ਮੁੱਖ ਖੇਤੀਬਾੜੀ ਅਫਸਰ ਅਤੇ ਸੀਨੀਅਰ ਆਡੀਟਰ ਵਲੋਂ ਕੰਬਾਈਨ ਮਾਲਕਾਂ ਨਾਲ ਮੀਟਿੰਗ
ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਨਿਰਦੇਸ਼ਾਂ ‘ਤੇ ਮੁੱਖ ਖੇਤੀਬਾੜੀ ਅਫਸਰ ਰਾਕੇਸ਼ ਕੁਮਾਰ ਸ਼ਰਮਾ ਨੇ ਜਿਲ੍ਹੇ ਦੇ ਕੰਬਾਈਨ ਮਾਲਕਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਬਾਈਨਾਂ ਚਲਾਉਣ ਲਈ ਨਿਰਧਾਰਤ ਸਮੇਂ ਦੀ ਪਾਲਣਾ ਨੂੰ ਹਰ ਹਾਲ ਯਕੀਨੀ ਬਣਾਇਆ ਜਾਵੇ। ਮੁੱਖ ਖੇਤੀਬਾੜੀ ਅਫ਼ਸਰ ਰਾਕੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਝੋਨੇ ਦੀ ਖਰੀਦ ਸਰਕਾਰ ਵਲੋਂ 16 ਸਤੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਕਿਸਾਨਾਂ ਦੀ ਫਸਲ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਉਹਨਾਂ ਨੇ ਕੰਬਾਈਨ ਮਾਲਕਾਂ ਨੂੰ ਹਦਾਇਤ ਕੀਤੀ ਕਿ ਕੰਬਾਈਨਾਂ ਸਿਰਫ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਚਲਾਈਆਂ ਜਾਣ ਤਾਂ ਜੋ ਝੋਨੇ ਦੀ ਨਮੀ ਨੂੰ ਨਿਰਧਾਰਤ ਸਪੈਸੀਫਿਕੇਸ਼ਨਾਂ ਅਨੁਸਾਰ (17 ਫੀਸਦੀ) ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਝੋਨੇ ਦੀ ਫਸਲ ਵਿੱਚ ਨਮੀ ਜਿਆਦਾ ਹੁੰਦੀ ਹੈ ਤਾਂ ਉਸ ਦੀ ਖਰੀਦ ਵਿੱਚ ਦਿੱਕਤ ਆਉਂਦੀ ਹੈ। ਕੰਬਾਈਨ ਦੀ ਮੁਰੰਮਤ ਨਿਰਧਾਰਤ ਬੀ.ਆਈ.ਐਸ. ਸਟੈਂਡਰਡ ਅਨੁਸਾਰ ਕਰਵਾਈ ਜਾਵੇ ਤਾਂ ਜੋ ਕਟਾਈ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ। ਉਹਨਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਕੰਬਾਈਨਾਂ ਤੇ ਸੂਪਰ ਐਸ.ਐਮ.ਐਸ. ਮਸ਼ੀਨਾਂ ਲਗਾ ਕੇ ਹੀ ਵਾਢੀ ਕੀਤੀ ਜਾਵੇ। ਉਹਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨੂੰ ਚਲਾਉਣ ਤੇ ਪੂਰਨ ਪਾਬੰਦੀ ਹੈ, ਇਸ ਲਈ ਇਸ ਸਮੇਂ ਦੌਰਾਨ ਕੰਬਾਈਨਾਂ ਬਿਲਕੁਲ ਨਾ ਚਲਾਈਆਂ ਜਾਣ। ਇਸ ਦੇ ਨਾਲ ਹੀ ਜਿਲ਼੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਖੇਤੀਬਾੜੀ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਕੰਬਾਈਨਾਂ ਦੀ ਵਰਤੋਂ ਤੇ ਚੌਕਸੀ ਰੱਖੀ ਜਾਵੇਗੀ। ਜੇਕਰ ਕੋਈ ਕੰਬਾਈਨ ਨਿਰਧਾਰਤ ਸਮੇਂ ਦੀ ਉਲੰਘਣਾ ਕਰਦੀ ਪਾਈ ਗਈ ਤਾਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।



