀਆਂ, ਇਮਾਨਦਾਰ ਅਤੇ ਸਮਰਪਿਤ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਲੋਕਾਂ ਵਿੱਚ ਇੱਕ ਵੱਖਰੀ ਪਛਾਣ ਬਣਾਈ। ਉਨ੍ਹਾਂ ਦੇ ਮਿਲਣਸਾਰ ਸੁਭਾਅ, ਸਾਦਗੀ ਅਤੇ ਮਰੀਜ਼ਾਂ ਪ੍ਰਤੀ ਸੰਵੇਦਨਸ਼ੀਲ ਰਵੱਈਏ ਕਾਰਨ ਇਲਾਕੇ ਦੇ ਲੋਕਾਂ ਨਾਲ ਉਨ੍ਹਾਂ ਦਾ ਗੂੜ੍ਹਾ ਰਿਸ਼ਤਾ ਬਣਿਆ ਹੋਇਆ ਹੈ। ਉਨ੍ਹਾਂ ਦੀ ਮੁੜ ਨਿਯੁਕਤੀ ਨੂੰ ਲੈ ਕੇ ਇਲਾਕਾ ਨਿਵਾਸੀਆਂ ਸਮੇਤ ਸਮਾਜਿਕ, ਧਾਰਮਿਕ, ਰਾਜਨੀਤਕ ਆਗੂਆਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਸ ਜਤਾਈ ਹੈ ਕਿ ਉਨ੍ਹਾਂ ਦੀ ਅਗਵਾਈ ਹੇਠ ਸਿਵਲ ਹਸਪਤਾਲ ਮਹਿਲ ਕਲਾਂ ਦੀਆਂ ਸਿਹਤ ਸੇਵਾਵਾਂ ਹੋਰ ਮਜ਼ਬੂਤ, ਪ੍ਰਭਾਵਸ਼ਾਲੀ ਅਤੇ ਲੋਕ-ਪੱਖੀ ਬਣਨਗੀਆਂ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ (ਰਜਿ. 295) ਪੰਜਾਬ ਨੇ ਸੰਘਰਸ਼ ਦੇ ਅਗਲੇ ਪੜਾਅ ਦਾ ਕੀਤਾ ਐਲਾਨ
Next articleਏਬੀਵੀਪੀ ਦੇ ਸ਼ਿਲਪਕਾਰ ਮਦਨਦਾਸ ਦੇਵੀ ਨੂੰ ਜਨਮ ਦਿਵਸ ਮੌਕੇ ਸ਼ਰਧਾਂਜਲੀ, ਵਿਦਿਆਰਥੀ ਚੇਤਨਾ ਨੂੰ ਰਾਸ਼ਟਰੀ ਦਿਸ਼ਾ ਦੇਣ ਵਿੱਚ ਨਿਭਾਈ ਅਹਿਮ ਭੂਮਿਕਾ