400 ਦੇ ਕਰੀਬ ਅਧਿਕਾਰੀ/ਕਰਮਚਾਰੀ ਤਾਇਨਾਤ
ਸਵੇਰੇ 8 ਵਜੇ ਸ਼ੁਰੂ ਹੋਵੇਗੀ ਗਿਣਤੀ
(ਸਮਾਜ ਵੀਕਲੀ)-ਕਪੂਰਥਲਾ,(ਕੌੜਾ)-ਪੰਜਾਬ ਵਿਧਾਨ ਸਭਾ ਚੋਣਾਂ 2022 ਲਈ 20 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਵਲੋਂ ਪੁਖਤਾ ਪ੍ਰਬੰਧ ਕਰ ਲਏ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਨੂਪਮ ਕਲੇਰ ਨੂੰ ਵੋਟਾਂ ਦੀ ਗਿਣਤੀ ਲਈ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਚਾਰਾਂ ਵਿਧਾਨ ਸਭਾ ਹਲਕਿਆਂ ਫਗਵਾੜਾ,ਸੁਲਤਾਨਪੁਰ ਲੋਧੀ, ਭੁਲੱਥ ਅਤੇ ਕਪੂਰਥਲਾ ਲਈ ਵੋਟਾਂ ਦੀ ਗਿਣਤੀ 10 ਮਾਰਚ ਨੂੰ ਸਵੇਰੇ 8 ਵਜੇ ਵਿਰਸਾ ਵਿਹਾਰ ਕਪੂਰਥਲਾ ਵਿਖੇ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚਾਰਾਂ ਵਿਧਾਨ ਸਭਾ ਹਲਕਿਆਂ ਵਿਚ ਵੋਟਾਂ ਦੀ ਗਿਣਤੀ ਲਈ 400 ਦੇ ਕਰੀਬ ਅਧਿਕਾਰੀ/ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜਿਸ ਵਿਚ ਹਰੇਕ ਗਿਣਤੀ ਟੇਬਲ ਲਈ ਕਾਊਂਟਿੰਗ ਸੂਪਰਵਾਈਜ਼ਰ,ਕਾਊਂਟਿੰਗ ਸਹਾਇਕਾ,ਮਾਈਕਰੋ ਆਬਜ਼ਰਵਰ ਅਤੇ ਅਟੈਂਡੇਂਟ ਨੂੰ ਤਾਇਨਾਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਗਿਣਤੀ ਵਾਲੇ ਦਿਨ ਭਾਰਤੀ ਚੋਣ ਕਮਿਸ਼ਨ ਜਾਂ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜਾਰੀ ਫੋਟੋ ਸ਼ਾਨਖਤੀ ਕਾਰਡ ਤੋਂ ਬਿਨ੍ਹਾਂ ਕਿਸੇ ਵੀ ਵਿਅਕਤੀ ਦਾ ਗਿਣਤੀ ਕੇਂਦਰ ਅੰਦਰ ਦਾਖਲਾ ਨਹੀਂ ਹੋ ਸਕੇਗਾ ਅਤੇ ਗਿਣਤੀ ਕੇਂਦਰ ਮੋਬਾਇਲ ਫ਼ੋਨ ਲਿਜਾਉਣ ਦੀ ਆਗਿਆ ਨਹੀਂ ਹੋਵੇਗੀ।
ਉਨ੍ਹਾਂ ਦੱਸਿਆ ਕਿ ਮੀਡੀਆ ਕਰਮੀਆਂ ਦੀ ਸਹੂਲਤ ਲਈ ਆਡੀਟੋਰੀਅਮ ਵਿਖੇ ਸਥਾਪਿਤ ਕੀਤੇ ਗਏ ਮੀਡੀਆ ਸੈਂਟਰ ਵਿਖੇ ਭਾਰਤੀ ਚੋਣ ਕਮਿਸ਼ਨ ਵਲੋਂ ਨਤੀਜਿਆਂ ਬਾਰੇ ਤਾਜ਼ਾ ਜਾਣਕਾਰੀ ਦੇਣ ਲਈ ਵੱਡੀ ਆਕਾਰੀ ਸਕ੍ਰੀਨ ਵੀ ਲਗਾਈ ਗਈ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਚਾਰਾਂ ਹਲਕਿਆਂ ਦੇ ਰਿਟਰਨਿੰਗ ਅਫ਼ਸਰ ਗਿਣਤੀ ਕੇਂਦਰਾਂ ਅੰਦਰ ਮੌਜ਼ੂਦ ਰਹਿਣਗੇ ਅਤੇ ਇਸ ਤੋਂ ਇਲਾਵਾ ਭਾਰਤੀ ਚੋਣ ਕਮਿਸ਼ਨ ਵਲੋਂ ਤਾਇਨਾਤ ਕਾਊਂਟਿੰਗ ਆਬਜ਼ਰਵਰ ਦੀ ਨਿਗਰਾਨੀ ਹੇਠ ਗਿਣਤੀ ਦਾ ਕੰਮ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly