ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਕਿਰਤੀ ਕਿਸਾਨ ਯੂਨੀਅਨ ਨੇ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਪੈਦਲ ਜਾ ਰਹੇ ਕਿਸਾਨਾਂ ਉੱਤੇ ਅੱਥਰੂ ਗੈਸ ਦੀ ਵਰਤੋਂ ਕਰਨ ਅਤੇ ਪਾਬੰਦੀਆਂ ਮੜ੍ਹ ਕੇ ਰੋਕਾਂ ਲਾਉਣ ਅਤੇ ਪਿੰਡ ਲੇਲੇਵਾਲਾ ਵਿਖੇ ਜਮੀਨ ਦੇ ਅਧਿਗ੍ਰਹਿਣ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਉੱਤੇ ਪੁਲਸ ਜਬਰ ਕਰਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਜਥੇਬੰਦੀ ਦੇ ਜਿਲਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਅਤੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਨੇ ਕਿਹਾ ਹੈ ਕਿ ਪੰਜਾਬ ਦੇ ਸ਼ੰਭੂ ਸਮੇਤ ਹਰਿਆਣਾ ਨਾਲ ਲੱਗਦੇ ਬਾਕੀ ਬਾਰਡਰ ਸੀਲ ਕਰਕੇ ਭਾਜਪਾ ਦੀ ਕੇਂਦਰ ਅਤੇ ਹਰਿਆਣਾ ਸਰਕਾਰ ਇੱਕ ਤਰ੍ਹਾਂ ਨਾਲ ਪੰਜਾਬ ਦੇ ਕਿਸਾਨਾਂ ਅੰਦਰ ਬੇਗਾਨਗੀ ਦੀ ਭਾਵਨਾ ਦਾ ਮੰਦਭਾਗਾ ਅਹਿਸਾਸ ਪੈਦਾ ਕਰ ਰਹੀਆਂ ਹਨ।ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਕੀਤਾ ਜਾ ਰਿਹਾ ਜਬਰ ਨਾ ਸਿਰਫ ਕਿਸਾਨਾਂ ਨਾਲ ਕਿਸੇ ਦੁਸ਼ਮਣ ਦੇਸ਼ ਦੇ ਨਾਗਰਿਕਾਂ ਵਾਂਗ ਵਿਹਾਰ ਦੇ ਬਰਾਬਰ ਹੈ ਬਲਕਿ ਸੰਘਰਸ਼ ਕਰਨ ਦੇ ਉਹਨਾਂ ਦੇ ਜਮਹੂਰੀ ਅਤੇ ਸੰਵਿਧਾਨਕ ਹੱਕ ਨੂੰ ਕੁਚਲਣ ਦੇ ਤਾਨਾਸ਼ਾਹੀ ਰੁਝਾਨ ਦਾ ਸੂਚਕ ਹੈ।ਕਿਰਤੀ ਕਿਸਾਨ ਯੂਨੀਅਨ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਕੋਲੋਂ ਮੰਗ ਕੀਤੀ ਹੈ ਕਿ ਦਿੱਲੀ ਵੱਲ ਸ਼ਾਂਤਮਈ ਮਾਰਚ ਕਰ ਰਹੇ ਅਤੇ ਲੇਲੇਵਾਲਾ ਵਿਖੇ ਜਮੀਨ ਅਧਿਗ੍ਰਹਿਣ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਉੱਤੇ ਜਬਰ ਬੰਦ ਕੀਤਾ ਜਾਵੇ ਅਤੇ ਐਮ ਐਸ ਪੀ ਦੀ ਕਾਨੂੰਨੀ ਗਰੰਟੀ ਸਮੇਤ ਕਿਸਾਨਾਂ ਦੀਆਂ ਬਕਾਇਆ ਮੰਗਾਂ ਨੂੰ ਮੰਨਕੇ ਲਾਗੂ ਕੀਤਾ ਜਾਵੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly