ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਰਨਾਟਕ ਦੇ ਇੱਕ ਕਾਲਜ ਵੱਲੋਂ ਅੰਮ੍ਰਿਤਧਾਰੀ ਲੜਕੀ ਨੂੰ ਦਸਤਾਰ ਉਤਾਰ ਕੇ ਕਾਲਜ ਵਿੱਚ ਦਾਖਲ ਹੋਣ ਲਈ ਮਜਬੂਰ ਕਰਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਫਰਾਂਸ, ਅਮਰੀਕਾ ਸਣੇ ਹੋਰਨਾਂ ਮੁਲਕਾਂ ਵਿੱਚ ਆਪਣੀ ਪਛਾਣ ਕਾਇਮ ਰੱਖਣ ਲਈ ਲੜਾਈਆਂ ਲੜਦਾ ਰਿਹਾ ਹੈ, ਪਰ ਅੱਜ ਆਪਣੇ ਹੀ ਦੇਸ਼ ਵਿੱਚ ਸਿੱਖ ਭਾਈਚਾਰੇ ਨਾਲ ਧੱਕਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਰਨਾਟਕ ਵਿੱਚ ਹਿਜਾਬ ਪਾਉਣ ’ਤੇ ਰੋਕ ਲਗਾਈ ਗਈ ਤੇ ਹੁਣ ਦਸਤਾਰ ’ਤੇ ਪਾਬੰਦੀ ਲਾਈ ਗਈ ਹੈ। ਸ੍ਰੀ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਪੰਜਾਬ ਹਿਤੈਸ਼ੀ ਹੋਣ ਦਾ ਦਾਅਵਾ ਕਰਦੇ ਹਨ ਤਾਂ ਇਸ ਘਟਨਾ ’ਤੇ ਚੁੱਪ ਕਿਉਂ ਬੈਠੇ ਹਨ। ਪ੍ਰਧਾਨ ਮੰਤਰੀ ਨੂੰ ਉਕਤ ਮਾਮਲੇ ਵਿੱਚ ਦਖਲ ਦਿੰਦੇ ਹੋਏ ਸਿੱਖ ਭਾਈਚਾਰੇ ਨਾਲ ਹੋ ਰਹੀ ਧੱਕੇਸ਼ਾਹੀ ਰੋਕਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਚੋਣਾਂ ਦੌਰਾਨ ਕੇਂਦਰ ਸਰਕਾਰ ਦੇ ਕਈ ਮੰਤਰੀਆਂ ਨੇ ਪੰਜਾਬੀਆਂ ਨਾਲ ਭਾਈਚਾਰਕ ਸਾਂਝ ਹੋਣ ਦਾ ਦਿਖਾਵਾ ਕੀਤਾ ਹੈ। ਇਹ ਕੇਂਦਰ ਸਰਕਾਰ ਲਈ ਵੀ ਪ੍ਰੀਖਿਆ ਦੀ ਘੜੀ ਹੈ ਕਿ ਉਹ ਪੰਜਾਬੀਆਂ ਦੇ ਹੱਕਾਂ ਲਈ ਕਿੰਨਾ ਕੁ ਪਹਿਰਾ ਦਿੰਦੇ ਹਨ। ਕਾਂਗਰਸ ਨੇ ਸੀਨੀਅਰ ਆਗੂ ਨੇ ਦੋਸ਼ ਲਾਇਆ ਕਿ ਸਿੱਖ ਭਾਈਚਾਰੇ ਦੇ ਪਹਿਰੇਦਾਰਾਂ ਨੇ ਪਹਿਲਾਂ ਹੀ ਪੰਥ ਨਾਲ ਧੋਖਾ ਕੀਤਾ ਹੈ, ਜਿਸ ਕਰਕੇ ਸਿੱਖ ਭਾਈਚਾਰੇ ਨਾਲ ਕਰਨਾਟਕ ਵਿੱਚ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹੋ ਜਿਹੀਆਂ ਧੱਕੇਸ਼ਾਹੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਪੰਜਾਬੀਆਂ ਨੂੰ ਵੀ ਇਕੱਠੇ ਹੋ ਕੇ ਇਸ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly