ਮੁੱਖ ਮੰਤਰੀ ਚਿਹਰੇ ਦਾ ਐਲਾਨ ਛੇਤੀ: ਕੇਜਰੀਵਾਲ

 

  • ਪੰਜਾਬੀਆਂ ਲਈ 10 ਨੁਕਾਤੀ ਏਜੰਡਾ ਪੇਸ਼

ਐਸ.ਏ.ਐਸ. ਨਗਰ (ਮੁਹਾਲੀ) (ਸਮਾਜ ਵੀਕਲੀ):   ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਅੱਗੇ 10 ਨੁਕਾਤੀ ਏਜੰਡੇ ਰੱਖਦਿਆਂ ਦਾਅਵਾ ਕੀਤਾ ਕਿ ਹੁਣ ਪੰਜਾਬ ਦਾ ਚੰਗਾ ਸਮਾਂ ਆਉਣ ਵਾਲਾ ਹੈ ਅਤੇ ਸੂਬੇ ਵਿੱਚ ਪਾਰਟੀ ਦੀ ਸਰਕਾਰ ਬਣਨ ’ਤੇ ਸਭ ਤੋਂ ਪਹਿਲਾਂ ਕਾਨੂੰਨ ਵਿਵਸਥਾ ਯਕੀਨੀ ਬਣਾਈ ਜਾਵੇਗੀ ਕਿਉਂਕਿ ਮੌਜੂਦਾ ਸਮੇਂ ਵਿੱਚ ਪੰਜਾਬ ਅੰਦਰ ਕਾਨੂੰਨ ਤੇ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛੇ ਜਾਣ ’ਤੇ ਕੇਜਰੀਵਾਲ ਨੇ ਕਿਹਾ ਕਿ ਅਗਲੇ ਹਫ਼ਤੇ ਇਸ ਦਾ ਐਲਾਨ ਕਰ ਦਿੱਤਾ ਜਾਵੇਗਾ।

ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਇਆ ਕਿ ਪਿਛਲੇ ਸਮੇਂ ਦੌਰਾਨ ਕਾਂਗਰਸ ਨੇ ਬਾਦਲ ਪਰਿਵਾਰ ਨਾਲ ਮਿਲ ਕੇ ਪੰਜਾਬ ਨੂੰ ਲੁੱਟਣ ਦੀ ਕੋਈ ਕਸਰ ਨਹੀਂ ਛੱਡੀ। ‘ਸੂਬੇ ਦੇ ਲੋਕ ਹੁਣ ਇਨ੍ਹਾਂ ਪਾਰਟੀਆਂ ਤੋਂ ਅੱਕ ਚੁੱਕੇ ਹਨ ਅਤੇ ‘ਆਪ’ ਨੂੰ ਤੀਜੇ ਬਦਲ ਵਜੋਂ ਦੇਖ ਰਹੇ ਹਨ।’ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਪ੍ਰਬੰਧਾਂ ਵਿੱਚ ਕੁਤਾਹੀ ਲਈ ਉਨ੍ਹਾਂ ਚੰਨੀ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਹਰ ਹਾਲਤ ਵਿੱਚ ਕਾਨੂੰਨ ਮੁਤਾਬਕ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ ਜਦੋਂਕਿ ਸਰਕਾਰ ਨੇ ਬਾਦਲਾਂ ਨਾਲ ਗੰਢ-ਤੁੱਪ ਹੋਣ ਕਾਰਨ 5 ਸਾਲ ਜਾਂਚ ਪੜਤਾਲ ਵਿੱਚ ਹੀ ਬਰਬਾਦ ਕਰ ਦਿੱਤੇ। ਉਨ੍ਹਾਂ ਐਲਾਨ ਕੀਤਾ ਕਿ ਦਿੱਲੀ ਦੀ ਤਰਜ਼ ’ਤੇ ਪੰਜਾਬ ਵਿੱਚ 16000 ਮੁਹੱਲਾ ਕਲੀਨਿਕ ਬਣਾਏ ਜਾਣਗੇ ਤਾਂ ਜੋ ਗਰੀਬ ਆਪਣੇ ਘਰ ਨੇੜੇ ਇਲਾਜ ਕਰਵਾ ਸਕਣ।

ਬਿਜਲੀ ਸਸਤੀ ਤੇ 24 ਘੰਟੇ ਦਿੱਤੀ ਜਾਵੇਗੀ, ਵਪਾਰ ਨੂੰ ਵਧਾਇਆ ਜਾਵੇਗਾ ਅਤੇ ਖੇਤੀਬਾੜੀ ਸਮੱਸਿਆ ਦਾ ਹੱਲ ਹੋਵੇਗਾ। ਉਨ੍ਹਾਂ ਕਿਹਾ ਕਿ ਅਧਿਆਪਕਾਂ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਥਾਂ ਇਨਸਾਫ਼ ਮੰਗਣ ’ਤੇ ਉਨ੍ਹਾਂ ਨੂੰ ਡੰਡਿਆਂ ਨਾਲ ਕੁੱਟਿਆ ਗਿਆ। ‘ਆਪ’ ਮੁਖੀ ਨੇ ਕਿਹਾ ਕਿ ਪੰਜਾਬ ਦੇ ਹਰ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਬੱਚਿਆਂ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪੈ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਅਗਲੇ 5 ਸਾਲਾਂ ਵਿੱਚ ਰੁਜ਼ਗਾਰ ਲਈ ਬਾਹਰ ਗਏ ਬੱਚੇ ਵੀ ਪੰਜਾਬ ਆਉਣੇ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ’ਚੋਂ ਨਸ਼ਿਆਂ ਦਾ ਖ਼ਾਤਮਾ ਕੀਤਾ ਜਾਵੇਗਾ ਜਦੋਂਕਿ ਮੌਜੂਦਾ ਸਮੇਂ ਵਿੱਚ ਸਰਕਾਰ ਦੀ ਗੰਢ-ਤੁੱਪ ਨਾਲ ਪਿੰਡਾਂ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਕੇਜਰੀਵਾਲ ਨੇ ਕਿਹਾ ਕਿ ਸੂਬੇ ਵਿੱਚ ਵਪਾਰ ਅਤੇ ਇੰਡਸਟਰੀ ’ਤੇ ਫੋਕਸ ਕਰਦਿਆਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ‘ਆਪ’ ਦੀ ਚੜ੍ਹਤ ਨੂੰ ਦੇਖ ਕੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸੀਆਂ ਨੂੰ ਕੰਬਣੀ ਛਿੜ ਗਈ ਹੈ ਕਿਉਂਕਿ ਲੋਕ ‘ਆਪ’ ਦੀ ਸਰਕਾਰ ਲਿਆਉਣ ਦਾ ਮਨ ਬਣਾ ਚੁੱਕੇ ਹਨ।

‘ਰਾਜੇਵਾਲ ਨੇ ਆਉਣ ’ਚ ਦੇਰੀ ਕਰ ਦਿੱਤੀ’

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਉਨ੍ਹਾਂ ਦੇ ਘਰ ਮਿਲਣ ਆਏ ਸਨ, ਪਰ ਉਨ੍ਹਾਂ ਬਹੁਤ ਦੇਰ ਦਿੱਤੀ ਕਿਉਂਕਿ ਜਦੋਂ ਰਾਜੇਵਾਲ ਆਏ ਉਦੋਂ ਪੰਜਾਬ ਦੀਆਂ 90 ਸੀਟਾਂ ’ਤੇ ਉਮੀਦਵਾਰ ਐਲਾਨੇ ਜਾ ਚੁੱਕੇ ਸਨ। ਉਨ੍ਹਾਂ ਕਿਹਾ ਕਿ ਵੈਸੇ ਵੀ ਕਿਸਾਨ ਆਗੂ ਜ਼ਿਆਦਾ ਸੀਟਾਂ ਦੀ ਮੰਗ ਕਰ ਰਹੇ ਸਨ। ਉਨ੍ਹਾਂ ਇਹ ਗੱਲ ਮੰਨੀ ਕਿ ਜੇਕਰ ਸੰਯੁਕਤ ਸਮਾਜ ਮੋਰਚਾ ਵੱਖਰੇ ਤੌਰ ’ਤੇ ਚੋਣਾਂ ਲੜਦਾ ਹੈ ਤਾਂ ਉਸ ਨਾਲ ‘ਆਪ’ ਨੂੰ ਨੁਕਸਾਨ ਜ਼ਰੂਰ ਹੋਵੇਗਾ। ਪੈਸੇ ਲੈ ਕੇ ਟਿਕਟਾਂ ਵੰਡਣ ਦੇ ਦੋਸ਼ਾਂ ਨੂੰ ਬਿਲਕੁਲ ਬੇਬੁਨਿਆਦ ਕਰਾਰ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਦੋਸ਼ ਸਾਬਤ ਹੋਣ ’ਤੇ ਸਬੰਧਤ ਉਮੀਦਵਾਰ ਨੂੰ ਚੋਣ ਮੈਦਾਨ ’ਚੋਂ ਹਟਾ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਪਾਰਟੀ ਵਿੱਚ ਅਨੁਸ਼ਾਸਨਹੀਣਤਾ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਜੇਵਾਲ ਨੇ ‘ਆਪ’ ਆਗੂਆਂ ਦੀ ਇਕ ਆਡੀਓ ਕਲਿੱਪ ਦਿੱਤੀ ਸੀ ਜਿਸ ’ਚ ਦੋ ਵਿਅਕਤੀ ਆਖ ਰਹੇ ਹਨ ਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਕੰਮ ਦੇ ਬਦਲੇ ’ਚ ਪੈਸੇ ਲੈਂਦੇ ਹਨ ਅਤੇ ਰਾਘਵ ਚੱਢਾ ਮਹਿੰਗੇ ਹੋਟਲਾਂ ’ਚ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਸਬੂਤ ਨਹੀਂ ਹੈ ਅਤੇ ਜੇਕਰ ਕੋਈ ਸਬੂਤ ਹੈ ਤਾਂ ਰਾਜੇਵਾਲ ਉਸ ਟੇਪ ਨੂੰ ਜਨਤਕ ਕਰਨ। ਪਟਿਆਲਾ ’ਚ ਵੰਡੇ ਜਾ ਰਹੇ ਪਰਚਿਆਂ ਬਾਰੇ ਉਨ੍ਹਾਂ ਕਿਹਾ ਕਿ ਇਹ ‘ਆਪ’ ਵੱਲੋਂ ਨਹੀਂ ਵੰਡੇ ਜਾ ਰਹੇ ਹਨ। ਇਨ੍ਹਾਂ ਪਰਚਿਆਂ ’ਚ ਕਿਹਾ ਗਿਆ ਹੈ ਕਿ ਲੋਕ ਆਗੂਆਂ ਤੋਂ ਪੈਸੇ ਲੈ ਕੇ ਵੋਟ ‘ਆਪ’ ਨੂੰ ਪਾਉਣ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਜਪਾ ਨੇ ਮੁੜ ਪੰਜਾਬ ਕਾਂਗਰਸ ਨੂੰ ਘੇਰਿਆ
Next articleਚੋਣ ਕਮਿਸ਼ਨ ਵੱਲੋਂ ‘ਆਪ’ ਨੂੰ ਨੋਟਿਸ ਜਾਰੀ