ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਚੋਣਾਂ ਲਈ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਇੱਥੇ ਕਿਹਾ ਕਿ ਐਤਕੀਂ ਕਾਂਗਰਸ ਮੈਨੀਫੈਸਟੋ ’ਚ ਖੇਤੀ ਅਤੇ ਰੁਜ਼ਗਾਰ ’ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਚੋਣ ਮਨੋਰਥ ਪੱਤਰ ਸਮਾਜ ਦੇ ਸਾਰੇ ਵਰਗਾਂ ਦੀਆਂ ਉਮੀਦਾਂ ਦੀ ਤਰਜਮਾਨੀ ਕਰੇਗਾ। ਉਨ੍ਹਾਂ ਕਿਹਾ ਕਿ ਲੋਕ ਰਾਇ ਨਾਲ ਹੀ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾ ਰਿਹਾ ਹੈ। ਰਾਜ ਸਭਾ ਮੈਂਬਰ ਬਾਜਵਾ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਮੈਨੀਫੈਸਟੋ ਦਾ ਕੇਂਦਰ ਬਿੰਦੂ ਵੀ ਖੇਤੀ ਹੀ ਰਹੇਗਾ ਤੇ ਖੇਤੀ ਵਿਭਿੰਨਤਾ ’ਤੇ ਜ਼ੋਰ ਦਿੱਤਾ ਜਾਵੇਗਾ ਤਾਂ ਜੋ ਕਿਸਾਨ ਕਣਕ-ਝੋਨੇ ਦੇ ਗੇੜ ’ਚੋਂ ਨਿਕਲਣ। ਉਨ੍ਹਾਂ ਪੰਜਾਬ ਅੰਦਰ ਇੱਕ ਹੋਰ ਕ੍ਰਾਂਤੀ ਲਿਆਉਣ ’ਤੇ ਜ਼ੋਰ ਦਿੱਤਾ। ਬਾਜਵਾ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਕਾਂਗਰਸ ਦੀ ਦੂਸਰੀ ਸਭ ਤੋਂ ਵੱਡੀ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਕਰੀਅਰ ਦੀ ਭਾਲ ਵਿਚ ਪੰਜਾਬੀ ਨੌਜਵਾਨ ਵਿਦੇਸ਼ ਜਾ ਰਿਹਾ ਹੈ।
ਇਸ ਤੋਂ ਇਲਾਵਾ ਮੈਨੀਫੈਸਟੋ ਵਿਚ ਮਹਿਲਾ ਸਸ਼ਕਤੀਕਰਨ ’ਤੇ ਵੀ ਜ਼ੋਰ ਦਿੱਤਾ ਜਾਵੇਗਾ। ਪੰਜਾਬ ਦੇ ਸਨਅਤੀਕਰਨ ਸਬੰਧੀ ਨੁਕਤੇ ਵੀ ਮੈਨੀਫੈਸਟੋ ਵਿਚ ਸ਼ਾਮਲ ਕੀਤੇ ਜਾਣਗੇ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਮੈਨੀਫੈਸਟੋ ਨਵਜੋਤ ਸਿੱਧੂ ਦੇ ਪੰਜਾਬ ਮਾਡਲ ’ਤੇ ਆਧਾਰਿਤ ਹੋਵੇਗਾ ਤਾਂ ਬਾਜਵਾ ਨੇ ਕਿਹਾ ਕਿ ਸਾਰਿਆਂ ਦੇ ਮਸ਼ਵਰੇ ਨਾਲ ਮੈਨੀਫੈਸਟੋ ਤਿਆਰ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਚਿਹਰੇ ਦੇ ਐਲਾਨ ਬਾਰੇ ਬਾਜਵਾ ਨੇ ਕਿਹਾ ਕਿ ਹਾਈਕਮਾਨ ਨੇ ਸਾਂਝੀ ਕਮਾਨ ਹੇਠ ਪੰਜਾਬ ਚੋਣਾਂ ਵਿਚ ਉਤਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੰਗ ਵਿਚ ਇਕੱਲਾ ਜਰਨੈਲ ਨਹੀਂ ਹੁੰਦਾ ਅਤੇ ਸਾਰੇ ਰਲ ਕੇ ਲੜਦੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਮਗਰੋਂ ਵਿਧਾਨਕਾਰ ਪਾਰਟੀ ਦੀ ਮੀਟਿੰਗ ਵਿਚ ਮੁੱਖ ਮੰਤਰੀ ਦਾ ਫ਼ੈਸਲਾ ਹੋਵੇਗਾ। ਦਿੱਲੀ ਤੋਂ ‘ਆਪ’ ਦੇ ਸਾਬਕਾ ਵਿਧਾਇਕ ਆਦਰਸ਼ ਸ਼ਾਸਤਰੀ ਨੇ ਇਸ ਮੌਕੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਚੋਣਾਂ ਵਿਚ ਝੂਠ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਦਿੱਲੀ ਵਿਚ 20 ਹਜ਼ਾਰ ਅਧਿਆਪਕਾਂ ’ਚੋਂ ਇੱਕ ਵੀ ਪੱਕਾ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚਲਾਉਣ ਲਈ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਗਿਆ ਹੈ। ਸ਼ਾਸਤਰੀ ਨੇ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਉਹ ਐੱਸਵਾਈਐੱਲ ਦੇ ਮੁੱਦੇ ’ਤੇ ਆਪਣਾ ਸਟੈਂਡ ਸਪੱਸ਼ਟ ਕਰਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly