ਅਕੋਲਾ (ਸਮਾਜ ਵੀਕਲੀ) : ਮਹਾਰਾਸ਼ਟਰ ਦੇ ਅਕੋਲਾ ਸ਼ਹਿਰ ਵਿੱਚ ਇੱਕ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਲੜਾਈ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਪੁਲੀਸ ਕਰਮੀਆਂ ਸਮੇਤ ਅੱਠ ਜਣੇ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਨੇ ਸੰਵੇਦਨਸ਼ੀਲ ‘ਓਲਡ ਸਿਟੀ’ ਇਲਾਕੇ ਵਿੱਚ ਸ਼ਨਿਚਰਵਾਰ ਦੇਰ ਰਾਤ ਕਰੀਬ 11 ਵਜੇ ਹੋਈ ਝੜਪ ਸਬੰਧੀ 26 ਜਣਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੀਮਾ ਅਰੋੜਾ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸ਼ਹਿਰ ਦੇ ਚਾਰ ਪੁਲੀਸ ਥਾਣਿਆਂ ਅਧੀਨ ਪੈਂਦੇ ਇਲਾਕਿਆਂ ਵਿੱਚ ਧਾਰਾ 144 ਲਾਗੂ ਕਰਨ ਦੇ ਹੁਕਮ ਦਿੱਤੇ ਤਾਂ ਕਿ ਲੋਕਾਂ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਇਕੱਠੇ ਹੋਣ ਤੋਂ ਰੋਕਿਆ ਜਾ ਸਕੇ।
ਐੱਸਪੀ ਸੰਦੀਪ ਘੁੱਗੇ ਨੇ ਦੱਸਿਆ ਕਿ ਕਿਸੇ ਸੋਸ਼ਲ ਮੀਡੀਆ ’ਤੇ ਇੱਕ ਧਾਰਮਿਕ ਪੋਸਟ ਵਾਇਰਲ ਹੋਣ ਮਗਰੋਂ ਹਿੰਸਾ ਹੋਈ। ਏਐੱਸਪੀ ਮੋਨਿਕਾ ਰਾਊਤ ਨੇ ਦੱਸਿਆ ਕਿ ਦੋਵੇਂ ਧਿਰਾਂ ਦੇ ਲੋਕਾਂ ਨੇ ਇੱਕ-ਦੂਜੇ ’ਤੇ ਪੱਥਰ ਸੁੱਟੇ। ਇਸ ਦੌਰਾਨ ਕੁਝ ਵਾਹਨਾਂ ਨੂੰ ਅੱਗ ਲਗਾ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਦਾਗ਼ੇ ਅਤੇ ਹੁਣ ਹਾਲਾਤ ਕਾਬੂ ਹੇਠ ਹਨ। ਐੱਸਪੀ ਸੰਦੀਪ ਘੁੱਗੇ ਨੇ ਕਿਹਾ, ‘‘ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚ ਦੋ ਪੁਲੀਸ ਕਰਮੀ ਵੀ ਸ਼ਾਮਲ ਹਨ, ਜੋ ਦੰਗਾਕਾਰੀਆਂ ਵੱਲੋਂ ਕੀਤੇ ਗਏ ਪਥਰਾਅ ਦੌਰਾਨ ਜ਼ਖ਼ਮੀ ਹੋ ਗਏ ਸਨ।’’ ਉਨ੍ਹਾਂ ਦੱਸਿਆ ਕਿ ਪੁਲੀਸ ਨੇ ਦੋ ਮਾਮਲੇ ਦਰਜ ਕੀਤੇ ਹਨ ਅਤੇ ਇਸ ਘਟਨਾ ਸਬੰਧੀ 26 ਜਣਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਸਥਾਨਕ ਪ੍ਰਸ਼ਾਸਨ ਨੇ ਦੱਸਿਆ ਕਿ ਸੂਬੇ ਦੇ ਉੱਪ ਮੁੱਖ ਮੰਤਰੀ ਦਵੇਂਦਰ ਫੜਨਵੀਸ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ। ਫੜਨਵੀਸ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਰਾਊਤ ਨੇ ਦੱਸਿਆ ਕਿ ਘਟਨਾ ਮਗਰੋਂ ਸ਼ਹਿਰ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅਮਰਾਵਤੀ ਤੋਂ ਰਾਜ ਰਿਜ਼ਰਵ ਪੁਲੀਸ ਦੇ ਇੱਕ ਹਜ਼ਾਰ ਕਰਮੀਆਂ ਨੂੰ ਅਕੋਲਾ ਸ਼ਹਿਰ ਵਿੱਚ ਤਾਇਨਾਤ ਕੀਤਾ ਗਿਆ ਹੈ। ਰਾਊਤ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਉਣ ਨਾ ਅਤੇ ਨਾ ਹੀ ਕਿਸੇ ਅਫ਼ਵਾਹ ’ਤੇ ਯਕੀਨ ਕਰਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly