ਪ੍ਰਮੁੱਖ ਸਿਆਸੀ ਆਗੂਆਂ ’ਤੇ ਦਰਜ ਹੋਏ ਜ਼ਾਬਤੇ ਦੀ ਉਲੰਘਣਾ ਦੇ ਪਰਚੇ

ਫ਼ਰੀਦਕੋਟ (ਸਮਾਜ ਵੀਕਲੀ):  ਇਸ ਵਾਰ ਹੋਈਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਲਗਪਗ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਮੁੱਖ ਆਗੂਆਂ ’ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਪਰਚੇ ਦਰਜ ਹੋਏ ਹਨ। ਜਦਕਿ ਰਿਪੋਰਟਾਂ ਅਨੁਸਾਰ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਵੋਟਰ ਅਤੇ ਬਾਕੀ ਪਾਰਟੀਆਂ ਦੇ ਕਾਰਕੁਨ ਖਾਮੋਸ਼ ਰਹੇ।

ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ਾਂ ਤਹਿਤ ਮਾਨਸਾ ਜ਼ਿਲ੍ਹੇ ਵਿੱਚ ਪਰਚਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਫ਼ਰੀਦਕੋਟ ਜ਼ਿਲ੍ਹੇ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਦਾ ਪਰਚਾ ਦਰਜ ਹੋਇਆ ਹੈ। ਕਾਂਗਰਸ ਛੱਡ ਕੇ ਭਾਜਪਾ ਵਿੱਚ ਗਏ ਗੁਰਮੀਤ ਸਿੰਘ ਰਾਣਾ ਸੋਢੀ ’ਤੇ ਵੀ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਹੇਠ ਪਰਚਾ ਦਰਜ ਹੋਇਆ ਹੈ ਤੇ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ’ਤੇ ਵੀ ਚੋਣ ਜ਼ਾਬਤੇ ਦੀ ਉਲੰਘਣਾ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਇਸ ਵਾਰ ਦੀਆਂ ਚੋਣਾਂ ਵਿੱਚ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਕਾਰਕੁਨਾਂ ’ਤੇ ਫੌਜਦਾਰੀ ਪਰਚੇ ਦਰਜ ਨਹੀਂ ਹੋਏ ਅਤੇ ਨਾ ਹੀ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਦੇ ਕਾਰਕੁਨਾਂ ਦੀ ਆਪਸੀ ਝੜਪ ਦੀਆਂ ਖ਼ਬਰਾਂ ਆਈਆਂ ਹਨ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ 240 ਕਾਰਕੁਨਾਂ ਖ਼ਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਅਤੇ ਚੋਣਾਂ ਦੌਰਾਨ ਝਗੜਾ ਕਰਨ ਦੇ ਦੋਸ਼ ਹੇਠ ਪਰਚੇ ਦਰਜ ਹੋਏ ਸਨ। ਜਦਕਿ ਇਸ ਵਾਰੀ ਵਿਧਾਨ ਸਭਾ ਚੋਣਾਂ ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਦੋ ਭਾਜਪਾ ਵਰਕਰਾਂ ਅਤੇ ਫ਼ਰੀਦਕੋਟ ਜ਼ਿਲ੍ਹੇ ਵਿੱਚ ਇਕ ਭਾਜਪਾ ਵਰਕਰ ’ਤੇ ਹੀ ਪਰਚੇ ਦਰਜ ਹੋਏ ਹਨ। ਭਾਜਪਾ ਆਗੂ ਐਡਵੋਕੇਟ ਗਗਨਦੀਪ ਸਿੰਘ ਸੁਖੀਜਾ ਨੇ ਕਿਹਾ ਕਿ ਇਸ ਵਾਰ ਭਾਰਤੀ ਚੋਣ ਕਮਿਸ਼ਨ ਨੇ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਹੈ ਤੇ ਹਰ ਘਟਨਾ ਦੀ ਬਕਾਇਦਾ ਵੀਡਿਓਗ੍ਰਾਫੀ ਕੀਤੀ ਗਈ ਹੈ, ਇਸ ਕਰਕੇ ਵੋਟਰਾਂ ਅਤੇ ਵਰਕਰਾਂ ਦੀ ਥਾਂ ਇਸ ਵਾਰ ਲੀਡਰਾਂ ਖ਼ਿਲਾਫ਼ ਪਰਚੇ ਦਰਜ ਹੋਏ ਹਨ। ਜ਼ਿਕਰਯੋਗ ਹੈ ਕਿ 44 ਦਿਨ ਦੇ ਚੋਣ ਜ਼ਾਬਤੇ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ 97 ਪਰਚੇ ਦਰਜ ਹੋਏ ਹਨ, ਜਿਨ੍ਹਾਂ ਵਿੱਚੋਂ 27 ਪਰਚੇ ਸਿਆਸੀ ਪਾਰਟੀਆਂ ਦੇ ਆਗੂਆਂ ਖ਼ਿਲਾਫ਼ ਹਨ, ਜਦਕਿ 40 ਪਰਚੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਹੇਠ ਦਰਜ ਕੀਤੇ ਗਏ ਹਨ। ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਹੇਠ ਦਰਜ ਕੀਤੇ ਗਏ ਸਾਰੇ ਮੁਕੱਦਮਿਆਂ ਵਿੱਚ ਹਾਲੇ ਤੱਕ ਪੁਲੀਸ ਵੱਲੋਂ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਿਵਾਦਤ ਕਿਤਾਬ: ਸਿੱਖਿਆ ਬੋਰਡ ਅੱਗੇ ਸੂਬਾਈ ਮਹਾ ਰੈਲੀ ਅੱਜ
Next articleS. Korea grants stay extension permits to 3,843 Ukrainians