ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਦੀ ਅਪੀਲ ’ਤੇ ਸੀਵਰਨੈਨਾਂ ਨੇ ਹੜਤਾਲ ਕੀਤੀ ਮੁਲਤਵੀ

ਸੀਵਰਮੈਨਾਂ ਨੂੰ ਪੱਕੇ ਕਰਨ ਦੇ ਮੁੱਦੇ ’ਤੇ ਸਥਾਨਕ ਸਰਕਾਰਾਂ ਮੰਤਰੀ ਨਾਲ ਯੂਨੀਅਨ ਦੀ ਜਲਦ ਕਰਵਾਈ ਜਾਵੇਗੀ ਮੀਟਿੰਗ – ਚੰਦਨ ਗਰੇਵਾਲ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਦੀ ਸਰਗਰਮ ਪਹਿਲ ਅਤੇ ਅਪੀਲ ਤੋਂ ਬਾਅਦ ਨਗਰ ਨਿਗਮ ਹੁਸ਼ਿਆਰਪੁਰ ਦੇ ਸੀਵਰਮੈਨਾਂ ਨੇ ਆਪਣੀ ਹੜਤਾਲ  ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਚੇਅਰਮੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਫਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਅਤੇ ਕਰਮਚਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਜਿਸ ਵਿਚ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਹੱਲ ਦਾ ਭਰੋਸਾ ਦਿੱਤਾ ਗਿਆ। ਮੀਟਿੰਗ ਵਿਚ ਚੇਅਰਮੈਨ ਨੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਿਹਾ ਕਿ ਕਮਿਸ਼ਨ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ। ਉਨ੍ਹਾਂ ਨੇ ਯੂਨੀਅਨ ਆਗੂਆਂ ਨੂੰ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਅਪੀਲ ਕਰਦਿਆਂ ਹੜਤਾਲ ਖ਼ਤਮ ਕਰਕੇ ਕੰਮ ’ਤੇ ਜਾਣ ਦੀ ਮੰਗ ਕੀਤੀ। ਮੀਟਿੰਗ ਵਿਚ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਮੇਅਰ ਸੁਰਿੰਦਰ ਕੁਮਾਰ ਅਤੇ ਨਗਰ ਨਿਗਮ ਦੀ ਕਮਿਸ਼ਨਰ ਡਾ. ਅਮਨਦੀਪ ਕੌਰ ਵੀ ਮੌਜੂਦ ਸੀ। ਚੰਦਨ ਗਰੇਵਾਲ ਨੇ ਕਿਹਾ ਕਿ ਸੀਵਰਮੈਨਾਂ ਦੀ ਹੱਕੀ ਮੰਗਾਂ ਜਿਵੇਂ ਪੱਕਾ ਕਰਨ ਅਤੇ ਹੋਰ ਲਾਭ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਜਲਦ ਹੀ ਸਫਾਈ ਕਰਮਚਾਰੀ ਯੂਨੀਅਨ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਵਿਚ ਮੀਟਿੰਗ ਕਰਵਾਈ ਜਾਵੇਗੀ ਜਿਥੇ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਪ੍ਰਮੁੱਖਤਾ ਨਾਲ ਚਰਚਾ ਹੋਵੇਗੀ। ਉਨ੍ਹਾਂ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ‘ਤੇ ਹਾਂ ਪੱਖੀ ਕਦਮ ਚੁੱਕੇ ਜਾਣਗੇ। ਉਨ੍ਹਾਂ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਬਿਹਤਰ ਬਣਾਇਆ ਜਾ ਸਕੇ।
ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਦੇ ਇਸ ਉਪਰਾਲੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਪ੍ਰਤੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਯੂਨੀਅਨ ਆਗੂਆਂ ਨੇ ਸਰਬਸੰਮਤੀ ਨਾਲ ਹੜਤਾਲ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ। ਚੰਦਨ ਗਰੇਵਾਲ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੀਆਂ ਸਥਾਨਕ ਪੱਧਰ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਛੋਟੀਆਂ-ਮੋਟੀਆਂ ਸਮੱਸਿਆਵਾਂ ਦਾ ਹੱਲ ਨਿਗਮ ਪੱਧਰ ‘ਤੇ ਹੀ ਹੋਣਾ ਚਾਹੀਦਾ ਹੈ। ਮੀਟਿੰਗ ਵਿੱਚ ਸੰਯੁਕਤ ਕਮਿਸ਼ਨਰ ਸੰਦੀਪ ਤਿਵਾੜੀ, ਪ੍ਰਦੀਪ ਸੈਣੀ, ਯੂਨੀਅਨ ਦੇ ਨੁਮਾਇੰਦੇ ਐਡਵੋਕੇਟ ਰਾਹੁਲ ਆਦੀਆ, ਕਮਲ ਭੱਟੀ ਅਤੇ ਵੱਡੀ ਗਿਣਤੀ ਵਿੱਚ ਸੀਵਰਮੈਨ ਵੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਡਾਕਟਰ ਅੰਬੇਡਕਰ ਜੀ ਦੇ ਸਟੈਚੂ ਨੂੰ ਨੁਕਸਾਨ ਪਹੁੰਚਾਉਣ ਵਾਲੇ ਦੋਸ਼ੀ ਖਿਲਾਫ ਸਖਤ ਕਾਰਵਾਈ ਕਰਵਾਉਣ ਹਿੱਤ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ
Next articleਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਰਪੁਰ ਵਿਖੇ ਅਸ਼ੋਕ ਭੰਡਾਰੀ ਦਾ ਸਨਮਾਨ