ਨਵਾਂਸ਼ਹਿਰ (ਸਤਨਾਮ ਸਿੰਘ ਸਹੂੰਗੜਾ)
(ਸਮਾਜ ਵੀਕਲੀ) ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦਾ ਦੌਰਾ ਕਰਕੇ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨਾਲ ਡਿਪਟੀ ਸਪੀਕਰ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ ਸਿੰਘ ਜਲਾਲਪੁਰ, ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਐਸ.ਡੀ.ਐਮ. ਨਵਾਂਸ਼ਹਿਰ ਅਕਸ਼ੀਤਾ ਗੁਪਤਾ ਵੀ ਸਨ।
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਇਸ ਵਿਜਟ ਦਾ ਮੁੱਖ ਉਦੇਸ਼ ਸਿਹਤ ਢਾਂਚੇ ਅਤੇ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾ ਕੇ ਜ਼ਿਲ੍ਹੇ ਦੇ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਨੇ ਜ਼ਿਲ੍ਹਾ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਵਿਚ ਉਪਲੱਬਧ ਸਿਹਤ ਸਹੂਲਤਾਂ ਦੇ ਪ੍ਰਬੰਧਾਂ ਨੂੰ ਦੇਖਿਆ। ਉਨ੍ਹਾਂ ਨੇ ਦਵਾਈ ਲੈਣ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਲਈ। ਇਸ ‘ਤੇ ਮਰੀਜ਼ਾਂ ਨੇ ਸਿਹਤ ਸੇਵਾਵਾਂ ‘ਤੇ ਤਸੱਲੀ ਪ੍ਰਗਟ ਕੀਤੀ।
ਇਸ ਉਪਰੰਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਸ. ਨਵਜੋਤ ਪਾਲ ਸਿੰਘ ਰੰਧਾਵਾ ਅਤੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਸਮੇਤ ਹੋਰ ਉੱਚ ਅਧਿਕਾਰੀਆਂ ਨਾਲ ਸਿਹਤ ਸਹੂਲਤਾਂ ਸਬੰਧੀ ਵਿਚਾਰ-ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਵੈਕਟਰ ਬੌਰਨ ਅਤੇ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਢੁੱਕਵੇ ਕਦਮ ਉਠਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵੈਕਟਰ ਬੌਰਨ ਬਿਮਾਰੀਆ ਦੇ ਪ੍ਰਸਾਰ ਨੂੰ ਰੋਕਣ ਲਈ ਜਾਗਰੂਕਤਾ, ਸਰਵੇ ਗਤੀਵਿਧੀਆਂ ਅਤੇ ਇਲਾਜ ਪ੍ਰਬੰਧਨ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ। ਉਨ੍ਹਾਂ ਡੇਂਗੂ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਹਦਾਇਤ ਕਰਦੇ ਹੋਏ ਕਿਹਾ ਕਿ ਹੋਟ ਸਪੋਟ ਇਲਾਕਿਆਂ ਵਿਚ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੋਟ ਸਪੋਟ ਇਲਾਕਿਆਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਆਯੋਜਿਤ ਕਰਕੇ ਡੇਂਗੂ ਦੇ ਫੈਲਾਅ ਨੂੰ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਕਮਿਊਨਿਟੀ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਸਿਹਤ ਵਿਭਾਗ ਦੇ ਭਾਈਵਾਲ ਵਿਭਾਗਾਂ ਨਾਲ ਤਾਲਮੇਲ ਕਰਕੇ ਹਰ ਪੱਧਰ ’ਤੇ ਕੋਆਰਡੀਨੇਸ਼ਨ ਕਮੇਟੀਆਂ ਕਾਇਮ ਕਰਕੇ ਡੇਂਗੂ, ਮਲੇਰੀਆ ਤੇ ਚਿਕਨਗੁਣੀਆ ਵਰਗੀਆਂ ਬਿਮਾਰੀਆਂ ਵਿਰੁੱਧ ਮੁਹਿੰਮ ਵਿੱਢੀ ਜਾਵੇ। ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਇਸ ਵਿਚ ਆਸ਼ਾ ਵਰਕਰ ਤੋਂ ਲੈ ਕੇ ਏ.ਐੱਨ.ਐੱਮ., ਮਲਟੀਪਰਪਜ਼ ਹੈਲਥ ਵਰਕਰ ਅਤੇ ਕਮਿਊਨਿਟੀ ਹੈਲਥ ਅਫਸਰਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਤਾਂ ਜੋ ਆਮ ਲੋਕਾਂ ਵਿਚ ਜਾਗਰੂਕਤਾ ਫੈਲਾ ਕੇ ਇਸ ਬਿਮਾਰੀਆਂ ਨੂੰ ਸਿਰ ਚੁੱਕਣ ਤੋਂ ਪਹਿਲਾਂ ਹੀ ਰੋਕ ਲਿਆ ਜਾਵੇ।
ਉਨ੍ਹਾਂ ਇਹ ਵੀ ਕਿਹਾ ਕਿ ਸਿੱਖਿਆ ਵਿਭਾਗ ਨਾਲ ਤਾਲਮੇਲ ਕਰਕੇ ਸਕੂਲਾਂ ਵਿਚ ਡੇਂਗੂ ਦੇ ਲਾਰਵੇ ਦੀ ਪਛਾਣ ਕਰਨ ਲਈ ਵਿਦਿਆਰਥੀਆਂ ਨੂੰ ਜਾਗਰੂਕਤਾ ਕੀਤਾ ਜਾਵੇ ਅਤੇ ਜਿਹੜੇ ਵਿਦਿਆਰਥੀਆਂ ਲਾਰਵਾ ਦੀ ਸਹੀ ਪਛਾਣ ਕਰਨ ਵਿਚ ਸਫਲ ਹੁੰਦੇ ਹਨ, ਉਨ੍ਹਾਂ ਨੂੰ ਸਨਮਾਨਿਤ ਕਰਕੇ ਸਮਾਜ ਵਿਚ ਡੇਂਗੂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਸਮਾਜ ਵਿਚ ਹਰ ਕੋਈ ਇਸ ਬਿਮਾਰੀ ਪ੍ਰਤੀ ਜਾਗਰੂਕ ਹੋ ਕੇ ਇਸ ਬਿਮਾਰੀ ਦੀ ਰੋਕਥਾਮ ਵਿਚ ਆਪਣਾ ਬਣਦਾ ਯੋਗਦਾਨ ਪਾ ਸਕੇ।
ਇਸ ਉਪਰੰਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਸ. ਨਵਜੋਤ ਪਾਲ ਸਿੰਘ ਰੰਧਾਵਾ, ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਸਮੇਤ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਨਸ਼ਾ ਰੋਗੀਆਂ ਨੂੰ ਬਿਹਤਰ ਇਲਾਜ ਸਹੂਲਤਾਂ ਉਪਲਬੱਧ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨਸ਼ਾ ਪੀੜਤਾਂ ਦੇ ਮੁੜ ਵਸੇਬੇ ਅਤੇ ਸਿਹਤਯਾਬੀ ਲਈ ਯੋਗਾ ਅਭਿਆਸਾਂ ਦੀ ਸਿੱਖਿਆ ਦੇਣੀ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਨਸ਼ਾ ਰੋਗੀਆਂ ਨੂੰ ਸਕਿੱਲ ਅਤੇ ਹੋਰ ਕ੍ਰਿਏਟਿਵ ਗਤੀਵਿਧੀਆਂ ਕਰਵਾਉਣ ‘ਤੇ ਜ਼ੋਰ ਦਿੱਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਰੋਗੀਆਂ ਨੂੰ ਕਿਸੇ ਨਾ ਕਿਸੇ ਸਕਿੱਲ ਵਿਚ ਨਿਪੁੰਨ ਬਣਾਉਣ ਲਈ ਕੋਈ ਸਕੀਮ ਘੜੀ ਜਾਵੇ ਤਾਂ ਜੋ ਉਹ ਇਸ ਅਲਾਮਤ ਨੂੰ ਤਿਆਗਣ ਤੋਂ ਬਾਅਦ ਆਪਣੇ ਘਰ ਦਾ ਗੁਜ਼ਾਰਾ ਕਰਨ ਦੇ ਸਮਰੱਥ ਹੋ ਸਕਣ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਨਸ਼ਾ ਪੀੜਤਾਂ ਨੂੰ ਪ੍ਰੇਰਿਤ ਕਰਕੇ ਆਪਣਾ ਇਲਾਜ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਲਈ ਜ਼ਮੀਨੀ ਪੱਧਰ ’ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਜਾਗਰੂਕਤਾ ਮੁਹਿੰਮ ਇਕ ਪਿੰਡ ਤੋਂ ਸ਼ੁਰੂ ਕਰਕੇ ਇਸ ਨੂੰ ਇਕ ਅੰਦੋਲਨ ਦਾ ਰੂਪ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਮਜ਼ਬੂਤ ਸਿਹਤ ਸੇਵਾਵਾਂ ਰਾਹੀਂ ਸਮਾਜ ਵਿਚੋਂ ਨਸ਼ੇ ਵਰਗੀਆਂ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਹਰ ਸੰਭਵ ਉਪਰਾਲਾ ਕਰ ਰਿਹਾ ਹੈ ਅਤੇ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੀ.ਸੀ.ਪੀ.ਐੱਨ.ਡੀ.ਟੀ. ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਭਰੂਣ ਹੱਤਿਆ ਵਰਗੀ ਅਲਾਮਤ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਧੀਆਂ ਨੂੰ ਕੁੱਖ ਵਿਚ ਕਤਲ ਕਰਨਾ ਵੱਡਾ ਅਪਰਾਧ ਹੈ, ਇਸ ਲਈ ਜਿਹੜੇ ਅਲਟਰਾਸਾਊਂਡ ਸਕੈਨ ਸੈਂਟਰਾਂ ‘ਤੇ ਇਸ ਅਪਰਾਧ ਵਿਚ ਸ਼ਾਮਲ ਹੋਣ ਦਾ ਸ਼ੱਕ ਹੈ, ਉਨ੍ਹਾਂ ਨੂੰ ਦਬੋਚਣ ਲਈ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਇਸ ਦੇ ਨਾਲ ਹੀ ਸਮਾਜ ਵਿਚ ਧੀਆਂ ਦੀ ਮਹੱਤਤਾ ਬਾਰੇ ਲੋਕਾਂ ਵਿਚ ਜਾਗਰੂਕਤਾ ਫੈਲਾਈ ਜਾਵੇ।
ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਮੈਡੀਕਲ ਅਫਸਰਾਂ ਅਤੇ ਪੈਰਾ-ਮੈਡੀਕਲ ਸਟਾਫ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਆਸ ਹੈ ਕਿ ਇਹ ਪ੍ਰਕਿਰਿਆ ਅਗਲੇ ਦੋ ਮਹੀਨਿਆਂ ਵਿਚ ਪੂਰੀ ਕਰ ਲਈ ਜਾਵੇਗੀ।
ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਹਸਪਤਾਲ ਦੇ ਕੰਮਕਾਜ ’ਤੇ ਹਰ ਪੱਖੋਂ ਸੰਤੁਸ਼ਟੀ ਜ਼ਾਹਰ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸ ਦਿਸ਼ਾ ਵਿੱਚ ਤਰਜੀਹੀ ਆਧਾਰ ’ਤੇ ਢੁੱਕਵੇਂ ਕਦਮ ਪੁੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਰ ਸਰਕਾਰੀ ਸਿਹਤ ਸੰਸਥਾ ਨੂੰ ਹਰ ਤਰ੍ਹਾਂ ਦੀਆਂ ਲੋੜੀਂਦੀਆਂ ਸੁਵਿਧਾਵਾਂ ਨਾਲ ਲੈਸ ਕਰ ਦਿੱਤਾ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly