HOME ਆਓ! ਸਕੂਲ ਵਿੱਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦਿਖਾਈਏ

ਆਓ! ਸਕੂਲ ਵਿੱਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦਿਖਾਈਏ

ਦੀਦਾਰ ਸਿੰਘ
     (ਸਮਾਜ ਵੀਕਲੀ)   ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਅਧਿਆਪਕ ਆਪਣੇ ਸਾਥੀਆਂ ਨਾਲ ਮਿਲ ਕੇ ਸਕੂਲਾਂ ਦੇ ਨਾਲ ਲੱਗਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਜਾ ਕੇ ਮਾਤਾ-ਪਿਤਾ ਨੂੰ ਆਪਣੇ ਬੱਚਿਆਂ ਦਾ ਦਾਖਲਾ ਨੇੜਲੇ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਜਾਗਰੂਕ ਕਰ ਰਹੇ ਹਨ। ਅਧਿਆਪਕਾਂ ਦੀ ਪ੍ਰੇਰਣਾ ਸਦਕਾ ਬਹੁਤ ਸਾਰੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ। ਨਵੇਂ ਸਕੂਲ ਵਿੱਚ ਦਾਖਲ ਹੋਣ ਵਾਲੇ ਬੱਚਿਆਂ ਦੇ ਮਨਾਂ ਵਿੱਚ ਨਵੀਆਂ ਉਮੀਦਾਂ, ਨਵੇਂ ਦੋਸਤਾਂ, ਨਵੇਂ ਅਧਿਆਪਕਾਂ ਅਤੇ ਨਵੇਂ ਮਾਹੌਲ ਨੂੰ ਲੈ ਕੇ ਖਾਸ ਉਤਸ਼ਾਹ ਹੁੰਦਾ ਹੈ। ਕਿਸੇ ਵੀ ਸਕੂਲ ਵਿੱਚ ਨਵੇਂ ਆਏ ਵਿਦਿਆਰਥੀਆਂ ਦੀ ਸਭ ਤੋਂ ਪਹਿਲੀ ਜ਼ਿੰਮੇਵਾਰੀ ਅਨੁਸ਼ਾਸਨ ਅਪਣਾਉਣਾ ਅਤੇ ਸਕੂਲ ਦੇ ਨਿਯਮਾਂ ਦੀ ਪਾਲਣਾ ਕਰਨਾ ਹੁੰਦੀ ਹੈ। ਇਸ ਦੇ ਨਾਲ ਹੀ ਅਧਿਆਪਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਵਿਦਿਆਰਥੀਆਂ ਨੂੰ ਸਹੀ ਮਾਰਗਦਰਸ਼ਨ ਦੇਣ, ਆਪਣੇ ਅਧਿਆਪਕਾਂ ਅਤੇ ਸਹਿਪਾਠੀਆਂ ਦਾ ਸਤਿਕਾਰ ਕਰਨਾ ਸਿਖਾਉਣ ਅਤੇ ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨ। ਅਧਿਆਪਕਾਂ ਨੂੰ ਚਾਹੀਦਾ ਹੈ ਕਿ ਉਹ ਸਾਰੇ ਵਿਦਿਆਰਥੀਆਂ ਨਾਲ ਸਮਾਨ ਵਿਵਹਾਰ ਕਰਦੇ ਹੋਏ ਉਨ੍ਹਾਂ ਨੂੰ ਸਮੇਂ ਦਾ ਪਾਬੰਦ ਬਣਨ, ਸਕੂਲ ਦਾ ਕੰਮ ਨਿਯਮਿਤ ਕਰਨ ਅਤੇ ਸਕੂਲ ਦੀ ਸੰਪਤੀ ਦੀ ਸੰਭਾਲ ਕਰਨ ਲਈ ਪ੍ਰੇਰਿਤ ਕਰਨ। ਇਸ ਤੋਂ ਇਲਾਵਾ ਵਿਦਿਆਰਥੀਆਂ ਵਿੱਚ ਆਪਸੀ ਪਿਆਰ, ਸਹਿਯੋਗ ਅਤੇ ਮਿਲਵਰਤਣ ਦੀ ਭਾਵਨਾ ਪੈਦਾ ਕਰਨਾ ਵੀ ਬਹੁਤ ਜ਼ਰੂਰੀ ਹੈ। ਅਧਿਆਪਕਾਂ ਦੀ ਜ਼ਿੰਮੇਵਾਰੀ ਸਿਰਫ਼ ਕਿਤਾਬੀ ਗਿਆਨ ਦੇਣ ਤੱਕ ਸੀਮਿਤ ਨਹੀਂ ਹੁੰਦੀ, ਸਗੋਂ ਉਹ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਤਾ ਵੀ ਹੁੰਦੇ ਹਨ। ਇੱਕ ਚੰਗਾ ਅਧਿਆਪਕ ਨਵੇਂ ਵਿਦਿਆਰਥੀਆਂ ਨੂੰ ਪਿਆਰ ਅਤੇ ਹਮਦਰਦੀ ਨਾਲ ਸਵੀਕਾਰ ਕਰਦਾ ਹੈ ਤਾਂ ਜੋ ਉਹ ਸਕੂਲ ਦੇ ਮਾਹੌਲ ਵਿੱਚ ਆਪਣੇ ਆਪ ਨੂੰ ਸਹਿਜ ਮਹਿਸੂਸ ਕਰ ਸਕਣ। ਹਰ ਬੱਚੇ ਦੀ ਯੋਗਤਾ ਨੂੰ ਪਛਾਣ ਕੇ ਉਸਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਨਾ ਇੱਕ ਅਧਿਆਪਕ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਜਦੋਂ ਅਧਿਆਪਕ ਅਤੇ ਵਿਦਿਆਰਥੀ ਦੋਵੇਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ ਨਾਲ ਨਿਭਾਉਂਦੇ ਹਨ, ਤਦੋਂ ਹੀ ਇੱਕ ਚੰਗੇ ਅਤੇ ਸਿਹਤਮੰਦ ਵਿਦਿਅਕ ਸਮਾਜ ਦੀ ਸਿਰਜਣਾ ਸੰਭਵ ਹੁੰਦੀ ਹੈ।
ਦੀਦਾਰ ਸਿੰਘ, ਪੰਜਾਬੀ ਲੈਕਚਰਾਰ
ਸ.ਸ.ਸ.ਸ ਪਰਮਜੀਤਪੁਰ (ਕਪੂਰਥਲਾ)
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਇੰਗਲੈਂਡ ਦੇ ਸਕੂਲਾਂ ’ਚ ਮੈਨਿੰਜਾਈਟਿਸ ਦੇ ਨਵੇਂ ਮਾਮਲੇ, ਇੱਕ ਵਿਦਿਆਰਥੀ ਦੀ ਮੌਤ
Next articleਮੁੱਖ ਅਧਿਆਪਕ ਦੀ ਫਿਨਲੈਂਡ ਯਾਤਰਾ ਸਬੰਧੀ ਸਕੂਲ ਸਟਾਫ ਵੱਲੋਂ ਸ਼ੁਭਕਾਮਨਾਵਾਂ :- ਜਸਵਿੰਦਰ ਜੱਸ