ਪੰਜਾਬ ’ਚ ਕਾਂਗਰਸ ਨੇ ਵਜਾਇਆ ਚੋਣ ਬਿਗਲ

 

  • ਮੁੱਖ ਮੰਤਰੀ ਨੇ ਕੇਬਲ ਟੀਵੀ ਕੁਨੈਕਸ਼ਨ ਲਈ 100 ਰੁਪਏ ਮਹੀਨਾ ਕੀਤਾ ਤੈਅ
  • ਸਫਾਈ ਸੇਵਕਾਂ ਦੀਆਂ ਸੇਵਾਵਾਂ ਅਗਲੇ 10 ਦਿਨਾਂ ਵਿਚ ਹੋਣਗੀਆਂ ਰੈਗੂਲਰ

ਲੁਧਿਆਣਾ (ਸਮਾਜ ਵੀਕਲੀ): ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਅੱਜ ਲੁਧਿਆਣਾ ਵਿੱਚ ਵੱਡੀ ਰੈਲੀ ਕਰਕੇ ਚੋਣ ਬਿਗਲ ਵਜਾ ਦਿੱਤਾ ਹੈ। ਕਾਂਗਰਸ ਪਾਰਟੀ ਨੇ ‘ਵਰਕਰ ਮਿਲਣੀ’ ਦੇ ਨਾਂ ’ਤੇ ਰੈਲੀ ਕਰਕੇ ਆਪਣੀ ਇਕਜੁੱਟਤਾ ਦਾ ਸ਼ਕਤੀ ਪ੍ਰਦਰਸ਼ਨ ਵੀ ਕੀਤਾ। ਮੰਚ ਸਾਂਝਾ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਵਰਕਰਾਂ ਨੂੰ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਕੇਬਲ ਮਾਫੀਏ ਖਿਲਾਫ਼ ਜੰਗ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਅੱਜ ਤੋਂ ਕੇਬਲ ਟੀਵੀ ਕੁਨੈਕਸ਼ਨ ਦੀ ਦਰ 100 ਰੁਪਏ ਮਹੀਨਾ ਤੈਅ ਕਰਨ ਦਾ ਐਲਾਨ ਕੀਤਾ ਤਾਂ ਜੋ ਸੂਬੇ ਵਿਚ ਕੇਬਲ ਦੀ ਅਜਾਰੇਦਾਰੀ ਨੂੰ ਮੁਕੰਮਲ ਤੌਰ ਉਤੇ ਖ਼ਤਮ ਕੀਤਾ ਜਾ ਸਕੇ।

ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕੇਬਲ ਮਾਫੀਏ ਵੱਲੋਂ ਵਾਧੂ ਦਰਾਂ ਦੀ ਵਸੂਲੀ ਰਾਹੀਂ ਲੋਕਾਂ ਦਾ ਬੇਲੋੜਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਜਿਸ ਨੂੰ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਵੱਲੋਂ ਕਰਵਾਈ ਰੈਲੀ ਦੌਰਾਨ ਚੰਨੀ ਨੇ ਕਿਹਾ ਕਿ ਟਰਾਂਸਪੋਰਟ ਅਤੇ ਕੇਬਲ ਦੇ ਅਜਿਹੇ ਸਾਰੇ ਕਾਰੋਬਾਰ ਉਤੇ ਬਾਦਲ ਪਰਿਵਾਰ ਦੀ ਮਾਲਕੀ ਹੈ ਅਤੇ ਹੁਣ ਲੋਕਾਂ ਨੂੰ ਕੇਬਲ ਲਈ ਹਰੇਕ ਮਹੀਨੇ 100 ਰੁਪਏ ਤੋਂ ਵੱਧ ਦੇਣ ਦੀ ਲੋੜ ਨਹੀਂ ਹੈ। ਨਵੀਆਂ ਦਰਾਂ ਦੀ ਪਾਲਣਾ ਨਾ ਕਰਨ ਵਾਲਿਆਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ,‘‘ਜੇਕਰ ਤਹਾਨੂੰ ਕੋਈ ਤੰਗ-ਪ੍ਰੇਸ਼ਾਨ ਕਰਦਾ ਹੈ ਤਾਂ ਮੈਨੂੰ ਦੱਸੋ।’ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸਾਰੇ ਗੈਰ-ਕਾਨੂੰਨੀ ਬੱਸ ਪਰਮਿਟ ਰੱਦ ਕੀਤੇ ਜਾਣਗੇ ਅਤੇ ਬਦਲੇ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਨਵੇਂ ਪਰਮਿਟ ਅਲਾਟ ਕੀਤੇ ਜਾਣਗੇ।

ਉਨ੍ਹਾਂ ਐਲਾਨ ਕੀਤਾ ਕਿ ਅਗਲੇ 10 ਦਿਨਾਂ ਵਿਚ ਨਗਰ ਨਿਗਮ ਅਤੇ ਮਿਉਂਸਿਪਲ ਕੌਂਸਲਾਂ ਦੇ ਸਾਰੇ ਸਫਾਈ ਸੇਵਕਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਜਾਣਗੀਆਂ ਤੇ ਇਸ ਲਈ 10 ਸਾਲ ਦੀ ਸੇਵਾ ਦੀ ਕੋਈ ਸ਼ਰਤ ਨਹੀਂ ਹੋਵੇਗੀ। ਇਸ ਤੋਂ ਇਲਾਵਾ ਭਰਤੀ ਲਈ ਠੇਕੇਦਾਰੀ ਪ੍ਰਬੰਧ ਵੀ ਖ਼ਤਮ ਕੀਤਾ ਜਾਵੇਗਾ। ਆਪਣੀ ਸਰਕਾਰ ਵੱਲੋਂ ਗਰੀਬ ਲੋਕਾਂ ਦੇ ਭਲੇ ਲਈ ਉਠਾਏ ਗਏ ਕਈ ਇਤਿਹਾਸਕ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ’ਚ ਬਿਜਲੀ ਦਰਾਂ ਵਿਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ, ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨਾ, ਪਾਣੀ ਦਾ ਬਿੱਲ ਪ੍ਰਤੀ ਮਹੀਨਾ 50 ਰੁਪਏ ਕਰਨਾ, ਰੇਤਾ ਤੇ ਗਟਕੇ ਦੇ ਰੇਟ ਘਟਾ ਕੇ 5.50 ਰੁਪਏ ਪ੍ਰਤੀ ਮਹੀਨਾ ਕਰਨ ਤੋਂ ਇਲਾਵਾ ਪੇਂਡੂ ਜਲ ਸਪਲਾਈ ਸਕੀਮਾਂ ਲਈ ਮੁਫ਼ਤ ਬਿਜਲੀ ਮੁਹੱਈਆ ਕਰਵਾਉਣਾ ਸ਼ਾਮਲ ਹਨ।

ਮਹਿਲਾਵਾਂ ਦੇ ਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਕਿਹਾ ਕਿ ਆਉਂਦੇ ਦਿਨਾਂ ਵਿਚ ਸਰਕਾਰ ਦੇ ਨਾਲ-ਨਾਲ ਪਾਰਟੀ ਵਿਚ ਵੀ ਮਹਿਲਾਵਾਂ ਨੂੰ ਬਰਾਬਰ ਦੀ ਨੁਮਾਇੰਦਗੀ ਦਿੱਤੀ ਜਾਵੇਗੀ। ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ’ਤੇ ਵਰ੍ਹਦਿਆਂ ਚੰਨੀ ਨੇ ਕਿਹਾ ਕਿ ਪੰਜਾਬੀ ਬਹੁਤ ਸੂਝਵਾਨ ਹਨ ਅਤੇ ਉਨ੍ਹਾਂ ਨੂੰ ਝੂਠੇ ਵਾਅਦਿਆਂ ਨਾਲ ਮੂਰਖ ਨਹੀਂ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੁਲਕ ਦਾ ਪਹਿਲਾ ਸੂਬਾ ਹੈ ਜਿੱਥੇ ਸਭ ਤੋਂ ਸਸਤੀ ਬਿਜਲੀ ਹੈ।

ਇਸ ਮੌਕੇ ਜਗਰਾਉਂ ਹਲਕੇ ਤੋਂ ਅਕਾਲੀ ਟਿਕਟ ’ਤੇ 2017 ਦੀ ਵਿਧਾਨ ਸਭਾ ਚੋਣ ਲੜ ਚੁੱਕੀ ਸੀਨੀਅਰ ਆਗੂ ਸਰਬਜੀਤ ਕੌਰ ਸਾਹੋਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨਿਹਾਲ ਸਿੰਘ ਵਾਲਾ ਤੋਂ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਆਪਣੇ ਸਮਰਥਕਾਂ ਸਮੇਤ ਮੁੱਖ ਮੰਤਰੀ ਦੀ ਹਾਜ਼ਰੀ ’ਚ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ। ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਡਾ. ਅਮਰ ਸਿੰਘ ਸਣੇ ਹੋਰ ਕਈਆਂ ਨੇ ਰੈਲੀ ਨੂੰ ਸੰਬੋਧਨ ਕੀਤਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੰਗੇ ਸਮਾਜ ਦੀ ਸਿਰਜਣਾ ਲਈ ਸਿੱਖਿਆ ਦੀ ਅਹਿਮ ਭੂਮਿਕਾ: ਰਾਜਪਾਲ
Next articleChhattisgarh CM demands 5.25L gunny bags for purchase of paddy