ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ ) ਡੇਂਗੂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਮਾਣਯੋਗ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਦੇ ਵਿਸ਼ੇਸ਼ ਉਪਰਾਲਿਆਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਹੁਸ਼ਿਆਰਪੁਰ ਦਾ ਪਵਨ ਕੁਮਾਰ ਸ਼ਗੋਤਰਾ ਵਲੋਂ ਜ਼ਿਲੇ ਭਰ ਵਿੱਚ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਦੇ ਤਹਿਤ ਕੀਤੀਆਂ ਜਾ ਰਹੀਆਂ ਵੱਖ ਵੱਖ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਉਹਨਾਂ ਵਲੋਂ ਬਲਾਕ ਚੱਕੋਵਾਲ ਦੇ ਪਿੰਡ ਅੱਜੋਵਾਲ ਅਤੇ ਹਰਦੋਖ਼ਾਨਪੁਰ ਦਾ ਦੌਰਾ ਕੀਤਾ ਗਿਆ ਅਤੇ ਡੇਂਗੂ ਦੇ ਪਾਜਿਟਿਵ ਮਰੀਜ਼ਾਂ ਦੇ ਘਰਾਂ ਵਿੱਚ ਜਾ ਕੇ ਹਾਲ ਚਾਲ ਪੁੱਛਿਆ। ਉਹਨਾਂ ਦੇ ਨਾਲ ਜ਼ਿਲਾ ਐਪੀਡੀਮੋਲੋਜਿਸਟ (ਆਈਡੀਐਸਪੀ) ਡਾ ਸੈਲੇਸ਼ ਕੁਮਾਰ ਅਤੇ ਐਚਆਈ ਵਿਸ਼ਾਲ ਪੁਰੀ ਵੀ ਮੌਜੂਦ ਸਨ।
ਜ਼ਿਲਾ ਐਪੀਡੀਮੋਲੋਜਿਸਟ ਡਾ ਜਗਦੀਪ ਸਿੰਘ ਵੱਲੋਂ ਵੀ ਐਚਆਈ ਤਰਸੇਮ ਸਿੰਘ ਦੇ ਸਹਿਯੋਗ ਨਾਲ ਵੱਖ-ਵੱਖ ਖੇਤਰਾਂ ਵਿੱਚ ਚੈਕਿੰਗ ਕੀਤੀ ਗਈ।
ਸਿਵਲ ਸਰਜਨ ਡਾ ਪਵਨ ਕੁਮਾਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਡੇਂਗੂ ਵਿਰੋਧੀ ਗਤੀਵਿਧੀਆਂ ਨੂੰ ਜਾਰੀ ਰੱਖਦੇ ਹੋਏ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਸ਼ੁੱਕਰਵਾਰ ਨੂੰ ਸ਼ਹਿਰੀ ਹੁਸ਼ਿਆਰਪੁਰ ਦੇ ਵੱਖ-ਵੱਖ ਖੇਤਰਾਂ ਦੇ ਘਰਾਂ/ਦੁਕਾਨਾਂ/ਦਫ਼ਤਰਾਂ ਆਦਿ ਦੀ ਸਿਹਤ ਕਰਮਚਾਰੀਆਂ, ਬਰੀਡਿੰਗ ਚੈਕਰਾਂ, ਨਰਸਿੰਗ ਵਿਦਿਆਰਥੀਆਂ ਦੀਆਂ ਟੀਮਾਂ ਨੇ ਚੈਕਿੰਗ ਕੀਤੀ। ਇਹਨਾਂ ਗਤੀਵਿਧੀਆਂ ਤਹਿਤ ਉਨ੍ਹਾਂ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਘਰਾਂ/ਦੁਕਾਨਾਂ ਆਦਿ ਵਿੱਚ ਵੱਖ-ਵੱਖ ਕਿਸਮਾਂ ਦੇ ਕੰਟੇਨਰਾਂ, ਕੂਲਰਾਂ, ਗਮਲੇ, ਛੱਤਾਂ ਤੇ ਪਿਆ ਸਮਾਨ, ਫਰਿਜ ਦੀ ਟਰੇਅ, ਜਾਨਵਰਾਂ ਤੇ ਪੰਛੀਆਂ ਦੇ ਪਾਣੀ ਦੇ ਬਰਤਨ ਆਦਿ ਵਿੱਚ ਜਮ੍ਹਾ ਪਾਣੀ ਦੀ ਜਾਂਚ ਕੀਤੀ ਅਤੇ ਜਿਨਾ ਕੰਟੇਨਰਾਂ ਵਿੱਚ ਮੱਛਰਾਂ ਦਾ ਲਾਰਵਾ ਪਾਇਆ ਗਿਆ ਉਸਨੂੰ ਖਾਲੀ ਕਰਕੇ ਮੱਛਰਾਂ ਦੇ ਲਾਰਵੇ ਨੂੰ ਮੌਕੇ ‘ਤੇ ਹੀ ਨਸ਼ਟ ਕੀਤਾ। ਇਸ ਦੇ ਨਾਲ ਹੀ ਲਾਰਵੀਸਾਈਡ ਸਪਰੇਅ ਵੀ ਕਰਵਾਈ ਗਈ। ਲੋਕਾਂ ਨੂੰ ਇਹਨਾਂ ਕੰਟੇਨਰਾਂ ਨੂੰ ਪੂਰੀ ਤਰ੍ਹਾਂ ਡਰਾਈ ਰੱਖਣ ਲਈ ਵੀ ਕਿਹਾ ਗਿਆ ਹੈ ਤਾਂ ਜੋ ਇਹ ਬਿਮਾਰੀਆਂ ਫੈਲਾਉਣ ਵਾਲੇ ਮੱਛਰਾਂ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ। ਗਤੀਵਿਧੀਆਂ ਦੌਰਾਨ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਅਤੇ ਇਸਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ ਹੈ ਕਿਉਂਕਿ ਜਦ ਤੱਕ ਲੋਕ ਖੁਦ ਇਸ ਪ੍ਰਤੀ ਜਾਗਰੂਕ ਨਹੀਂ ਹੁੰਦੇ ਅਤੇ ਖੜ੍ਹੇ ਪਾਣੀ ਦੇ ਸੋਮਿਆਂ ਦੀ ਸਾਫ ਸਫਾਈ ਵੱਲ ਧਿਆਨ ਨਹੀਂ ਦਿੰਦੇ, ਤਦ ਤੱਕ ਡੇਂਗੂ ਦੀ ਰੋਕਥਾਮ ਨਹੀਂ ਕੀਤੀ ਜਾ ਸਕਦੀ।
ਉਹਨਾਂ ਕਿਹਾ ਕਿ ਡੇਂਗੂ ਦਾ ਸੰਚਾਰ ਸੀਜ਼ਨ ਨਵੰਬਰ ਮਹੀਨੇ ਤੱਕ ਰਹਿੰਦਾ ਹੈ, ਇਸ ਲਈ ਸਿਹਤ ਵਿਭਾਗ ਵੱਲੋਂ ਇਹ ਗਤੀਵਿਧੀਆਂ ਜਾਰੀ ਰੱਖੀਆਂ ਜਾਣਗੀਆਂ ਜਿਸਦੇ ਲਈ ਲੋਕਾਂ ਦੇ ਸਹਿਯੋਗ ਦੀ ਜਰੂਰਤ ਹੈ।। ਡੇਂਗੂ ਨੂੰ ਹੋਰ ਫੈਲਣ ਤੋਂ ਰੋਕਣ ਲਈ ਆਪਣੇ ਪਾਣੀ ਰੱਖਣ ਵਾਲੇ ਕੰਟੇਨਰਾਂ ਨੂੰ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਖਾਲੀ ਕਰਕੇ ਜਰੂਰ ਸੁਕਾਓ। ਕਿਉਂਕਿ ਫੈਲਾਉਣ ਵਾਲਾ ਮੱਛਰ ਇੱਕ ਹਫ਼ਤੇ ਵਿੱਚ ਅੰਡੇ ਤੋਂ ਬਾਲਗ ਮੱਛਰ ਤੱਕ ਦਾ ਜੀਵਨ ਚੱਕਰ ਪੂਰਾ ਕਰ ਸਕਦਾ ਹੈ। ਇਸ ਲਈ ਲਾਰਵੇ ਦੇ ਜੀਵਨ ਚੱਕਰ ਨੂੰ ਤੋੜਨਾ ਜਰੂਰੀ ਹੈ।
ਡਾ ਜਗਦੀਪ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ 203 ਕੇਸ ਰਿਪੋਰਟ ਹੋ ਚੁੱਕੇ ਹਨ ਜਿਨਾਂ ਵਿਚੋਂ 45 ਕੇਸ ਸ਼ਹਿਰੀ ਖੇਤਰ ਹੁਸ਼ਿਆਰਪੁਰ ਦੇ ਰਿਪੋਰਟ ਹੋਏ ਹਨ। ਉਹਨਾਂ ਕਿਹਾ ਕਿ ਛੋਟੀਆਂ-ਛੋਟੀਆਂ ਸਾਵਧਾਨੀਆਂ ਵਰਤ ਕੇ ਅਸੀਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਤੋਂ ਬਚ ਸਕਦੇ ਹਾਂ। ਉਹਨਾਂ ਦੱਸਿਆ ਕਿ ਡੇਂਗੂ ਬੁਖਾਰ ਦਾ ਟੈਸਟ ਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਹੁੰਦਾ ਹੈ। ਕਿਸੇ ਵੀ ਤਰ੍ਹਾਂ ਦਾ ਬੁਖਾਰ ਹੋਣ ਦੀ ਸੂਰਤ ਵਿੱਚ ਸਿਰਫ ਪੈਰਾਸਿਟਾਮੋਲ ਗੋਲੀ ਹੀ ਲੈਣੀ ਚਾਹੀਦੀ ਹੈ ਅਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਤੋ ਟੈਸਟ ਅਤੇ ਇਲਾਜ ਕਰਾਉਣਾ ਚਾਹੀਦਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly