‘ਮੁੱਖ ਮੰਤਰੀ ਪੰਜਾਬ ਦੇ ਹਿੱਤਾਂ ਦੀ ਰਾਖੀ ਯਕੀਨੀ ਬਣਾਉਣ’

ਚੰਡੀਗੜ੍ਹ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਦੀ ਲਗਾਮ ਦਿੱਲੀ ਦਰਬਾਰ ਦੇ ਹੱਥ ਹੋਣ ਦੇ ਪ੍ਰਭਾਵ ’ਤੇ ਚਿੰਤਾ ਪ੍ਰਗਟਾਈ ਹੈ। ਪਾਰਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਤੇ ਇਹ ਯਕੀਨੀ ਬਣਾਉਣ ਕਿ ਸੂਬੇ ਨੂੰ ਦਿੱਲੀ ਸਰਕਾਰ ਵੱਲੋਂ ਨਾ ਚਲਾਇਆ ਜਾਵੇ ਤੇ ਨਾ ਹੀ ਇਸ ਨੂੰ ਕੇਂਦਰ ਆਪਣੇ ਅਧੀਨ ਲਵੇ। ਇੱਕ ਬਿਆਨ ਰਾਹੀਂ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਅਸਲ ਮੁੱਦੇ ਚੁੱਕਣ ਦੀ ਬਜਾਏ, ਸੂਬਾ ਸਰਕਾਰ ਲੋਕਾਂ ਦਾ ਧਿਆਨ ਭਟਕਾ ਰਹੀ ਹੈ। ਡਾ. ਚੀਮਾ ਨੇ ਕਿਹਾ ਕਿ ਸੂਬੇ ਵਿੱਚ ਹਾਲ ਹੀ ’ਚ ਵਾਪਰੀਆਂ ਘਟਨਾਵਾਂ ਖ਼ਤਰਨਾਕ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਪੰਜਾਬ ਦੇ ਮੁੱਖ ਸਕੱਤਰ ਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਿਟਡ ਦੇ ਚੇਅਰਮੈਨ ਨਾਲ ਮੀਟਿੰਗਾਂ ਇਤਰਾਜ਼ਯੋਗ ਹਨ।

ਅਕਾਲੀ ਆਗੂ ਨੇ ਕਿਹਾ ਕਿ ਪੰਜਾਬੀਆਂ ਦਾ ਡਰ ਸੱਚਾ ਹੈ ਕਿਉਂਕਿ ਦਰਿਆਈ ਪਾਣੀਆਂ ਵਰਗੇ ਅਹਿਮ ਮੁੱਦਿਆਂ ’ਤੇ ਸੂਬੇ ਕੋਲੋਂ ਇਸ ਦੇ ਅਧਿਕਾਰ ਖੋਹਣ ਲਈ ਅਧਿਕਾਰੀਆਂ ਨੂੰ ਦਬਕਾ ਕੇ ਹਸਤਾਖ਼ਰ ਵੀ ਕਰਵਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਮਾਨ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਹਨ ਤੇ ਸਿਰਫ਼ ਉਹ ਹੀ ਅਜਿਹੀਆਂ ਮੀਟਿੰਗਾਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਿੱਲੀ ਵਿੱਚ ਰੁੱਝੇ ਰਹਿੰਦੇ ਹਨ ਤੇ ਰਾਜਪਾਲ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ’ਚ ਮੀਟਿੰਗਾਂ ਕਰ ਰਹੇ ਹਨ। ਡਾ. ਚੀਮਾ ਨੇ ਕਿਹਾ ਕਿ ਸ੍ਰੀ ਮਾਨ ਨੂੰ ਕਿਸਾਨਾਂ ਦੇ ਨੁਕਸਾਨ ਲਈ ਮੁਆਵਜ਼ਾ ਦੇਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ।

ਪਰਗਟ ਸਿੰਘ ਨੇ ਕਾਨੂੰਨੀ ਜਾਂਚ ਮੰਗੀ

ਕਾਂਗਰਸ ਦੇ ਸੀਨੀਅਰ ਆਗੂ ਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਨੇ ਟਵੀਟ ਕਰ ਕੇ ਕਿਹਾ ਕਿ ‘ਆਪ’ ਆਗੂ ਹੁਣ ਸਿੱਧੂ ਮੂਸੇਵਾਲਾ ਦੇ ਗੀਤ ਪਿੱਛੇ ਨਾ ਲੁਕਣ। ਇੱਕ ਗੀਤ ਨੂੰ ਮੁੱਦਾ ਬਣਾਉਣ ਦੀ ਥਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਤੁਰੰਤ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸ ਸਮਰੱਥਾ ਤਹਿਤ ਪੰਜਾਬ ਦੇ ਮੁੱਖ ਸਕੱਤਰ ਤੇ ਹੋਰ ਉੱਚ ਅਧਿਕਾਰੀਆਂ ਨੂੰ ਦਿੱਲੀ ਤਲਬ ਕੀਤਾ ਸੀ। ਇਸ ਦੀ ਤੁਰੰਤ ਕਾਨੂੰਨੀ ਜਾਂਚ ਕੀਤੀ ਜਾਣੀ ਚਾਹੀਦੀ ਹੈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleTalks with Ukraine have reached a dead end: Putin
Next articleਦਿੱਲੀ ਮੀਟਿੰਗ ਵਿੱਚ ਗਏ ਅਫ਼ਸਰਾਂ ਦੀ ਜਵਾਬਤਲਬੀ ਕਰਨ ਰਾਜਪਾਲ: ਕਾਲੀਆ